ਪੰਜਾਬ ਯੂਨੀਵਰਸਿਟੀ ਦੇ ਕੇਂਦਰੀਕਰਨ ਵਿਰੁੱਧ ਵਿਦਿਆਰਥੀਆਂ ਵੱਲੋਂ ਭਾਰੀ ਰੋਸ-ਪ੍ਰਦਰਸ਼ਨ, ਪੁਲਿਸ ਨਾਲ ਹੋਈ ਧੱਕਾ-ਮੁੱਕੀ
ਵਿਦਿਆਰਥੀਆਂ ਨੇ ਮੰਗ ਕੀਤੀ ਕਿ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਨੂੰ ਪੰਜਾਬ ਨੂੰ ਦਿੱਤਾ ਜਾਵੇ ਅਤੇ ਇਸ ਦਾ ਕੇਂਦਰੀਕਰਨ ਬੰਦ ਕੀਤਾ ਜਾਵੇ।
ਚੰਡੀਗੜ੍ਹ : ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਨੂੰ ਕੇਂਦਰੀ ਯੂਨੀਵਰਸਿਟੀ ਬਣਾਉਣ ਦੀ ਪੰਜਾਬ ਤੇ ਹਰਿਆਣਾ ਹਾਈਕੋਰਟ ਦੀ ਤਜਵੀਜ਼ ਖਿਲਾਫ਼ ਪੰਜਾਬ ਦੀਆਂ 9 ਵਿਦਿਆਰਥੀ ਜਥੇਬੰਦੀਆਂ ਵੱਲੋਂ ਚੰਡੀਗੜ੍ਹ 'ਚ ਜ਼ੋਰਦਾਰ ਪ੍ਰਦਰਸ਼ਨ ਕੀਤਾ ਗਿਆ। ਇਸ ਤੋਂ ਪਹਿਲਾਂ ਹਜ਼ਾਰਾਂ ਵਿਦਿਆਰਥੀ ਅੰਬ ਸਾਹਿਬ ਗੁਰਦੁਆਰਾ ਸਾਹਿਬ ਵਿਖੇ ਇਕੱਠੇ ਹੋਏ। ਜਦੋਂ ਵਿਦਿਆਰਥੀਆਂ ਨੇ ਗਵਰਨਰ ਹਾਊਸ ਵੱਲ ਮਾਰਚ ਸ਼ੁਰੂ ਕੀਤਾ ਤਾਂ ਭਾਰੀ ਪੁਲਿਸ ਫੋਰਸ ਵਲੋਂ ਬੈਰੀਕੇਡ ਲਗਾ ਕੇ ਵਿਦਿਆਰਥੀਆਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਗਈ, ਜਿੱਥੇ ਵਿਦਿਆਰਥੀਆਂ ਨਾਲ ਪੁਲਿਸ ਦੀ ਧੱਕਾ ਮੁੱਕੀ ਹੋਈ ਤੇ ਵਿਦਿਆਰਥੀਆਂ 'ਤੇ ਲਾਠੀਚਾਰਜ ਵੀ ਕੀਤਾ ਗਿਆ।
ਕਈ ਵਿਦਿਆਰਥੀ ਜ਼ਖ਼ਮੀ ਹੋਏ ਤੇ ਕਈਆਂ ਦੀਆਂ ਪੱਗਾਂ ਉਤਰੀਆਂ। ਪੁਲਿਸ ਮੁਲਾਜ਼ਮਾਂ ਵੱਲੋਂ ਲੜਕੀਆਂ ਦੀ ਵੀ ਖਿੱਚ ਧੂਹ ਕੀਤੀ ਗਈ। ਵਿਦਿਆਰਥੀ ਜ਼ੋਰਦਾਰ ਨਾਅਰੇਬਾਜ਼ੀ ਕਰਦੇ ਹੋਏ ਬੈਰੀਕੇਡ ਤੋੜ ਕੇ ਅੱਗੇ ਵਧੇ। ਵਿਦਿਆਰਥੀਆਂ ਨੇ ਮੰਗ ਕੀਤੀ ਕਿ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਨੂੰ ਪੰਜਾਬ ਨੂੰ ਦਿੱਤਾ ਜਾਵੇ ਅਤੇ ਇਸ ਦਾ ਕੇਂਦਰੀਕਰਨ ਬੰਦ ਕੀਤਾ ਜਾਵੇ। ਨਵੀਂ ਸਿੱਖਿਆ ਨੀਤੀ ਰਾਹੀਂ ਸਿੱਖਿਆ ਦੇ ਨਿੱਜੀਕਰਨ, ਭਗਵੇਕਰਨ ਅਤੇ ਕੇਂਦਰੀਕਰਨ ਕਰਨ ਦੀ ਨੀਤੀ ਰੱਦ ਕੀਤੀ ਜਾਵੇ। ਪੰਜਾਬ ਦੀਆਂ ਸਰਕਾਰੀ ਯੂਨੀਵਰਸਿਟੀਆਂ ਦੀਆਂ ਕੁੱਲ ਵਿੱਤੀ ਜਿੰਮੇਵਾਰੀਆਂ ਪੰਜਾਬ ਸਰਕਾਰ ਚੁੱਕੇ।
ਇਸ ਮੌਕੇ ਵਿਦਿਆਰਥੀਆਂ ਨੇ ਕਿਹਾ ਕਿ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੇ ਕੇਂਦਰੀਕਰਨ ਦੇ ਏਜੰਡੇ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਹਰੀ ਝੰਡੀ ਦੇ ਦਿੱਤੀ ਹੈ। ਜੇ ਅਜਿਹਾ ਹੁੰਦਾ ਹੈ ਤਾਂ ਪੰਜਾਬ ਯੂਨੀਵਰਸਿਟੀ ਕੇਂਦਰ ਸਰਕਾਰ ਤੇ ਰਾਸ਼ਟਰੀ ਸਵੈਸੇਵਕ ਸੰਘ ਦੇ ਸਿੱਧੇ ਕੰਟਰੋਲ ਹੇਠ ਆਵੇਗੀ। ਇੰਝ ਕੇਂਦਰ ਸਰਕਾਰ ਇਸ ਨੂੰ ਪੰਜਾਬ ਕੋਲ਼ੋਂ ਖੋਹ ਕੇ ਆਪਣੇ ਹੇਠ ਕਰ ਲਵੇਗੀ। ਪੰਜਾਬੀ ਬੋਲੀ ਤੇ ਸੱਭਿਆਚਾਰ ਲਈ ਕੰਮ ਕਰਨ ਵਾਲ਼ੀ ਇਹ ਯੂਨੀਵਰਸਿਟੀ ਕੇਂਦਰ ਸਰਕਾਰ ਮੁਤਾਬਕ ਚੱਲੇਗੀ ਜੋ 'ਹਿੰਦੂ, ਹਿੰਦੀ ਤੇ ਹਿੰਦੁਸਤਾਨ' ਦੀ ਮੁਦੱਈ ਹੈ ਤੇ ਸਭ ਕੌਮੀ, ਖੇਤਰੀ ਭਾਸ਼ਾਵਾਂ ਨੂੰ ਦਰੜਨ ਦੀ ਨੀਤੀ ਉੱਪਰ ਚਲਦੀ ਹੈ। ਇਸ ਨਾਲ਼ ਜੁੜੇ (ਐਫੀਲਿਏਟਡ) ਪੰਜਾਬ ਦੇ ਕਰੀਬ 200 ਕਾਲਜ ਬੇਸਹਾਰਾ ਹੋ ਜਾਣਗੇ ਜਾਂ ਫੇਰ ਕੇਂਦਰ ਮੁਤਾਬਕ ਚੱਲਣਗੇ।