ਸੋਨੀਆ ਗਾਂਧੀ ਨੂੰ ਮਿਲ ਸਕਦੇ ਨੇ ਕੈਪਟਨ ਅਮਰਿੰਦਰ ਸਿੰਘ ਪੰਜਾਬ ਮੰਤਰੀ ਮੰਡਲ 'ਚ ਹੋ ਸਕਦਾ ਹੈ ਫੇਰਬਦਲ

ਏਜੰਸੀ

ਖ਼ਬਰਾਂ, ਪੰਜਾਬ

ਕੈਪਟਨ ਅਮਰਿੰਦਰ ਸਿੰਘ ਮੰਤਰੀ ਮੰਡਲ ’ਚ ਫੇਰਬਦਲ ਕਰਨ ਤੋਂ ਪਹਿਲਾਂ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੂੰ ਭਰੋਸੇ ’ਚ ਲੈਣਾ ਚਾਹੁੰਦੇ ਹਨ

Captain Amarinder Singh, Sonia Gandhi

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਨਜ਼ਦੀਕੀ ਸੂਤਰਾਂ ਤੋਂ ਇਹ ਜਾਣਕਾਰੀ ਬਾਹਰ ਆਈ ਹੈ ਕਿ ਕੈਪਟਨ ਅਮਰਿੰਦਰ ਸਿੰਘ ਅੱਜ ਦਿੱਲੀ ਜਾ ਸਕਦੇ ਹਨ। ਦਿੱਲੀ ’ਚ ਉਨ੍ਹਾਂ ਦਾ 2 ਦਿਨ ਰੁਕਣ ਦਾ ਪ੍ਰੋਗਰਾਮ ਹੈ। ਇਸ ਦੌਰਾਨ ਮੁੱਖ ਮੰਤਰੀ ਵੱਲੋਂ ਕਾਂਗਰਸ ਪ੍ਰਧਾਨ ਸੋਨੀਆਂ ਗਾਂਧੀ ਨਾਲ ਵੀ ਮੁਲਾਕਾਤ ਕੀਤੀ ਜਾ ਸਕਦੀ ਹੈ। ਇਸ ਮੁਲਾਕਾਤ ਦੀਆਂ ਖ਼ਬਰਾਂ ਨੂੰ ਲੈ ਕੇ ਇਕ ਵਾਰ ਫਿਰ ਪੰਜਾਬ ਮੰਤਰੀ ਮੰਡਲ ਵਿਚ ਫੇਰਬਦਲ ਨੂੰ ਲੈ ਕੇ ਹਲਚਲ ਪੈਦਾ ਹੋ ਗਈ ਹੈ।

ਅਧਿਕਾਰਕ ਤੌਰ ’ਤੇ ਇਹ ਪਤਾ ਨਹੀਂ ਲੱਗ ਸਕਿਆ ਕਿ ਕੈਪਟਨ ਅਮਰਿੰਦਰ ਸਿੰਘ ਕਿਸ ਕੰਮ ਸਬੰਧੀ ਦਿੱਲੀ ਜਾ ਰਹੇ ਹਨ ਪਰ ਪੰਜਾਬ ਦੇ ਮੰਤਰੀਆਂ ’ਚ ਕੈਪਟਨ ਦੇ ਦਿੱਲੀ ਜਾਣ ਕਾਰਨ ਬੇਚੈਨੀ ਦੇਖੀ ਜਾ ਰਹੀ ਹੈ। ਕੈਪਟਨ ਅਮਰਿੰਦਰ ਸਿੰਘ ਸਰਕਾਰੀ ਕੰਮ ਸਬੰਧੀ ਵੀ ਕੇਂਦਰੀ ਮੰਤਰਾਲਿਆਂ ਨਾਲ ਸੰਪਰਕ ਕਰ ਸਕਦੇ ਹਨ। ਪੰਜਾਬ ’ਚ ਨਵਜੋਤ ਸਿੰਘ ਸਿੱਧੂ ਦੇ ਪੰਜਾਬ ਕਾਂਗਰਸ ਕਮੇਟੀ ਦੇ ਪ੍ਰਧਾਨ ਬਣਨ ਤੋਂ ਬਾਅਦ ਹੀ ਪੰਜਾਬ ਮੰਤਰੀ ਮੰਡਲ ’ਚ ਫੇਰਬਦਲ ਕਰਨ ਦੀ ਚਰਚਾ ਚੱਲਦੀ ਰਹਿੰਦੀ ਸੀ

