ਬਾਜਵਾ ਦੀ ਸੂਬਾਈ ਸੁਰੱਖਿਆ ਵਾਪਸ ਲੈਣ ਦਾ ਫ਼ੈਸਲਾ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਬਾਜਵਾ ਨੂੰ ਕੋਈ ਖ਼ਤਰਾ ਨਹੀਂ ਅਤੇ ਉਨ੍ਹਾਂ ਕੋਲ ਕੇਂਦਰੀ ਸੁਰੱਖਿਆ ਵੀ ਹੈ

Capt Amarinder Singh and Partap Singh Bajwa

ਚੰਡੀਗੜ੍ਹ, 8 ਅਗੱਸਤ (ਸਪੋਕਸਮੈਨ ਸਮਾਚਾਰ ਸੇਵਾ) : ਪੰਜਾਬ ਸਰਕਾਰ ਨੇ ਕਾਂਗਰਸੀ ਰਾਜ ਸਭਾ ਮੈਂਬਰ ਪ੍ਰਤਾਪ ਸਿੰਘ ਬਾਜਵਾ ਦੀ ਪੁਲਿਸ ਸੁਰੱਖਿਆ ਵਾਪਸ ਲੈਣ ਦਾ ਫ਼ੈਸਲਾ ਕੀਤਾ ਹੈ। ਇਹ ਫ਼ੈਸਲਾ ਪਹਿਲਾਂ ਤੋਂ ਹੀ ਸਿੱਧੇ ਤੌਰ 'ਤੇ ਕੇਂਦਰੀ ਸੁਰੱਖਿਆ ਲੈ ਰਹੇ ਬਾਜਵਾ ਨੂੰ ਕਿਸੇ ਕਿਸਮ ਦਾ ਕੋਈ ਖ਼ਤਰਾ ਨਾ ਹੋਣ ਦੇ ਮਦੇਨਜ਼ਰ ਲਿਆ ਗਿਆ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਸਰਕਾਰੀ ਬੁਲਾਰੇ ਨੇ ਦਸਿਆ ਕਿ ਸੂਬੇ ਦੀ ਪੁਲਿਸ ਵਲੋਂ ਬਾਜਵਾ ਨੂੰ ਦਿਤੀ ਸੁਰੱਖਿਆ ਦਾ ਕੋਈ ਮਕਸਦ ਨਹੀਂ ਸੀ ਰਿਹਾ ਕਿਉਂ ਜੋ ਉਨ੍ਹਾਂ ਨੇ ਸਿੱਧੇ ਤੌਰ 'ਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਤੋਂ ਕੇਂਦਰੀ ਸੁਰੱਖਿਆ ਹਾਸਲ ਕਰ ਲਈ ਸੀ। ਅਜਿਹੀ ਸਥਿਤੀ ਵਿਚ ਦੋਹਰੀ ਸੁਰੱਖਿਆ ਵਿਵਸਥਾ ਨੂੰ ਕਾਰਗਰ ਨਹੀਂ ਮੰਨਿਆ ਜਾ ਸਕਦਾ, ਵਿਸ਼ੇਸ਼ ਕਰ ਕੇ ਉਦੋਂ, ਜਦੋਂ ਰਾਜ ਸਭਾ ਮੈਂਬਰ ਨੇ ਸੂਬੇ ਦੀ ਪੁਲਿਸ ਵਿਚ ਕੋਈ ਭਰੋਸਾ ਨਾ ਦਿਖਾਉਂਦਿਆਂ ਕੇਂਦਰੀ ਸੁਰੱਖਿਆ ਪ੍ਰਾਪਤ ਕਰਨਾ ਮੁਨਾਸਿਬ ਸਮਝਿਆ ਹੋਵੇ।

ਬੁਲਾਰੇ ਮੁਤਾਬਕ ਬਾਜਵਾ ਵਲੋਂ ਕੀਤੇ ਦਾਅਵੇ ਦੇ ਉਲਟ ਰਾਜ ਸਭਾ ਮੈਂਬਰ ਨੂੰ ਕੇਂਦਰੀ ਸੁਰੱਖਿਆ ਕਾਂਗਰਸ ਲੀਡਰਸ਼ਿਪ ਦੇ ਕਹਿਣ 'ਤੇ ਨਹੀਂ ਮਿਲੀ ਸੀ। ਉਨ੍ਹਾਂ ਕਿਹਾ ਕਿ ਕੇਂਦਰੀ ਗ੍ਰਹਿ ਮੰਤਰਾਲੇ ਨੇ ਸੰਸਦ ਮੈਂਬਰ ਨੂੰ ਦਰਪੇਸ਼ ਕਿਸੇ ਕਿਸਮ ਦੇ ਖ਼ਤਰੇ ਦਾ ਪਤਾ ਲਗਾਉਣ ਲਈ ਰਾਜ ਸਰਕਾਰ ਨਾਲ ਵਿਚਾਰ ਵਟਾਂਦਰਾ ਕਰਨ ਦੀ ਲੋੜ ਨਹੀਂ ਸਮਝੀ ਜੋ ਕਿ ਆਮ ਤੌਰ 'ਤੇ ਕਿਸੇ ਵੀ ਵਿਅਕਤੀ ਨੂੰ ਕੇਂਦਰੀ ਸੁਰੱਖਿਆ ਦੇਣ ਤੋਂ ਪਹਿਲਾਂ ਲਾਜ਼ਮੀ ਤੌਰ 'ਤੇ ਕੀਤੀ ਜਾਣ ਵਾਲੀ ਪ੍ਰਕਿਰਿਆ ਹੁੰਦੀ ਹੈ।