ਪੰਜਾਬ ਦੇ ਦਿੱਗਜ ਨੇਤਾਵਾਂ 'ਤੇ 2022 ਭਾਰੀ, ਹੁਣ ਤੱਕ ਸਿੱਧੂ ਸਮੇਤ 4 ਮੰਤਰੀ ਪਹੁੰਚੇ ਜੇਲ੍ਹ 'ਚ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਇਕ ਹੋਰ 'ਤੇ ਮਾਮਲਾ

Navjot Singh Sidhu

 

ਚੰਡੀਗੜ੍ਹ: ਪੰਜਾਬ ਦੇ ਸਿਆਸਤਦਾਨਾਂ 'ਤੇ 2022 ਭਾਰੀ ਪੈ ਰਿਹਾ ਹੈ। ਕਿਸੇ ਨੂੰ 34 ਸਾਲ ਪੁਰਾਣੇ ਰੋਡ ਰੇਜ ਕੇਸ ਵਿੱਚ ਜੇਲ੍ਹ ਜਾਣਾ ਪਿਆ ਅਤੇ ਕਿਸੇ ਨੂੰ ਨਸ਼ਾ ਤਸਕਰੀ ਵਿੱਚ। ਇੱਕ ਮੌਜੂਦਾ ਤੇ ਇੱਕ ਸਾਬਕਾ ਮੰਤਰੀ ਭ੍ਰਿਸ਼ਟਾਚਾਰ ਦੇ ਕੇਸ ਵਿੱਚ ਸਲਾਖਾਂ ਪਿੱਛੇ ਹੈ, ਤਾਂ ਤੀਜੇ ਸਾਬਕਾ ਮੰਤਰੀ ਦੀ ਜੇਲ੍ਹ ਜਾਣ ਦੀ ਤਿਆਰੀ ਹੈ।

 

 

 

ਬਿਕਰਮ ਸਿੰਘ ਮਜੀਠੀਆ
ਦਸੰਬਰ 2021 ਵਿੱਚ ਕਾਂਗਰਸ ਸਰਕਾਰ ਨੇ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਖ਼ਿਲਾਫ਼ ਐਨਡੀਪੀਐਸ ਐਕਟ ਤਹਿਤ ਪਰਚਾ ਦਰਜ ਕੀਤਾ ਸੀ। ਇਸ ਮਾਮਲੇ ਵਿੱਚ ਸੁਪਰੀਮ ਕੋਰਟ ਦੀਆਂ ਹਦਾਇਤਾਂ ’ਤੇ ਉਸ ਨੇ 22 ਫਰਵਰੀ ਨੂੰ ਮੁਹਾਲੀ ਅਦਾਲਤ ਵਿੱਚ ਆਤਮ ਸਮਰਪਣ ਕਰ ਦਿੱਤਾ ਸੀ। ਉਸ ਨੂੰ 23 ਫਰਵਰੀ ਨੂੰ ਪਟਿਆਲਾ ਕੇਂਦਰੀ ਜੇਲ੍ਹ ਭੇਜ ਦਿੱਤਾ ਗਿਆ ਸੀ।

 

ਨਵਜੋਤ ਸਿੰਘ ਸਿੱਧੂ
34 ਸਾਲ ਪੁਰਾਣੇ ਰੋਡ ਰੇਜ ਮਾਮਲੇ 'ਚ 19 ਮਈ ਨੂੰ ਸੁਪਰੀਮ ਕੋਰਟ ਨੇ ਨਵਜੋਤ ਸਿੰਘ ਸਿੱਧੂ ਨੂੰ ਇਕ ਸਾਲ ਦੀ ਸਜ਼ਾ ਸੁਣਾਈ ਸੀ। 20 ਮਈ ਨੂੰ ਸਿੱਧੂ ਨੂੰ ਪਟਿਆਲਾ ਦੀ ਕੇਂਦਰੀ ਜੇਲ੍ਹ ਭੇਜ ਦਿੱਤਾ ਗਿਆ ਸੀ। ਸਿੱਧੂ ਕਾਂਗਰਸ ਸਰਕਾਰ ਦੌਰਾਨ ਲੋਕਲ ਬਾਡੀਜ਼ ਮੰਤਰੀ ਅਤੇ ਬਾਅਦ ਵਿੱਚ ਕਾਂਗਰਸ ਦੇ ਸੂਬਾ ਪ੍ਰਧਾਨ ਬਣੇ।

 

ਵਿਜੇ ਸਿੰਗਲਾ
24 ਮਈ ਨੂੰ ਆਮ ਆਦਮੀ ਪਾਰਟੀ ਦੀ ਸਰਕਾਰ ਵਿੱਚ ਸਿਹਤ ਮੰਤਰੀ ਰਹੇ ਡਾਕਟਰ ਵਿਜੇ ਸਿੰਗਲਾ ਖ਼ਿਲਾਫ਼ ਉਸਾਰੀ ਦੇ ਕੰਮ ਲਈ 1.16 ਕਰੋੜ ਰੁਪਏ ਦੀ ਰਿਸ਼ਵਤ ਮੰਗਣ ਦੇ ਦੋਸ਼ ਹੇਠ ਪਰਚਾ ਦਰਜ ਕੀਤਾ ਗਿਆ ਸੀ। ਉਨ੍ਹਾਂ ਨੂੰ ਮੰਤਰੀ ਮੰਡਲ ਤੋਂ ਬਰਖਾਸਤ ਕਰ ਦਿੱਤਾ ਗਿਆ। ਡਾਕਟਰ ਵਿਜੇ ਸਿੰਗਲਾ ਇਨ੍ਹੀਂ ਦਿਨੀਂ ਜੇਲ੍ਹ ਵਿੱਚ ਹਨ।

 

ਸਾਧੂ ਸਿੰਘ ਧਰਮਸੋਤ
ਕਾਂਗਰਸ ਸਰਕਾਰ ਵਿੱਚ ਕੈਬਨਿਟ ਮੰਤਰੀ ਰਹਿ ਚੁੱਕੇ ਸਾਧੂ ਸਿੰਘ ਧਰਮਸੋਤ ਨੂੰ ਵਿਜੀਲੈਂਸ ਨੇ ਭ੍ਰਿਸ਼ਟਾਚਾਰ ਦੇ ਇੱਕ ਮਾਮਲੇ ਵਿੱਚ 7​ਮਈ ਨੂੰ ਗ੍ਰਿਫ਼ਤਾਰ ਕੀਤਾ ਸੀ। ਉਹ ਤਿੰਨ ਦਿਨ ਦੇ ਰਿਮਾਂਡ 'ਤੇ ਹੈ। ਸੰਗਤ ਸਿੰਘ ਗਿਲਜੀਆਂ ਵਿਜੀਲੈਂਸ ਨੇ ਕਾਂਗਰਸ ਸਰਕਾਰ ਵਿੱਚ ਕੈਬਨਿਟ ਮੰਤਰੀ ਰਹੇ ਸੰਗਤ ਸਿੰਘ ਗਿਲਜੀਆਂ ਖਿਲਾਫ ਵੀ ਭ੍ਰਿਸ਼ਟਾਚਾਰ ਦਾ ਕੇਸ ਦਰਜ ਕੀਤਾ ਹੈ। ਫਿਲਹਾਲ ਉਸ ਦੀ ਗ੍ਰਿਫਤਾਰੀ ਨਹੀਂ ਹੋਈ ਹੈ।

 

ਸਾਲ 2022 ਪੰਜਾਬ ਦੇ ਦਿੱਗਜ ਨੇਤਾਵਾਂ ਲਈ ਵੀ ਭਾਰੀ ਰਿਹਾ। ਦਰਅਸਲ ਇਸ ਵਾਰ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਸਾਰੇ ਦਿੱਗਜ ਆਗੂਆਂ ਨੂੰ ਹਾਰ ਦਾ ਮੂੰਹ ਦੇਖਣਾ ਪਿਆ ਹੈ। ਪ੍ਰਕਾਸ਼ ਸਿੰਘ ਬਾਦਲ, ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਚਰਨਜੀਤ ਸਿੰਘ ਚੰਨੀ, ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਸਮੇਤ ਜ਼ਿਆਦਾਤਰ ਦਿੱਗਜਾਂ ਨੂੰ ਹਾਰ ਦਾ ਸਾਹਮਣਾ ਕਰਨਾ ਪਿਆ।

ਸੂਬੇ 'ਚ ਪਹਿਲੀ ਵਾਰ ਭਾਰੀ ਬਹੁਮਤ ਨਾਲ ਆਮ ਆਦਮੀ ਪਾਰਟੀ ਦੀ ਸਰਕਾਰ ਬਣੀ ਹੈ। 117 ਮੈਂਬਰੀ ਵਿਧਾਨ ਸਭਾ 'ਚ ਆਮ ਆਦਮੀ ਪਾਰਟੀ ਨੇ 92 ਸੀਟਾਂ ਜਿੱਤੀਆਂ, ਜਦਕਿ ਕਾਂਗਰਸ 18 'ਤੇ ਸਿਮਟ ਕੇ ਰਹਿ ਗਈ। ਅਕਾਲੀ ਦਲ ਅਤੇ ਭਾਜਪਾ ਦੇ ਖਾਤੇ ਵਿੱਚ ਵੀ 2-2 ਸੀਟਾਂ ਆ ਗਈਆਂ ਹਨ।