ਬਿਜਲੀ ਸੋਧ ਬਿਲ-2022 ਰਾਜਾਂ ਦੇ ਹੱਕਾਂ ’ਤੇ ਕੇਂਦਰ ਦਾ ਇਕ ਹੋਰ ਡਾਕਾ : ਭਗਵੰਤ ਮਾਨ

ਏਜੰਸੀ

ਖ਼ਬਰਾਂ, ਪੰਜਾਬ

ਬਿਜਲੀ ਸੋਧ ਬਿਲ-2022 ਰਾਜਾਂ ਦੇ ਹੱਕਾਂ ’ਤੇ ਕੇਂਦਰ ਦਾ ਇਕ ਹੋਰ ਡਾਕਾ : ਭਗਵੰਤ ਮਾਨ

image


ਕਿਹਾ, ਕੇਂਦਰ ਰਾਜਾਂ ਨੂੰ ਕਠਪੁਤਲੀ ਨਾ ਸਮਝੇ, ਡਟ ਕੇ ਲੜਾਈ ਲੜਾਂਗੇ


ਚੰਡੀਗੜ੍ਹ, 8 ਅਗੱਸਤ (ਭੁੱਲਰ) : ਕੇਂਦਰ ਸਰਕਾਰ ਵਲੋਂ ਸੂਬਿਆਂ ਨਾਲ ਸਲਾਹ ਕੀਤੇ ਬਿਨਾਂ ਆਪਹੁਦਰੇ ਢੰਗ ਨਾਲ ਬਿਜਲੀ ਸੋਧ ਬਿਲ-2022 ਸੰਸਦ ਵਿਚ ਪੇਸ਼ ਕਰਨ ਦੀ ਜ਼ੋਰਦਾਰ ਵਿਰੋਧ ਕਰਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਇਸ ਕਦਮ ਨਾਲ ਕੇਂਦਰ ਨੇ ਸੂਬਿਆਂ ਦੇ ਹੱਕਾਂ ਉਤੇ ਇਕ ਹੋਰ ਡਾਕਾ ਮਾਰਿਆ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਅਸਲ ਵਿਚ ਕੇਂਦਰ ਅਜਿਹੀਆਂ ਚਾਲਾਂ ਨਾਲ ਸੰਘੀ ਢਾਂਚੇ ਦੀਆਂ ਨੀਹਾਂ ਨੂੰ ਖੋਖਲਾ ਕਰਨਾ ਚਾਹੁੰਦਾ ਹੈ ਅਤੇ ਆਏ ਦਿਨ ਸੂਬਿਆਂ ਦੇ ਅਧਿਕਾਰਾਂ ਉਤੇ ਛਾਪਾ ਮਾਰਨ ਦੀਆਂ ਲਗਾਤਾਰ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਮੁੱਖ ਮੰਤਰੀ ਨੇ ਕਿਹਾ,“ਕੇਂਦਰ ਸਰਕਾਰ ਸੂਬਿਆਂ ਨੂੰ ਕਠਪੁਤਲੀ ਨਾ ਸਮਝੇ। ਇਨ੍ਹਾਂ ਵਧੀਕੀਆਂ ਵਿਰੁਧ ਅਸੀਂ ਚੁੱਪ ਕਰ ਕੇ ਨਹੀਂ ਬੈਠਾਂਗੇ। ਅਪਣੇ ਅਧਿਕਾਰਾਂ ਦੀ ਰਾਖੀ ਲਈ ਸੜਕ ਤੋਂ ਲੈ ਕੇ ਸੰਸਦ ਤਕ ਲੜਾਈ ਲੜਾਂਗੇ।” ਭਗਵੰਤ ਮਾਨ ਨੇ ਕਿਹਾ ਕਿ ਬਿਜਲੀ ਸੈਕਟਰ ਨਾਲ ਸਬੰਧਤ ਕੋਈ ਵੀ ਬਿਲ ਪੇਸ਼ ਕਰਨ ਤੋਂ ਪਹਿਲਾਂ ਕੇਂਦਰ ਸਰਕਾਰ ਨੂੰ ਸੂਬਿਆਂ ਨਾਲ ਸਲਾਹ-ਮਸ਼ਵਰਾ ਕਰਨਾ ਚਾਹੀਦਾ ਹੈ ਪਰ ਉਸ ਨੇ ਇਸ ਗੱਲ ਦੀ ਭੋਰਾ ਪ੍ਰਵਾਹ ਨਹੀਂ ਕੀਤੀ ਜੋ ਸਿੱਧੇ ਤੌਰ ਉਤੇ ਸੰਘੀ ਢਾਂਚੇ ਉਤੇ ਹਮਲਾ ਹੈ। ਮੁੱਖ ਮੰਤਰੀ ਨੇ ਸਵਾਲ ਕਰਦੇ ਹੋਏ ਕਿਹਾ ਕਿ ਜਦੋਂ ਸੂਬੇ ਅਪਣੇ ਨਾਗਰਿਕਾਂ ਲਈ ਬਿਜਲੀ ਦੀ ਵਿਵਸਥਾ ਅਪਣੇ ਪੱਧਰ ਉਤੇ ਕਰਦੇ ਹਨ ਤਾਂ ਫਿਰ ਉਨ੍ਹਾਂ ਦਾ ਪੱਖ ਕਿਉਂ ਨਹੀਂ ਸੁਣਿਆ ਜਾ ਰਿਹਾ।
ਪੰਜਾਬ ਦੀ ਮਿਸਾਲ ਦਿੰਦੇ ਹੋਏ ਮੁੱਖ ਮੰਤਰੀ ਨੇ ਖਦਸ਼ਾ ਜ਼ਾਹਰ ਕੀਤਾ ਕਿ ਸੂਬੇ ਵਿਚ ਕਿਸਾਨਾਂ ਨੂੰ ਖੇਤੀ ਟਿਊਬਵੈੱਲਾਂ ਲਈ ਬਿਜਲੀ ਮੁਫ਼ਤ ਦਿਤੀ ਜਾ ਰਹੀ ਹੈ ਅਤੇ ਇਸੇ ਤਰ੍ਹਾਂ ਘਰੇਲੂ ਖਪਤਕਾਰਾਂ ਨੂੰ ਵੀ ਮੁਫ਼ਤ ਬਿਜਲੀ ਦੀ ਸਹੂਲਤ ਪ੍ਰਦਾਨ ਕੀਤੀ ਜਾ ਰਹੀ ਹੈ ਅਤੇ ਜੇਕਰ ਕੇਂਦਰ ਸਰਕਾਰ ਅਪਣੀ ਮਨਮਰਜ਼ੀ ਦਾ ਬਿਲ ਮੁਲਕ ਵਿਚ ਲਾਗੂ ਕਰ ਦਿੰਦੀ ਹੈ ਤਾਂ ਕਿਸਾਨਾਂ ਦੇ ਨਾਲ-ਨਾਲ ਹੋਰ ਵਰਗਾਂ ਨੂੰ ਬਹੁਤ ਵੱਡਾ ਨੁਕਸਾਨ
ਸਹਿਣਾ ਪੈ ਸਕਦਾ ਹੈ।
ਮੁੱਖ ਮੰਤਰੀ ਨੇ ਸੁਚੇਤ ਕਰਦਿਆਂ ਕਿ ਕੇਂਦਰ ਸਰਕਾਰ ਬਿਜਲੀ ਸੋਧ ਬਿਲ ਪੇਸ਼ ਕਰ ਕੇ ਇਕ ਵਾਰ ਫਿਰ ਕਾਲੇ ਖੇਤੀ ਕਾਨੂੰਨਾਂ ਵਾਲੀ ਗ਼ਲਤੀ ਦੁਹਰਾਉਣ ਜਾ ਰਹੀ ਹੈ ਅਤੇ ਲੋਕ ਅਜਿਹੀ ਇਕਪਾਸੜ ਕਾਰਵਾਈ ਨੂੰ ਕਦੇ ਵੀ ਬਰਦਾਸ਼ਤ ਨਹੀਂ ਕਰਨਗੇ। ਮੁੱਖ ਮੰਤਰੀ ਨੇ ਕੇਂਦਰ ਸਰਕਾਰ ਪਾਸੋਂ ਬਿਜਲੀ ਸੈਕਟਰ ਵਿਚ ਕਿਸੇ ਵੀ ਤਰ੍ਹਾਂ ਦੀ ਤਬਦੀਲੀ ਲਿਆਉਣ ਲਈ ਕਾਨੂੰਨ ਬਣਾਉਣ ਤੋਂ ਪਹਿਲਾਂ ਸਾਰੇ ਸੂਬਿਆਂ ਨੂੰ ਅਪਣਾ ਪੱਖ ਰੱਖਣ ਦਾ ਮੌਕਾ ਦੇਣ ਦੀ ਮੰਗ ਕੀਤੀ।