ਜਿਸ ਦੇਸ਼ ਦਾ ਰਾਜਾ ਮਨਮਰਜ਼ੀਆਂ ਕਰਨ ਲੱਗ ਜਾਵੇ ਉਹ ਦੇਸ਼ ਲਈ ਘਾਤਕ ਸਿੱਧ ਹੁੰਦਾ ਹੈ : ਗੁਰਨਾਮ ਚੜੂਨੀ
ਵਾਹਿਗੁਰੂ ਦੀ ਅਪਾਰ ਕਿਰਪਾ ਨਾਲ ਮੋਰਚਾ ਚੜ੍ਹਦੀ ਕਲਾ ਵਿਚ ਹੈ- ਕਿਸਾਨ ਆਗੂ
ਅੰਮ੍ਰਿਤਸਰ (ਨਿਰਮਲ ਸਿੰਘ ਚੋਹਾਨ) : ਕੇਂਦਰ ਦੀ ਭਾਜਪਾ ਸਰਕਾਰ ਆਏ ਦਿਨ ਕਿਸਾਨੀ ਅੰਦੋਲਨ ਨੂੰ ਕਮਜ਼ੋਰ ਕਰਨ ਲਈ ਸਾਜਿਸ਼ਾਂ ਰਚਦੀ ਰਹਿੰਦੀ ਹੈ ਪਰ ਉਨ੍ਹਾਂ ਦੀ ਇਹ ਚਾਲ ਕਾਮਯਾਬ ਨਹੀਂ ਹੋਵੇਗੀ ਪਰ ਜਿਸ ਦੇਸ਼ ਦਾ ਰਾਜਾ ਹੀ ਅਪਣੀਆਂ ਮਨਮਰਜ਼ੀਆਂ ਕਰਨ ਲੱਗ ਜਾਵੇ ਉਹ ਦੇਸ਼ ਅਤੇ ਜਨਤਾ ਵਾਸਤੇ ਘਾਤਕ ਸਿੱਧ ਹੁੰਦਾ ਹੈ।
ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸਾਂਝਾ ਕਿਸਾਨ ਮੋਰਚਾ ਦੇ ਆਗੂ ਗੁਰਨਾਮ ਸਿੰਘ ਚੜੂਨੀ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਕਿਸਾਨ ਸੰਘਰਸ਼ ਦੀ ਚੜ੍ਹਦੀ ਕਲਾ ਦੀ ਅਰਦਾਸ ਕਰਨ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਸਾਂਝਾ ਕਿਸਾਨ ਮੋਰਚਾ ਹਰਿਆਣਾ ਦੇ ਆਗੂ ਗੁਰਨਾਮ ਸਿੰਘ ਚੜੂਨੀ ਸਚਖੰਡ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਪਹੁੰਚੇ ਜਿਥੇ ਉਨ੍ਹਾਂ ਵਲੋਂ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਕਿਸਾਨੀ ਸੰਘਰਸ਼ ਦੀ ਚੜ੍ਹਦੀ ਕਲਾ ਵਾਸਤੇ ਅਰਦਾਸ ਕੀਤੀ।
ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਚੜੂਨੀ ਨੇ ਕਿਹਾ ਕਿ ਵਾਹਿਗੁਰੂ ਦੀ ਅਪਾਰ ਕਿਰਪਾ ਨਾਲ ਮੋਰਚਾ ਚੜ੍ਹਦੀ ਕਲਾ ਵਿਚ ਹੈ। ਅਸੀ ਅੱਜ ਕਿਸਾਨੀ ਸੰਘਰਸ਼ ਦੀ ਚੜ੍ਹਦੀ ਕਲਾ ਵਾਸਤੇ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਪਹੁੰਚੇ ਹਾਂ ਅਤੇ ਦੇਸ਼ ਵਿਆਪੀ ਕਿਸਾਨੀ ਸੰਘਰਸ਼ ਵਾਹਿਗੁਰੂ ਦੀ ਮੇਹਰ ਸਦਕਾ ਇੰਨੇ ਲੰਮੇ ਸਮੇਂ ਤੋਂ ਚੱਲ ਰਿਹਾ ਹੈ।
ਕੋਰੋਨਾ ਮਹਾਮਾਰੀ ਸਬੰਧੀ ਉਨ੍ਹਾਂ ਕਿਹਾ ਕਿ ਕੋਰੋਨਾ ਕੋਈ ਬੀਮਾਰੀ ਨਹੀਂ ਸਗੋਂ ਇਕ ਰਾਜਨੀਤਕ ਬੀਮਾਰੀ ਹੈ ਜੋ ਭਾਜਪਾ ਦੇ ਇਸ਼ਾਰੇ ਨਾਲ ਜਦੋਂ ਮਰਜ਼ੀ ਜਿਥੇ ਕਹਿਣ ਪਹੁੰਚ ਜਾਂਦੀ ਹੈ। ਇਸ ਮੌਕੇ ਉਨ੍ਹਾਂ ਦਾ ਸ੍ਰੀ ਦਰਬਾਰ ਸਾਹਿਬ ਵਿਖੇ ਪਹੁੰਚਣ ’ਤੇ ਸੂਚਨਾ ਕੇਂਦਰ ਵਿਚ ਦਰਬਾਰ ਸਾਹਿਬ ਦੇ ਮੈਨੇਜਰ ਗੁਰਿੰਦਰ ਸਿੰਘ ਨਿਸ਼ਾਨ ਸਿੰਘ ਬਘੇਲ ਸਿੰਘ ਸੂਚਨਾ ਅਧਿਕਾਰੀ ਜਸਵਿੰਦਰ ਸਿੰਘ ਜੱਸੀ ਅੰਮ੍ਰਿਤਪਾਲ ਸਿੰਘ ਹਰਿੰਦਰ ਸਿੰਘ ਰੋਮੀ ਨੇ ਸਨਮਾਨ ਕੀਤਾ।