CM ਭਗਵੰਤ ਮਾਨ ਨੇ SGPC ਨੂੰ ਲਿਖੀ ਚਿੱਠੀ, ਗੁਰਬਾਣੀ ਪ੍ਰਸਾਰਣ ਦੀ ਮੰਗੀ ਇਜਾਜ਼ਤ 

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

'ਸਰਬ ਸਾਂਝੀ ਗੁਰਬਾਣੀ ਦੇ ਦੁਨੀਆ ਭਰ ਵਿਚ ਪ੍ਰਚਾਰ ਅਤੇ ਪਾਸਾਰ ਲਈ ਆਧੁਨਿਕ ਤਕਨੀਕਾਂ ਸਥਾਪਿਤ ਕਰਨ ਦੀ ਇਜਾਜ਼ਤ ਦਿਤੀ ਜਾਵੇ'

CM Bhagwant Mann

ਚੰਡੀਗੜ੍ਹ : ਸ੍ਰੀ ਦਰਬਾਰ ਸਾਹਿਬ ਤੋਂ ਗੁਰਬਾਣੀ ਦੇ ਪ੍ਰਸਾਰਣ ਦਾ ਖਰਚਾ ਹਰ ਤਰ੍ਹਾਂ ਨਾਲ ਚੁੱਕਣ ਦੇ ਐਲਾਨ ਤੋਂ ਬਾਅਦ ਅੱਜ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਨੂੰ ਚਿਠੀ ਲਿਖ ਕੇ ਬੇਨਤੀ ਕੀਤੀ ਹੈ ਕਿ ਗੁਰਬਾਣੀ ਦੇ ਦੁਨੀਆ ਭਰ ਵਿਚ ਪ੍ਰਚਾਰ ਅਤੇ ਪਾਸਾਰ ਲਈ ਆਧੁਨਿਕ ਪ੍ਰਸਾਰਣ ਤਕਨੀਕ ਸਥਾਪਿਤ ਕਰਨ ਦੀ ਪੰਜਾਬ ਸਰਕਾਰ ਨੂੰ ਇਜਾਜ਼ਤ ਦਿੱਤੀ ਜਾਵੇ।  

ਇਸ ਸਬੰਧੀ ਮੁੱਖ ਮੰਤਰੀ ਮਾਨ ਨੇ ਆਪਣੇ ਪੱਤਰ ਵਿੱਚ ਲਿਖਿਆ ਕਿ ਮੈਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸ.ਜੀ.ਪੀ.ਸੀ.) ਨੂੰ ਬੇਨਤੀ ਕਰਦਾ ਹਾਂ ਕਿ ਵਿਸ਼ਵ ਭਰ ਵਿੱਚ ਗੁਰਬਾਣੀ ਦੇ ਪ੍ਰਚਾਰ ਅਤੇ ਪ੍ਰਸਾਰ ਲਈ ਪੰਜਾਬ ਸਰਕਾਰ ਨੂੰ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ ਵਿਖੇ ਆਧੁਨਿਕ ਪ੍ਰਸਾਰਣ ਸੰਚਾਰ ਤਕਨੀਕ ਸਥਾਪਤ ਕਰਨ ਦੀ ਇਜਾਜ਼ਤ ਦਿੱਤੀ ਜਾਵੇ ਤਾਂ ਜੋ ਗੁਰਬਾਣੀ ਦੇ ਪਵਿੱਤਰ ਸੰਦੇਸ਼ ਨੂੰ ਦੁਨੀਆਂ ਭਰ ਦੇ ਲੋਕਾਂ ਤੱਕ ਪਹੁੰਚਾਇਆ ਜਾ ਸਕੇ।

ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਸਰਕਾਰ ਇਸ ਕਾਰਜ ਲਈ ਸ਼੍ਰੋਮਣੀ ਕਮੇਟੀ ਵੱਲੋਂ ਸੌਂਪੀਆਂ ਸਾਰੀਆਂ ਸੇਵਾਵਾਂ ਨਿਭਾਉਣ ਤੋਂ ਇਲਾਵਾ ਸਾਰਾ ਖਰਚਾ ਚੁੱਕਣ ਲਈ ਤਿਆਰ ਹੈ।

ਸੀਐਮ ਮਾਨ ਨੇ ਆਪਣੇ ਪੱਤਰ ਵਿੱਚ ਅੱਗੇ ਲਿਖਿਆ ਹੈ ਕਿ ਅੱਜ ਸਮੇਂ ਦੀ ਲੋੜ ਹੈ ਕਿ ਗੁਰਬਾਣੀ ਦੇ ਸੰਦੇਸ਼ ਨੂੰ ਦੁਨੀਆਂ ਦੇ ਕੋਨੇ-ਕੋਨੇ ਤੱਕ ਪਹੁੰਚਾਇਆ ਜਾਵੇ ਅਤੇ ਸੱਚਖੰਡ ਸ੍ਰੀ ਦਰਬਾਰ ਸਾਹਿਬ ਤੋਂ ਗੁਰਬਾਣੀ ਕੀਰਤਨ ਨੂੰ ਇੱਕ ਮਾਧਿਅਮ ਤੱਕ ਸੀਮਤ ਕਰਨ ਦੀ ਬਜਾਏ ਸੈਟੇਲਾਈਟ ਟੀਵੀ ਦੀ ਵਰਤੋਂ ਕੀਤੀ ਜਾਵੇ।