Punjab News : ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਪੰਜਾਬ ਰੋਡਵੇਜ ਪਨਬੱਸ/ਪੀ.ਆਰ.ਟੀ.ਸੀ ਕੰਟਰੈਕਟ ਵਰਕਰਜ਼ ਯੂਨੀਅਨ ਨਾਲ ਮੀਟਿੰਗ
Punjab News : ਜਾਇਜ਼ ਮੰਗਾਂ ਨੂੰ ਜਲਦ ਹੱਲ ਕਰਨ ਦਾ ਦਿੱਤਾ ਭਰੋਸਾ
Punjab News in Punjabi : ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਪੰਜਾਬ ਰੋਡਵੇਜ ਪਨਬੱਸ/ਪੀ.ਆਰ.ਟੀ.ਸੀ ਕੰਟਰੈਕਟ ਵਰਕਰਜ਼ ਯੂਨੀਅਨ ਨਾਲ ਮੀਟਿੰਗ ਕਰਕੇ ਉਨ੍ਹਾਂ ਦੀਆਂ ਮੰਗਾਂ ਸਬੰਧੀ ਵਿਸਥਾਰ ਵਿੱਚ ਚਰਚਾ ਕਰਦਿਆਂ ਇਨ੍ਹਾਂ ਨੂੰ ਜਲਦੀ ਹੱਲ ਕਰਨ ਦਾ ਭਰੋਸਾ ਦਿੱਤਾ।
ਇਥੇ ਪੰਜਾਬ ਸਕੱਤਰੇਤ ਵਿੱਚ ਆਪਣੇ ਦਫਤਰ ਵਿਖੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਅਤੇ ਵਧੀਕ ਮੁੱਖ ਸਕੱਤਰ (ਟਰਾਂਸਪੋਰਟ) ਡੀ.ਕੇ. ਤਿਵਾੜੀ ਦੀ ਹਾਜਰੀ ਵਿੱਚ ਮੁਲਾਕਾਤ ਦੌਰਾਨ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਯੂਨੀਅਨ ਆਗੂਆਂ ਨੂੰ ਵਿਸ਼ਵਾਸ ਦਿਵਾਇਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਆਪਣੇ ਕਰਮਚਾਰੀਆਂ ਦੀ ਭਲਾਈ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਮੁਲਾਜ਼ਮਾਂ ਨਾਲ ਸਬੰਧਤ ਮਸਲਿਆਂ ਦੇ ਹੱਲ ਲਈ ਉਨ੍ਹਾਂ ਦੀ ਅਗਵਾਈ ਹੇਠ ਬਣੀ ਕੈਬਨਿਟ ਸਬ-ਕਮੇਟੀ ਵੱਲੋਂ ਵੱਡੀ ਗਿਣਤੀ ਵਿੱਚ ਕੰਟਰੈਕਟ ਅਧਾਰਤ ਕੰਮ ਕਰ ਰਹੇ ਮੁਲਾਜ਼ਮਾਂ ਦੀਆਂ ਸੇਵਾਵਾਂ ਨੂੰ ਰੈਗੂਲਰ ਕਰਨ ਲਈ ਅਜਿਹੀ ਨੀਤੀ ਅਪਣਾਈ ਗਈ ਜਿਸ ਤਹਿਤ ਕਿਸੇ ਵੀ ਮੁਲਾਜ਼ਮ ਨੂੰ ਕਿਸੇ ਕਾਨੂੰਨੀ ਅੜਚਨ ਦਾ ਸਾਹਮਣਾ ਨਾ ਕਰਨਾ ਪਵੇ।
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਟਰਾਂਸਪੋਰਟ ਵਿਭਾਗ ਨੂੰ ਯੂਨੀਅਨ ਦੀਆਂ ਮੰਗਾਂ ਅਤੇ ਇਸ ਦੇ ਹੱਲ ਲਈ ਰਿਪੋਰਟ ਬਨਾਉਣ ਲਈ ਕਿਹਾ। ਉਨ੍ਹਾਂ ਟਰਾਂਸਪੋਰਟ ਵਿਭਾਗ ਨੂੰ ਯੂਨੀਅਨ ਨਾਲ ਹੋਣ ਵਾਲੀ ਅਗਲੀ ਮੀਟਿੰਗ ਵਿੱਚ ਇਸ ਸਬੰਧੀ ਰਿਪੋਰਟ ਪੇਸ਼ ਕਰਨ ਲਈ ਕਿਹਾ ਤਾਂ ਜੋ ਲੋੜੀਂਦੀ ਕਾਰਵਾਈ ਜਲਦ ਤੋਂ ਜਲਦ ਆਰੰਭ ਕੀਤੀ ਜਾ ਸਕੇ।
ਖੁਸ਼ਗਵਾਰ ਮਾਹੌਲ ਵਿੱਚ ਹੋਈ ਇਸ ਮੀਟਿੰਗ ਵਿੱਚ ਪੰਜਾਬ ਰੋਡਵੇਜ ਪਨਬੱਸ/ਪੀ.ਆਰ.ਟੀ.ਸੀ ਕੰਟਰੈਕਟ ਵਰਕਰਜ਼ ਯੂਨੀਅਨ ਦੇ ਸੂਬਾ ਪ੍ਰਧਾਨ ਰੇਸ਼ਮ ਸਿੰਘ ਗਿੱਲ, ਸੂਬਾ ਮੀਤ ਪ੍ਰਧਾਨ ਹਰਕੇਸ਼ ਕੁਮਾਰ ਵਿੱਕੀ ਅਤੇ ਜਨਰਲ ਸਕੱਤਰ ਸ਼ਮਸ਼ੇਰ ਸਿੰਘ ਢਿੱਲੋਂ ਅਤੇ ਯੂਨੀਅਨ ਦੇ ਹੋਰ ਆਗੂ ਤੇ ਵਰਕਰਜ਼ ਸ਼ਾਮਲ ਸਨ।
(For more news apart from Finance Minister Harpal Singh Cheema holds meeting with Punjab Roadways Punbus/PRTC Contract Workers Union News in Punjabi, stay tuned to Rozana Spokesman)