ਮਾਂ-ਦਿਵਸ ਮੌਕੇ ਧਰਤੀ-ਮਾਤਾ ਨੂੰ ਕਾਰਪੋਰੇਟ-ਘਰਾਣਿਆਂ ਦੀ ਲੁੱਟ ਤੋਂ ਬਚਾਉਣ ਲਈ ਸੰਘਰਸ਼ ਜਾਰੀ ਰੱਖਣ ਦਾ

ਏਜੰਸੀ

ਖ਼ਬਰਾਂ, ਪੰਜਾਬ

ਮਾਂ-ਦਿਵਸ ਮੌਕੇ ਧਰਤੀ-ਮਾਤਾ ਨੂੰ ਕਾਰਪੋਰੇਟ-ਘਰਾਣਿਆਂ ਦੀ ਲੁੱਟ ਤੋਂ ਬਚਾਉਣ ਲਈ ਸੰਘਰਸ਼ ਜਾਰੀ ਰੱਖਣ ਦਾ ਅਹਿਦ

image

ਦਿੱਲੀ ਦੇ ਕਿਸਾਨ-ਮੋਰਚਿਆਂ ਲਈ ਸੈਂਕੜੇ ਜਥੇ ਰਵਾਨਾ ਹੋਣਗੇ

ਚੰਡੀਗੜ੍ਹ, 9 ਮਈ (ਸੁਰਜੀਤ ਸਿੰਘ ਸੱਤੀ) : ਸੰਯੁਕਤ ਕਿਸਾਨ ਮੋਰਚਾ ’ਚ ਸ਼ਾਮਲ ਪੰਜਾਬ ਦੀਆਂ 32 ਕਿਸਾਨ-ਜਥੇਬੰਦੀਆਂ ਦੇ ਪੱਕੇ-ਧਰਨਿਆਂ ਦੇ 220ਵੇਂ ਦਿਨ ਵੀ ਜੋਸ਼ੋ-ਖ਼ਰੋਸ਼ ਨਾਲ ਜਾਰੀ ਰਹੇ। 3 ਖੇਤੀ ਕਾਨੂੰਨ, ਬਿਜਲੀ ਸੋਧ ਬਿਲ-2020 ਅਤੇ ਪਰਾਲੀ ਆਰਡੀਨੈਂਸ ਰੱਦ ਕਰਵਾਉਣ ਲਈ ਕਿਸਾਨਾਂ ਦਾ ਜ਼ਜ਼ਬਾ ਬਰਕਰਾਰ ਹੈ। ਕਿਸਾਨੀ-ਧਰਨਿਆਂ ’ਚ ‘ਮਾਂ-ਦਿਵਸ’ ਮੌਕੇ ਧਰਤੀ-ਮਾਤਾ ਨੂੰ ਕਾਰਪੋਰੇਟ-ਘਰਾਣਿਆਂ ਦੀ ਲੁੱਟ ਤੋਂ ਬਚਾਉਣ ਲਈ ਸੰਘਰਸ਼ ਜਾਰੀ ਰੱਖਣ ਦਾ ਅਹਿਦ ਲਿਆ ਗਿਆ। 
ਅੱਜ 10 ਮਈ ਅਤੇ 12 ਮਈ ਨੂੰ ਖਨੌਰੀ ਅਤੇ ਸ਼ੰਭੂ ਰਸਤਿਉਂ ਕਿਸਾਨਾਂ ਦੇ ਸੈਂਕੜੇ ਜਥੇ ਦਿੱਲੀ ਦੇ ਕਿਸਾਨ-ਮੋਰਚਿਆਂ ਲਈ ਰਵਾਨਾ ਹੋਣਗੇ। ਭਾਰਤੀ ਕਿਸਾਨ ਯੂਨੀਅਨ-ਏਕਤਾ (ਡਕੌਂਦਾ) ਦੇ ਪ੍ਰਧਾਨ ਬੂਟਾ ਸਿੰਘ ਬੁਰਜਗਿੱਲ ਨੇ ਕਿਹਾ ਕਿ 400 ਦੇ ਕਰੀਬ ਕਿਸਾਨ ਸ਼ਹੀਦ ਹੋ ਚੁੱਕੇ ਹਨ, ਪਰ ਕੇਂਦਰ-ਸਰਕਾਰ ਵਲੋਂ ਅੰਦੋਲਨ ਪ੍ਰਤੀ ਧਾਰੀ ਬੇਰੁਖੀ ਸਾਬਤ ਕਰਦੀ ਹੈ ਕਿ ਸਰਕਾਰ ਕਾਰਪੋਰੇਟ ਸੈਕਟਰ ਦੇ ਪੱਖ ’ਚ ਖੜੀ ਹੈ।  ਪੰਜਾਬ ਭਰ ’ਚ 108 ਥਾਵਾਂ ’ਤੇ ਜਿਨ੍ਹਾਂ ਟੋਲ-ਪਲਾਜ਼ਿਆਂ, ਰਿਲਾਇੰਸ ਪੰਪਾਂ, ਕਾਰਪੋਰੇਟ ਮਾਲਜ਼, ਰੇਲਵੇ ਪਾਰਕਾਂ, ਅਡਾਨੀਆਂ ਦੀ ਖੁਸ਼ਕ ਬੰਦਰਗਾਹ ਅਤੇ ਭਾਜਪਾ ਆਗੂਆਂ ਦੇ ਘਰਾਂ ਸਾਹਮਣੇ ਜਾਰੀ ਧਰਨਿਆਂ ’ਚ ਲਗਾਤਾਰ ਕੇਂਦਰ-ਸਰਕਾਰ ਵਿਰੁਧ ਨਾਹਰੇ ਗੂੰਜ ਰਹੇ ਹਨ। 10 ਅਤੇ 12 ਮਈ ਨੂੰ ਖਨੌਰੀ ਅਤੇ ਸ਼ੰਭੂ ਰਸਤਿਉਂ ਦਿੱਲੀ ਜਾਣ ਲਈ ਕਿਸਾਨ-ਜਥੇਬੰਦੀਆਂ ਵਲੋਂ ਪਿੰਡਾਂ ’ਚ ਲਾਮਬੰਦੀ ਕੀਤੀ ਜਾ ਰਹੀ ਹੈ। ਕਿਸਾਨ-ਆਗੂਆਂ ਨੇ ਕਿਹਾ ਕਿ ਕੇਂਦਰ-ਸਰਕਾਰ ਦੀ ਬੇਰੁਖੀ ਵੇਖਦਿਆਂ ਕਿਸਾਨਾਂ ’ਚ ਰੋਸ ਲਗਾਤਾਰ ਵਧਦਾ ਜਾ ਰਿਹਾ ਹੈ ਅਤੇ ਕਿਸਾਨ ਖੇਤੀ-ਕਾਨੂੰਨ ਰੱਦ ਕਰਵਾਉਣ ਤਕ ਸੰਘਰਸ਼ ਨੂੰ ਜਾਰੀ ਰੱਖਣਗੇ।