ਪਾਕਿਸਤਾਨੀ ਸਰਹੱਦ ਤੋਂ ਘੁਸਪੈਠ ਕਰ ਰਿਹਾ ਇੱਕ ਬੰਗਲਾਦੇਸ਼ੀ ਤੇ ਇੱਕ ਪਾਕਿਸਤਾਨੀ ਨਾਗਰਿਕ ਗ੍ਰਿਫ਼ਤਾਰ

ਏਜੰਸੀ

ਖ਼ਬਰਾਂ, ਪੰਜਾਬ

ਬੀਐਸਐਫ ਨੂੰ ਉਸ ਕੋਲੋਂ ਕੁਝ ਦਸਤਾਵੇਜ਼ ਵੀ ਮਿਲੇ ਹਨ। ਉਸ ਦੀ ਕਿਸੇ ਅੱਤਵਾਦੀ ਗਤੀਵਿਧੀ ਨਾਲ ਜੁੜੇ ਹੋਣ ਦੀ ਸੰਭਾਵਨਾ ਹੈ। 

File Photo

ਅੰਮ੍ਰਿਤਸਰ - ਬੀ.ਐਸ.ਐਫ ਦੇ ਜਵਾਨਾਂ ਨੇ ਪਾਕਿਸਤਾਨ ਦੀ ਸਰਹੱਦ ਨਾਲ ਲੱਗਦੇ ਅੰਮ੍ਰਿਤਸਰ ਸੈਕਟਰ ਭਾਰਤ ਵਿਚ ਘੁਸਪੈਠ ਕਰ ਰਹੇ ਇੱਕ ਵਿਅਕਤੀ ਨੂੰ ਕਾਬੂ ਕੀਤਾ। ਬੀਤੀ ਰਾਤ ਇਸ ਘੁਸਪੈਠੀਏ ਨੇ ਚੁੱਪ ਦਾ ਫਾਇਦਾ ਉਠਾਉਂਦੇ ਹੋਏ ਭਾਰਤੀ ਸਰਹੱਦ ਵਿਚ ਦਾਖਲ ਹੋਣ ਦੀ ਕੋਸ਼ਿਸ਼ ਕੀਤੀ, ਇਸੇ ਦੌਰਾਨ ਗਸ਼ਤ 'ਤੇ ਤਾਇਨਾਤ ਬੀ.ਐਸ.ਐਫ ਦੇ ਜਵਾਨਾਂ ਨੇ ਵਿਅਕਤੀ 'ਤੇ ਗੋਲੀ ਚਲਾ ਦਿੱਤੀ ਅਤੇ ਉਸ ਨੂੰ ਹਿਰਾਸਤ 'ਚ ਲੈ ਲਿਆ। ਪੁਛਗਿੱਛ ਤੋਂ ਬਾਅਦ ਪਤਾ ਲੱਗਾ ਕਿ ਘੁਸਪੈਠੀਆ ਬੰਗਲਾਦੇਸ਼ੀ ਨਾਗਰਿਕ ਹੈ। ਘੁਸਪੈਠੀਏ ਤੋਂ ਹੋਰ ਪੁੱਛਗਿੱਛ ਕੀਤੀ ਜਾ ਰਹੀ ਹੈ। 

ਇਸ ਦੇ ਨਾਲ ਹੀ ਦੱਸ ਦਈਏ ਕਿ ਬੀਤੀ ਰਾਤ ਹੀ ਗੁਰਦਾਸਪੁਰ ਸੈਕਟਰ ਦੇ ਨਿੱਕਾ ਇਲਾਕੇ ਤੋਂ ਕੌਮਾਂਤਰੀ ਸਰਹੱਦ ਪਾਰ ਕਰਕੇ ਭਾਰਤ ਵਿਚ ਦਾਖ਼ਲ ਹੋਣ ਦੀ ਕੋਸ਼ਿਸ਼ ਕਰ ਰਹੇ ਪਾਕਿਸਤਾਨੀ ਨਾਗਰਿਕ ਨੂੰ ਵੀ ਬੀਐਸਐਫ ਦੇ ਜਵਾਨਾਂ ਨੇ ਹਿਰਾਸਤ ਵਿਚ ਲੈ ਲਿਆ ਸੀ। ਬੀਐਸਐਫ ਵੱਲੋਂ ਕੀਤੀ ਗਈ ਪੁੱਛਗਿੱਛ ਵਿੱਚ ਫੜੇ ਗਏ ਪਾਕਿਸਤਾਨੀ ਨਾਗਰਿਕ ਨੇ ਆਪਣਾ ਨਾਮ ਅਮੀਰ ਰਜ਼ਾ ਦੱਸਿਆ।

 

ਕੌਮਾਂਤਰੀ ਸਰਹੱਦ ਪਾਰ ਕਰਕੇ ਭਾਰਤ ਵਿਚ ਘੁਸਪੈਠ ਕਰ ਰਹੇ ਆਮਿਰ ਨੇ ਪੁੱਛਗਿੱਛ ਦੌਰਾਨ ਦੱਸਿਆ ਕਿ ਉਹ ਪਾਕਿਸਤਾਨ ਦੇ ਸਿਆਲਕੋਟ ਦਾ ਰਹਿਣ ਵਾਲਾ ਹੈ। ਉਸ ਨੇ ਬੀਐਸਐਫ ਅਧਿਕਾਰੀਆਂ ਦੇ ਕਈ ਸਵਾਲਾਂ ਦਾ ਜਵਾਬ ਨਹੀਂ ਦਿੱਤਾ। ਬੀਐਸਐਫ ਨੂੰ ਉਸ ਕੋਲੋਂ ਕੁਝ ਦਸਤਾਵੇਜ਼ ਵੀ ਮਿਲੇ ਹਨ। ਉਸ ਦੀ ਕਿਸੇ ਅੱਤਵਾਦੀ ਗਤੀਵਿਧੀ ਨਾਲ ਜੁੜੇ ਹੋਣ ਦੀ ਸੰਭਾਵਨਾ ਹੈ।