ਕੈਪਟਨ ਨੇ ਸਕੂਲ ਸਿਖਿਆ ਵਿਭਾਗ ਨੂੰ ਪਹਿਲਾ ਸਥਾਨ ਮਿਲਣ ’ਤੇ ਦਿਤੀ ਵਧਾਈ

ਏਜੰਸੀ

ਖ਼ਬਰਾਂ, ਪੰਜਾਬ

ਕੈਪਟਨ ਨੇ ਸਕੂਲ ਸਿਖਿਆ ਵਿਭਾਗ ਨੂੰ ਪਹਿਲਾ ਸਥਾਨ ਮਿਲਣ ’ਤੇ ਦਿਤੀ ਵਧਾਈ

image

ਚੰਡੀਗੜ੍ਹ, 8 ਜੂਨ (ਭੁੱਲਰ) : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਾਲ 2019-20 ਲਈ ਕਾਰਗੁਜ਼ਾਰੀ ਗ੍ਰੇਡਿੰਗ ਇੰਡੈਕਸ (ਪੀ.ਜੀ.ਆਈ.) ਵਿਚ ਸਾਰੇ ਸੂਬਿਆਂ/ਕੇਂਦਰੀ ਸ਼ਾਸ਼ਤ ਪ੍ਰਦੇਸ਼ਾਂ ਵਿਚੋਂ ਪਹਿਲਾ ਸਥਾਨ ਹਾਸਲ ਕਰਨ ਉਤੇ ਸੂਬੇ ਦੇ ਸਕੂਲ ਸਿਖਿਆ ਵਿਭਾਗ ਨੂੰ ਵਧਾਈ ਦਿਤੀ ਹੈ। ਇਹ ਰੈਂਕਿੰਗ ਭਾਰਤ ਸਰਕਾਰ ਦੇ ਸਿਖਿਆ ਮੰਤਰਾਲੇ ਦੇ ਸਕੂਲ ਸਿਖਿਆ ਵਿਭਾਗ ਅਤੇ ਸਾਖਰਤਾ ਵਲੋਂ ਜਾਰੀ ਕੀਤੀ ਗਈ ਹੈ।
ਇਕ ਵਧਾਈ ਸੰਦੇਸ਼ ਵਿਚ ਕੈਪਟਨ ਅਮਰਿੰਦਰ ਸਿੰਘ ਨੇ ਇਸ ਵਿਲੱਖਣ ਪ੍ਰਾਪਤੀ ਲਈ ਸਖ਼ਤ ਮਿਹਨਤ ਅਤੇ ਵਚਨਬੱਧਤਾ ਦਾ ਪ੍ਰਗਟਾਵਾ ਕਰਨ ਲਈ ਅਧਿਆਪਕਾਂ, ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਦੀ ਸ਼ਲਾਘਾ ਕੀਤੀ ਹੈ ਜਿਸ ਨੇ ਹਰੇਕ ਪੰਜਾਬੀ ਦਾ ਸਿਰ ਮਾਣ ਨਾਲ ਉੱਚਾ ਕੀਤਾ ਹੈ। ਉਨ੍ਹਾਂ ਕਿਹਾ, “ਇਹ ਸੱਚਮੁੱਚ ਹੀ ਸ਼ਲਾਘਾਯੋਗ ਹੈ ਕਿ ਭਾਰਤ ਸਰਕਾਰ ਵਲੋਂ ਕਰਵਾਏ ਸਰਵੇ ਵਿਚ ਸੂਬਿਆਂ/ਕੇਂਦਰੀ ਸ਼ਾਸ਼ਤ ਪ੍ਰਦੇਸ਼ਾਂ ਵਿਚੋਂ ਪੰਜਾਬ ਨੇ ਸਿਖਰਲਾ ਸਥਾਨ ਹਾਸਲ ਕੀਤਾ ਹੈ ਜਿਸ ਤੋਂ ਸਕੂਲ ਸਿਖਿਆ ਦੀ ਕਾਇਆ-ਕਲਪ ਲਈ ਤੈਅ ਪੈਮਾਨਿਆਂ ਨੂੰ ਹਾਸਲ ਕਰਨ ਵਿਚ ਪੰਜਾਬ ਦੇ ਸਕੂਲਾਂ ਦੀ ਸ਼ਾਨਦਾਰ ਕਾਰਗੁਜ਼ਾਰੀ ਦਾ ਪ੍ਰਗਟਾਵਾ ਹੁੰਦਾ ਹੈ।” ਉਨ੍ਹਾਂ ਨੇ ਉਮੀਦ ਜ਼ਾਹਰ ਕੀਤੀ ਕਿ ਸੂਬੇ ਦੇ ਕੋਨੇ-ਕੋਨੇ ਵਿਚ ਮਿਆਰੀ ਸਕੂਲ ਸਿਖਿਆ ਮੁਹੱਈਆ ਕਰਵਾਉਣ ਲਈ ਸਾਰਿਆਂ ਵਲੋਂ ਹੋਰ ਵੀ ਉਤਸ਼ਾਹ ਅਤੇ ਸ਼ਿੱਦਤ ਨਾਲ ਕੰਮ ਕੀਤਾ ਜਾਵੇਗਾ।
ਮੁੱਖ ਮੰਤਰੀ ਨੇ ਇਸ ਮਾਣਮੱਤੀ ਪ੍ਰਾਪਤੀ ਲਈ ਸਿਖਿਆ ਮੰਤਰੀ ਵਿਜੇ ਇੰਦਰ ਸਿੰਗਲਾ ਦੀ ਸਮਰਪਤ ਭਾਵਨਾ ਅਤੇ ਯੋਗ ਰਹਿਨੁਮਾਈ ਅਤੇ ਸਕੂਲ ਸਿਖਿਆ ਦੇ ਸਕੱਤਰ ਕ੍ਰਿਸ਼ਨ ਕੁਮਾਰ ਦੀ ਅਹਿਮ ਯੋਗਦਾਨ ਦੀ ਭਰਵੀਂ ਸ਼ਲਾਘਾ ਕੀਤੀ। ਕੈਪਟਨ ਅਮਰਿੰਦਰ ਸਿੰਘ ਨੇ ਇਸ ਸ਼ਾਨਦਾਰ ਸਫਲਤਾ ਹਾਸਲ ਕਰਨ ਲਈ ਸਕੂਲ ਸਿਖਿਆ ਵਿਭਾਗ ਦੇ ਅਧਿਕਾਰੀਆਂ, ਅਧਿਆਪਨ ਅਤੇ ਗੈਰ-ਅਧਿਆਪਨ ਮੁਲਾਜ਼ਮਾਂ ਨੂੰ ਵੀ ਵਧਾਈ ਦਿਤੀ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਲਈ ਮਿਆਰੀ ਸਿਖਿਆ ਯਕੀਨੀ ਬਣਾਉਣ ਲਈ ਸੂਬਾ ਸਰਕਾਰ ਦੇ ਦ੍ਰਿੜ ਸੰਕਲਪ ਦੇ ਨਾਲ ਸਕੂਲ ਸਿਖਿਆ ਦੇ ਬੁਨਿਆਦੀ ਢਾਂਚੇ ਨੂੰ ਨਵੀਂ ਦਿੱਖ ਦਿਤੀ ਗਈ ਜਿਸ ਦੇ ਯੋਗਦਾਨ ਸਦਕਾ ਵਿਭਾਗ ਨੇ ਇਸ ਅਨੂਠੀ ਪ੍ਰਾਪਤੀ ਹਾਸਲ ਕੀਤੀ।