ਪੰਜਾਬ 'ਚ ਬੰਦ ਹੋਣਗੀਆਂ ਫ਼ਰਜ਼ੀ ਟ੍ਰੈਵਲ ਏਜੰਟ-ਇਮੀਗ੍ਰੇਸ਼ਨ ਏਜੰਸੀਆਂ, ਪੰਜਾਬ ਸਰਕਾਰ ਵਲੋਂ ਜਾਂਚ ਦੇ ਨਿਰਦੇਸ਼ 

ਏਜੰਸੀ

ਖ਼ਬਰਾਂ, ਪੰਜਾਬ

10 ਜੁਲਾਈ ਤਕ ਪੇਸ਼ ਕੀਤੀ ਜਾਵੇ ਰਿਪੋਰਟ : ਮੰਤਰੀ ਕੁਲਦੀਪ ਸਿੰਘ ਧਾਲੀਵਾਲ 

representational Image


ਮੋਹਾਲੀ : ਕੈਨੇਡਾ 'ਚ 700 ਭਾਰਤੀ ਵਿਦਿਆਰਥੀਆਂ ਨੂੰ ਦੇਸ਼ ਨਿਕਾਲੇ ਦੇ ਖ਼ਤਰੇ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਪਰ ਪੰਜਾਬ ਸਰਕਾਰ ਨੇ ਹੁਣ ਟ੍ਰੈਵਲ ਏਜੰਟ ਅਤੇ ਇਮੀਗ੍ਰੇਸ਼ਨ ਏਜੰਸੀ ਤੋਂ ਜਾਂਚ ਕਰਵਾਉਣ ਬਾਰੇ ਸੋਚ ਲਿਆ ਹੈ। ਪੰਜਾਬ ਵਿਚ ਪਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ 10 ਜੁਲਾਈ ਤਕ ਸਾਰੇ ਟ੍ਰੈਵਲ ਏਜੰਟਾਂ ਅਤੇ ਇਮੀਗ੍ਰੇਸ਼ਨ ਏਜੰਸੀਆਂ ਦੀ ਜਾਂਚ ਕਰਨ ਦੇ ਨਿਰਦੇਸ਼ ਦਿਤੇ ਹਨ।

ਮੰਤਰੀ ਕੁਲਦੀਪ ਧਾਲੀਵਾਲ ਨੇ ਮੰਨਿਆ ਹੈ ਕਿ ਵੱਡੀ ਗਿਣਤੀ ਵਿਚ ਪੰਜਾਬੀ ਨੌਜੁਆਨ ਠੱਗ ਟ੍ਰੈਵਲ ਏਜੰਟਾਂ ਦੇ ਚੁੰਗਲ ਵਿਚ ਫਸ ਜਾਂਦੇ ਹਨ। ਕਈ ਲੋਕ ਵਿਦੇਸ਼ਾਂ ਵਿਚ ਪ੍ਰੇਸ਼ਾਨ ਹਨ ਅਤੇ ਕਈਆਂ ਦਾ ਲੱਖਾਂ ਰੁਪਏ ਦਾ ਨੁਕਸਾਨ ਹੋ ਜਾਂਦਾ ਹੈ। ਉਨ੍ਹਾਂ ਸਮੂਹ ਡਿਪਟੀ ਕਮਿਸ਼ਨਰਾਂ ਅਤੇ ਐਸ.ਐਸ.ਪੀਜ਼ ਨੂੰ ਹਦਾਇਤ ਕੀਤੀ ਕਿ ਉਹ ਟ੍ਰੈਵਲ ਏਜੰਟਾਂ ਅਤੇ ਇਮੀਗ੍ਰੇਸ਼ਨ ਏਜੰਸੀਆਂ ਦੇ ਕਾਗਜ਼ਾਤ ਚੈੱਕ ਕਰ ਕੇ 10 ਜੁਲਾਈ ਤਕ ਰਿਪੋਰਟ ਪੇਸ਼ ਕਰਨ।

ਮੰਤਰੀ ਧਾਲੀਵਾਲ ਨੇ ਪੰਜਾਬ ਵਿਚ ਕਈ ਟ੍ਰੈਵਲ ਏਜੰਟਾਂ ਵਲੋਂ ਗ਼ੈਰ-ਕਾਨੂੰਨੀ ਇਮੀਗ੍ਰੇਸ਼ਨ ਦੇ ਅਮਲ 'ਤੇ ਚਿੰਤਾ ਪ੍ਰਗਟ ਕੀਤੀ ਹੈ। ਮੰਤਰੀ ਧਾਲੀਵਾਲ ਨੇ ਦਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਸਿਸਟਮ ਨੂੰ ਸੁਧਾਰਨ ਦੇ ਨਿਰਦੇਸ਼ ਦਿਤੇ ਹਨ। ਉਨ੍ਹਾਂ ਕਿਹਾ ਕਿ ਪਾਰਦਰਸ਼ੀ ਪ੍ਰਣਾਲੀ ਨਾਲ ਧੋਖਾਧੜੀ ਅਤੇ ਜਾਅਲਸਾਜ਼ੀ ਦੀ ਗੁੰਜਾਇਸ਼ ਨਾਂਹ ਦੇ ਬਰਾਬਰ ਰਹੇਗੀ। ਉਨ੍ਹਾਂ ਪੰਜਾਬ ਵਿਚ ਠੱਗਾਂ ਅਤੇ ਫ਼ਰਜ਼ੀ ਟ੍ਰੈਵਲ ਏਜੰਟਾਂ/ਇਮੀਗ੍ਰੇਸ਼ਨ ਏਜੰਸੀਆਂ ਵਿਰੁਧ ਜਲਦੀ ਹੀ ਵਿਸ਼ੇਸ਼ ਮੁਹਿੰਮ ਸ਼ੁਰੂ ਕਰਨ ਦੀ ਗੱਲ ਕਹੀ।