ਪਰ ਪਿਛਲੇ ਦਿਨੀਂ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਸੀ ਕਿ ਮੰਤਰੀ ਮੰਡਲ ’ਚ ਫੇਰਬਦਲ ਕੁੱਝ ਦਿਨ ਬਾਅਦ ਹੋਵੇਗਾ। ਕੈਪਟਨ ਅਮਰਿੰਦਰ ਸਿੰਘ ਮੰਤਰੀ ਮੰਡਲ ’ਚ ਫੇਰਬਦਲ ਕਰਨ ਤੋਂ ਪਹਿਲਾਂ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੂੰ ਭਰੋਸੇ ’ਚ ਲੈਣਾ ਚਾਹੁੰਦੇ ਹਨ, ਸੋਨੀਆ ਗਾਂਧੀ ਵੱਲੋਂ ਨਵੇਂ ਮੰਤਰੀਆਂ ਦੀ ਸੂਚੀ ਨੂੰ ਮਨਜ਼ੂਰੀ ਦੇਣ ਤੋਂ ਬਾਅਦ ਹੀ ਮੰਤਰੀ ਮੰਡਲ ’ਚ ਫੇਰਬਦਲ ਹੋਵੇਗਾ। ਕੈਪਟਨ ਅਮਰਿੰਦਰ ਸਿੰਘ ਦੀ ਕੋਸ਼ਿਸ਼ ਹੈ ਕਿ ਮੰਤਰੀ ਮੰਡਲ ’ਚ ਫੇਰਬਦਲ ਕਰਦੇ ਸਮੇਂ ਕੁੱਝ ਦਲਿਤ ਤੇ ਹਿੰਦੂ ਮੰਤਰੀਆਂ ਨੂੰ ਜ਼ਿਆਦਾ ਪ੍ਰਤੀਨਿਧਤਾ ਦਿੱਤੀ ਜਾਵੇ ਤੇ ਉਨ੍ਹਾਂ ਦੇ ਰੁਤਬੇ ਨੂੰ ਵਧਾਇਆ ਜਾਵੇ ਤਾਂ ਕਿ ਕਾਂਗਰਸ ਨੂੰ ਵਿਧਾਨ ਸਭਾ ਚੋਣਾਂ ’ਚ ਇਸ ਦਾ ਲਾਭ ਮਿਲ ਸਕੇ।

ਦੱਸ ਦਈਏ ਕਿ ਅਜੇ ਤੱਕ ਇਹ ਤੈਅ ਨਹੀਂ ਹੋਇਆ ਕਿ ਕਿੰਨੇ ਨਵੇਂ ਮੰਤਰੀ ਬਣਨਗੇ ਤੇ ਕਿੰਨੇ ਹਟਾਏ ਜਾਣਗੇ ਤੇ ਕਿੰਨੇ ਮੰਤਰੀਆਂ ਦੇ ਵਿਭਾਗਾਂ ’ਚ ਫੇਰਬਦਲ ਹੋਵੇਗਾ। ਕੈਪਟਨ ਅਮਰਿੰਦਰ ਸਿੰਘ ਜਦੋਂ ਤੱਕ ਸੋਨੀਆ ਗਾਂਧੀ ਨਾਲ ਮੁਲਾਕਾਤ ਨਹੀਂ ਕਰ ਲੈਂਦੇ, ਤਦ ਤੱਕ ਕੁੱਝ ਵੀ ਨਹੀਂ ਕਿਹਾ ਜਾ ਸਕਦਾ ਕਿਉਂਕਿ ਕੈਪਟਨ ਅਮਰਿੰਦਰ ਸਿੰਘ ਜਲਦਬਾਜ਼ੀ ’ਚ ਕੋਈ ਵੀ ਕਦਮ ਨਹੀਂ ਚੁੱਕਣਾ ਚਾਹੁੰਦੇ। ਵਿਧਾਨ ਸਭਾ ਚੋਣਾਂ ਨੇੜੇ ਆਉਣ ਕਾਰਨ ਉਹ ਬਹੁਤ ਸੋਚ-ਸਮਝ ਕੇ ਹੀ ਕਦਮ ਚੁੱਕ ਰਹੇ ਹਨ।

