ਕਰਫ਼ਿਊ ਦੌਰਾਨ ਫ਼ੀਸ ਮੰਗਣ ਵਾਲੇ ਤਿੰਨ ਹੋਰ ਨਿਜੀ ਸਕੂਲਾਂ ਨੂੰ ਕਾਰਨ ਦੱਸੋ ਨੋਟਿਸ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਕਰਫ਼ਿਊ ਦੌਰਾਨ ਵਿਦਿਆਰਥੀਆਂ ਦੇ ਮਾਪਿਆਂ ਤੋਂ ਫ਼ੀਸ ਮੰਗਣ ਵਾਲੇ ਜ਼ਿਲ੍ਹੇ ਦੇ 3 ਹੋਰ ਸਕੂਲਾਂ ਨੂੰ ਸਿਖਿਆ ਵਿਭਾਗ ਵਲੋਂ ਬੁਧਵਾਰ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤੇ

File Photo

ਐਸ.ਏ.ਐਸ. ਨਗਰ, 8 ਮਾਰਚ (ਸੁਖਵਿੰਦਰ ਸਿੰਘ ਸ਼ਾਨ) : ਕਰਫ਼ਿਊ ਦੌਰਾਨ ਵਿਦਿਆਰਥੀਆਂ ਦੇ ਮਾਪਿਆਂ ਤੋਂ ਫ਼ੀਸ ਮੰਗਣ ਵਾਲੇ ਜ਼ਿਲ੍ਹੇ ਦੇ 3 ਹੋਰ ਸਕੂਲਾਂ ਨੂੰ ਸਿਖਿਆ ਵਿਭਾਗ ਵਲੋਂ ਬੁਧਵਾਰ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤੇ ਗਏ ਹਨ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਵੀ ਜ਼ਿਲ੍ਹੇ ਦੇ 6 ਸਕੂਲਾਂ ਨੂੰ ਅਜਿਹੇ ਨੋਟਿਸ ਜਾਰੀ ਕੀਤੇ ਜਾ ਚੁਕੇ ਹਨ।

ਇਸ ਸਬੰਧੀ ਸਿਖਿਆ ਮੰਤਰੀ ਪੰਜਾਬ ਵਿਜੈ ਇੰਦਰ ਸਿੰਗਲਾ ਨੇ ਦਸਿਆ ਕਿ ਅੱਜ ਦੂਨ ਇੰਟਰਨੈਸ਼ਨਲ ਸਕੂਲ ਮੋਹਾਲੀ, ਏ.ਟੀ.ਐਸ. ਵੈਲੀ ਸਕੂਲ ਡੇਰਾਬੱਸੀ ਅਤੇ ਲਾਰੈਂਸ ਸੀਨੀਅਰ ਸੈਕੰਡਰੀ ਸਕੂਲ ਮੋਹਾਲੀ ਨੂੰ 7 ਦਿਨਾਂ ਦੇ ਅੰਦਰ-ਅੰਦਰ ਅਪਣਾ ਜਵਾਬ ਦੇਣ ਲਈ ਨੋਟਿਸ ਭੇਜਿਆ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾਂ ਵੀ ਦ ਗੁਰੂਕੁਲ ਵਰਲਡ ਸਕੂਲ ਜ਼ੀਰਕਪੁਰ ਤੇ ਮੋਹਾਲੀ ਤੋਂ ਇਲਾਵਾ ਮੋਹਾਲੀ ਵਿਚ ਸਥਿਤ ਮਾਨਵ ਮੰਗਲ ਸਮਾਰਟ ਸਕੂਲ, ਸ਼ਿਸ਼ੂ ਨਿਕੇਤਨ ਪਬਲਿਕ ਸਕੂਲ, ਸੀਸਮ ਸਟਰੀਟ ਸਕੂਲ ਸੈਕਟਰ 114 ਅਤੇ ਦਿਕਸ਼ਾਂਤ ਇੰਟਰਨੈਸ਼ਨਲ ਸਕੂਲ ਜ਼ੀਰਕਪੁਰ ਨੂੰ ਪੰਜਾਬ ਸਰਕਾਰ ਦੀਆਂ ਹਦਾਇਤਾਂ ਦੀ ਉਲੰਘਣਾ ਲਈ ਨੋਟਿਸ ਭੇਜੇ ਜਾ ਚੁਕੇ ਹਨ। 

ਕੈਬਨਿਟ ਮੰਤਰੀ ਨੇ ਹਦਾਇਤ ਕੀਤੀ ਕਿ ਤਾਲਾਬੰਦੀ ਖ਼ਤਮ ਹੋਣ ਤਕ ਸਕੂਲਾਂ ਵਲੋਂ ਅਗਲੇ ਅਕਾਦਮਿਕ ਸਾਲ ਲਈ ਬਸਾਂ ਦੇ ਕਿਰਾਏ ਅਤੇ ਕਿਤਾਬਾਂ ਦਾ ਖ਼ਰਚਾ ਨਾ ਵਸੂਲਿਆ ਜਾਵੇ। ਉਨ੍ਹਾਂ ਕਿਹਾ ਕਿ ਉਕਤ ਸਕੂਲਾਂ ਤੋਂ ਇਲਾਵਾ ਜੇਕਰ ਕੋਈ ਹੋਰ ਸਕੂਲ ਵੀ ਕਰਫਿਊ ਦੌਰਾਨ ਫ਼ੀਸ ਦੀ ਮੰਗ ਕਰਦਾ ਹੈ ਤਾਂ ਵਿਦਿਆਰਥੀ ਜਾਂ ਉਨ੍ਹਾਂ ਦੇ ਮਾਪੇ ਆਪਣੀ ਸ਼ਿਕਾਇਤ ਸਿੱਧਾ ਉਨ੍ਹਾਂ ਨੂੰ ਈ-ਮੇਲ, vijayindersingla@gmail.com 'ਤੇ ਭੇਜ ਸਕਦੇ ਹਨ।