ਮੰਤਰੀ ਧਾਲੀਵਾਲ ਨੇ ਕਿਹਾ ਕਿ ਪਿਛਲੇ 10 ਸਾਲਾਂ ਦੌਰਾਨ ਜੇਕਰ ਕਿਸੇ ਪਰਵਾਸੀ ਪੰਜਾਬੀ ਨੂੰ ਜਾਣਬੁੱਝ ਕੇ ਝੂਠੇ ਕੇਸਾਂ ਵਿਚ ਫਸਾਇਆ ਗਿਆ ਹੈ ਜਾਂ ਝੂਠੇ ਕੇਸ ਦਰਜ ਕੀਤੇ ਗਏ ਹਨ ਤਾਂ ਅਜਿਹੇ ਮਾਮਲੇ ਵੀ ਉਨ੍ਹਾਂ ਦੇ ਧਿਆਨ ਵਿਚ ਲਿਆਂਦੇ ਜਾਣ। ਉਨ੍ਹਾਂ ਪੀੜਤਾਂ ਨੂੰ ਇਨਸਾਫ਼ ਦਿਵਾਉਣ ਦੀ ਗੱਲ ਕੀਤੀ।

ਇਹ ਵੀ ਪੜ੍ਹੋ: ਬਰਖ਼ਾਸਤ CIA. ਇੰਸਪੈਕਟਰ ਇੰਦਰਜੀਤ ਸਿੰਘ ਵਿਰੁਧ ED ਦੀ ਕਾਰਵਾਈ, ਅੰਮ੍ਰਿਤਸਰ 'ਚ 1.32 ਕਰੋੜ ਦੀ ਜਾਇਦਾਦ ਕੁਰਕ

ਮੰਤਰੀ ਕੁਲਦੀਪ ਧਾਲੀਵਾਲ ਨੇ ਦਸਿਆ ਕਿ ਇਸ ਵਾਰ ਪਿੰਡਾਂ ਵਿਚ ਐਨ.ਆਰ.ਆਈ. ਮੀਟਿੰਗਾਂ ਕੀਤੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ 15 ਜੁਲਾਈ ਤੋਂ 30 ਅਗਸਤ ਤਕ ਜ਼ਿਲ੍ਹਾ ਪੱਧਰ ’ਤੇ ਹੋਣ ਵਾਲੀ ਐਨ.ਆਰ.ਆਈ. ਮੀਟਿੰਗ ਪ੍ਰਵਾਸੀ ਪੰਜਾਬੀਆਂ ਨੂੰ ਅਪਣੀਆਂ ਸਮੱਸਿਆਵਾਂ ਲੈ ਕੇ ਆਉਣ ਦਾ ਖੁੱਲ੍ਹਾ ਸੱਦਾ ਹੈ। ਹਰ ਪ੍ਰਵਾਸੀ ਦੀ ਸਮੱਸਿਆ ਨੂੰ ਮੌਕੇ 'ਤੇ ਹੀ ਹੱਲ ਕਰਨ ਦੇ ਯਤਨ ਕੀਤੇ ਜਾਣਗੇ।

ਉਨ੍ਹਾਂ ਪੁਲਿਸ ਅਤੇ ਸਿਵਲ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ 30 ਜੂਨ ਤਕ ਪ੍ਰਵਾਸੀ ਪੰਜਾਬੀਆਂ ਦੀਆਂ ਸ਼ਿਕਾਇਤਾਂ ਦਾ ਹਰ ਕੀਮਤ 'ਤੇ ਨਿਪਟਾਰਾ ਕੀਤਾ ਜਾਵੇ। ਐਨ.ਆਰ.ਆਈ. ਮਿਲਨੀ ਵਿਚ ਹੁਣ ਤਕ ਪ੍ਰਾਪਤ ਹੋਈਆਂ ਕੁੱਲ 609 ਸ਼ਿਕਾਇਤਾਂ ਵਿਚੋਂ 522 ਦਾ ਨਿਪਟਾਰਾ ਕਰ ਦਿਤਾ ਗਿਆ ਹੈ, ਜਦੋਂ ਕਿ 87 ਕੇਸ ਲੰਬਿਤ ਹਨ।

ਮੰਤਰੀ ਧਾਲੀਵਾਲ ਨੇ ਕਿਹਾ ਕਿ ਵਿਦੇਸ਼ਾਂ ਵਿਚ ਵੱਸਦੇ ਪੰਜਾਬੀਆਂ ਦੀਆਂ ਹਰ ਤਰ੍ਹਾਂ ਦੀਆਂ ਸਮੱਸਿਆਵਾਂ ਅਤੇ ਸ਼ਿਕਾਇਤਾਂ ਦਾ ਨਿਪਟਾਰਾ ਕਰਨ ਲਈ 30 ਸਤੰਬਰ ਤਕ ਨਵੀਂ ਐਨ.ਆਰ.ਆਈ. ਨੀਤੀ ਲਿਆਉਣ ਦੀ ਯੋਜਨਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਜਲਦ ਹੀ ਐਨ.ਆਰ.ਆਈ. ਵਿਭਾਗ ਦੀ ਨਵੀਂ ਵੈੱਬਸਾਈਟ ਨੂੰ ਹੋਰ ਸਹੂਲਤਾਂ ਨਾਲ ਲਾਂਚ ਕਰਨਗੇ।