ਸੋਨੀਆ ਗਾਂਧੀ ਨਾਲ ਮੁੱਖ ਮੰਤਰੀ ਅਮਰਿੰਦਰ ਸਿੰਘ ਦੀ ਮੁਲਾਕਾਤ ਅਜਿਹੇ ਸਮੇਂ ਹੋ ਰਹੀ ਹੈ ਜਦੋਂ ਸੋਨੀਆ ਗਾਂਧੀ ਕਾਂਗਰਸ ਦੇ ਅੰਤਰਿਮ ਪ੍ਰਧਾਨ ਵਜੋਂ ਦੋ ਸਾਲ ਪੂਰੇ ਕਰ ਰਹੀ ਹੈ। ਇਹ ਦੋ ਸਾਲ ਸੋਨੀਆ ਗਾਂਧੀ ਲਈ ਚੁਣੌਤੀਪੂਰਨ ਰਹੇ ਕਿਉਂਕਿ ਕਾਂਗਰਸ ਦੇ ਸੀਨੀਅਰ ਨੇਤਾਵਾਂ ਦਾ ਸਮੂਹ ਲਗਾਤਾਰ ਰਾਸ਼ਟਰਪਤੀ ਦੇ ਅਹੁਦੇ 'ਤੇ ਸਥਾਈ ਨਿਯੁਕਤੀ ਦੀ ਮੰਗ ਕਰ ਰਿਹਾ ਹੈ। ਖਾਸ ਗੱਲ ਇਹ ਹੈ ਕਿ ਅਮਰਿੰਦਰ ਸਿੰਘ ਇਕਲੌਤੇ ਮੁੱਖ ਮੰਤਰੀ ਹਨ ਜਿਨ੍ਹਾਂ ਨੇ ਖੁੱਲ੍ਹੇ ਤੌਰ' ਤੇ ਕਿਹਾ ਸੀ ਕਿ ਸੋਨੀਆ ਗਾਂਧੀ ਜਿੰਨਾ ਸਮਾਂ ਚਾਹੁਣਗੇ ਉਨੀ ਦੇਰ ਤੱਕ ਅੰਤਰਿਮ ਪ੍ਰਧਾਨ ਦੇ ਅਹੁਦੇ 'ਤੇ ਬਣੇ ਰਹਿਣਗੇ।

ਇਸ ਬਿਆਨ ਤੋਂ ਬਾਅਦ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਗਾਂਧੀ ਪਰਿਵਾਰ ਨਾਲ ਚਰਚਾ ਸੁਰਖੀਆਂ ਬਣੀ ਹੋਈ ਹੈ। ਖਾਸ ਕਰਕੇ ਪੰਜਾਬ ਕਾਂਗਰਸ ਦੇ ਹੰਗਾਮੇ ਦੌਰਾਨ, ਕਾਂਗਰਸ ਹਾਈ ਕਮਾਂਡ ਨੇ ਮਲਿਕਾਰਜੁਨ ਕਮੇਟੀ ਬਣਾਈ, ਜਿਸ ਨੇ ਦੋ ਵਾਰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਦਿੱਲੀ ਬੁਲਾਇਆ। ਅਜਿਹੇ ਵਿਚ ਹੁਣ ਦੇਖਣਾ ਇਹ ਹੋਵੇਗਾ ਕਿ ਸੋਨੀਆ ਗਾਂਧੀ ਦੇ ਅੰਤਰਿਮ ਅਹੁਦੇ ‘ਤੇ 2 ਸਾਲ ਪੂਰੇ ਹੋਣ ਤੋਂ ਬਾਅਦ ਬਦਲਦੇ ਸਿਆਸੀ ਸਮੀਕਰਣ ਵਿਚ ਕੈਪਟਨ ਅਮਰਿੰਦਰ ਸਿੰਘ ਦੀ ਕੀ ਭੂਮਿਕਾ ਰਹੇਗੀ। ਇਹੀ ਕਾਰਨ ਹੈ ਕਿ ਮੁੱਖ ਮੰਤਰੀ ਦੀ ਸੋਨੀਆ ਗਾਂਧੀ ਨਾਲ ਮੁਲਾਕਾਤ ਅਹਿਮ ਮੰਨੀ ਜਾ ਰਹੀ ਹੈ।