ਕੋਰੋਨਾ ਕਾਰਨ ਮਰਨ ਵਾਲਿਆਂ ਦੇ ਅੰਗ ਕੱਢਣ ਦੀ ਅਫ਼ਵਾਹ ਝੂਠੀ : ਸਿਹਤ ਮੰਤਰੀ

ਏਜੰਸੀ

ਖ਼ਬਰਾਂ, ਪੰਜਾਬ

ਕੋਰੋਨਾ ਕਾਰਨ ਮਰਨ ਵਾਲਿਆਂ ਦੇ ਅੰਗ ਕੱਢਣ ਦੀ ਅਫ਼ਵਾਹ ਝੂਠੀ : ਸਿਹਤ ਮੰਤਰੀ

image

ਜਲੰਧਰ, 8 ਸਤੰਬਰ (ਲਖਵਿੰਦਰ ਸਿੰਘ ਲੱਕੀ) : ਸੂਬੇ 'ਚ ਕੋਰੋਨਾ ਨਾਲ ਮਰਨ ਵਾਲੇ ਮਰੀਜ਼ਾਂ ਦੇ ਅੰਗ ਕੱਢੇ ਜਾਣ ਦੀਆਂ ਅਫ਼ਵਾਹਾਂ ਪੂਰੀ ਤਰ੍ਹਾਂ ਝੂਠੀਆਂ ਹਨ। ਸਾਡੇ ਸਿਵਲ, ਪੁਲਿਸ ਤੇ ਸਿਹਤ ਅਧਿਕਾਰੀ ਤੇ ਡਾਕਟਰ ਕੋਰੋਨਾ ਵਾਇਰਸ ਮਹਾਂਮਾਰੀ ਨਾਲ ਪੀੜਤ ਲੋਕਾਂ ਦੀ ਸੇਵਾ ਸੰਭਾਲ ਲਈ ਦਿਨ-ਰਾਤ ਲੱਗੇ ਹੋਏ ਹਨ। ਇਹ ਪ੍ਰਗਟਾਵਾ ਪੰਜਾਬ ਦੇ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਅੱਜ ਇੰਡਸਟਰੀਅਲ ਏਰੀਏ 'ਚ ਕਮਿਊਨਿਟੀ ਹੈਲਥ ਸੈਂਟਰ ਦਾ ਉਦਘਾਟਨ ਕਰਨ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਨੇ ਅੱਜ ਮਹਾਂਨਗਰ 'ਚ ਤਿੰਨ ਕਮਿਊਨਿਟੀ ਹੈਲਥ ਸੈਂਟਰਾਂ ਦਾ ਉਦਘਾਟਨ ਕੀਤਾ।
ਕੋਰੋਨਾ ਦੀ ਆੜ ਵਿਚ ਮਰੀਜ਼ਾਂ ਦੇ ਅੰਗ ਕੱਢਣ ਸਬੰਧੀ ਸੂਬੇ 'ਚ ਫੈਲੀਆਂ ਅਫ਼ਵਾਹਾਂ ਬਾਰੇ ਪੁੱਛੇ ਜਾਣ 'ਤੇ ਮੰਤਰੀ ਸਿੱਧੂ ਨੇ ਅਜਿਹੀ ਕਿਸੇ ਵੀ ਤਰ੍ਹਾਂ ਦੀ ਘਟਨਾ ਤੋਂ ਇਨਕਾਰ ਕਰ ਦਿਤਾ। ਉਨ੍ਹਾਂ ਕਿਹਾ ਕਿ ਮਾਲਵੇ ਦੇ ਖੇਤਰ 'ਚ ਸੋਸ਼ਲ ਮੀਡੀਆ ਰਾਹੀਂ ਕੁੱਝ ਲੋਕਾਂ ਨੇ ਕੂੜ ਪ੍ਰਚਾਰ ਕੀਤਾ ਹੈ। ਉਨ੍ਹਾਂ ਕਿਹਾ ਕਿ ਕੋਰੋਨਾ ਮਰੀਜ਼ਾਂ ਦਾ ਇਲਾਜ ਕਰਨ ਵਾਲੇ ਡਾਕਟਰ ਵੀ ਸਾਡੇ ਵਿਚੋਂ ਹੀ ਹਨ, ਉਹ ਅਜਿਹਾ ਅਣਮਨੁੱਖੀ ਕੰਮ ਕਦੇ ਵੀ ਨਹੀਂ ਕਰ ਸਕਦੇ। ਪਿੰਡਾਂ ਵਿਚ ਸਿਹਤ ਵਿਭਾਗ ਦੀਆਂ ਟੀਮਾਂ ਦਾ ਲੋਕਾਂ ਵਲੋਂ ਵਿਰੋਧ ਕਰਨ ਬਾਰੇ ਪੁੱਛੇ ਜਾਣ 'ਤੇ ਮੰਤਰੀ ਸਿੱਧੂ ਨੇ ਕਿਹਾ ਕਿ ਕੁੱਝ ਸਰਕਾਰ ਵਿਰੋਧੀ ਅਨਸਰਾਂ ਨੇ ਇਹ ਮਾੜੀ ਹਰਕਤ ਕੀਤੀ ਹੋ ਸਕਦੀ ਪਰ ਸਿਹਤ ਵਿਭਾਗ ਦੀਆਂ ਟੀਮਾਂ ਪਿੰਡਾਂ ਵਿਚ ਜਾ ਕੇ ਲੋਕਾਂ ਨੂੰ ਕੋਰੋਨਾ ਵਾਇਰਸ ਮਹਾਂਮਾਰੀ ਪ੍ਰਤੀ ਜਾਗਰੂਕ ਕਰਨ ਦੇ ਨਾਲ-ਨਾਲ ਸੈਂਪਲ ਲੈਣ ਦਾ ਕੰਮ ਕਰ ਰਹੀਆਂ ਹਨ। ਉਨ੍ਹਾਂ ਕਿਹਾ ਕਿ ਸਿਹਤ ਟੀਮਾਂ ਦੇ ਵਿਰੋਧ ਅਤੇ ਪੰਚਾਇਤਾਂ ਵਲੋਂ ਮਤੇ ਪਾਉਣ ਦਾ ਕੂੜ ਪ੍ਰਚਾਰ ਵਿਰੋਧੀ ਪਾਰਟੀਆਂ ਵਲੋਂ ਸੌੜੀ ਸਿਆਸਤ ਤਹਿਤ ਕੀਤਾ ਜਾ ਰਿਹਾ ਹੈ। ਸਿਹਤ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਸੂਬੇ ਦੇ ਲੋਕਾਂ ਨੂੰ ਕੋਰੋਨਾ ਮਹਾਂਮਾਰੀ ਤੋਂ ਬਚਾਉਣ ਲਈ ਗੰਭੀਰਤਾ ਨਾਲ ਕੰਮ ਕਰ ਰਹੀ ਹੈ।
ਪ੍ਰਸ਼ਾਸਨਿਕ, ਪੁਲਿਸ ਤੇ ਸਿਹਤ ਅਮਲਾ ਪੂਰੀ ਤਨਦੇਹੀ ਨਾਲ ਕੰਮ ਕਰ ਰਿਹਾ ਹੈ। ਇਸ ਮੌਕੇ ਸੰਸਦ ਮੈਂਬਰ ਸੰਤੋਖ ਸਿੰਘ ਚੌਧਰੀ, ਹਲਕਾ ਵਿਧਾਇਕ ਅਵਤਾਰ ਸਿੰਘ ਬਾਵਾ ਹੈਨਰੀ, ਵਿਧਾਇਕ ਰਾਜਿੰਦਰ ਬੇਰੀ, ਮੇਅਰ ਜਗਦੀਸ਼ ਰਾਜ ਰਾਜਾ, ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ, ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ, ਐੱਸਡੀਐੱਮ ਜੈ ਇੰਦਰ ਸਿੰਘ ਅਤੇ ਹੋਰ ਅਧਿਕਾਰੀ ਤੇ ਕਾਂਗਰਸੀ ਆਗੂ ਹਾਜ਼ਰ ਸਨ।
ਫੋਟੋ ਨੂੰ; 04 ਖਬਰ ਨੂੰ 04।