ਪ੍ਰਧਾਨ ਮੰਤਰੀ ਮੋਦੀ ਨਾਲ ਪੰਜਾਬ ਤੇ ਹਿਮਾਚਲ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰਨਗੇ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ
ਭਾਜਪਾ ਵੱਲੋਂ ਬਿੱਟੂ ਨੂੰ ਸਿੱਖ ਚਿਹਰੇ ਵਜੋਂ ਕੀਤਾ ਜਾ ਰਿਹਾ ਹੈ ਪੇਸ਼
ਨਵੀਂ ਦਿੱਲੀ : ਕੇਂਦਰੀ ਰੇਲ ਰਾਜ ਮੰਤਰੀ ਅਤੇ ਪੰਜਾਬ ਭਾਜਪਾ ਦੇ ਸੀਨੀਅਰ ਆਗੂ ਰਵਨੀਤ ਸਿੰਘ ਬਿੱਟੂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਨਾਲ ਪੰਜਾਬ ਅਤੇ ਹਿਮਾਚਲ ਪ੍ਰਦੇਸ਼ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰਨਗੇ। ਸਿਆਸੀ ਹਲਕਿਆਂ ਵਿਚ ਇਸ ਨੂੰ ਇੱਕ ਮਹੱਤਵਪੂਰਨ ਰਾਜਨੀਤਕ ਸੰਕੇਤ ਵਜੋਂ ਦੇਖਿਆ ਜਾ ਰਿਹਾ ਹੈ। ਇਸ ਪਹਿਲਕਦਮੀ ਨੂੰ ਭਾਜਪਾ ’ਚ ਬਿੱਟੂ ਦੀ ਚੜ੍ਹਤ ਵਜੋਂ ਦੇਖਿਆ ਜਾ ਰਿਹਾ ਹੈ।
ਭਾਜਪਾ ਦੇ ਸੂਤਰਾਂ ਤੋਂ ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਰਵਨੀਤ ਬਿੱਟੂ ਅੱਜ ਸ਼ਾਮ ਨੂੰ ਗੁਰਦਾਸਪੁਰ ਵਿੱਚ ਪੰਜਾਬ ਸਰਕਾਰ ਦੇ ਅਧਿਕਾਰੀਆਂ ਨਾਲ ਹੋਣ ਵਾਲੀ ਤਜਵੀਜ਼ਤ ਅਹਿਮ ਮੀਟਿੰਗ ’ਚ ਵੀ ਦਾ ਹਿੱਸਾ ਲੈਣਗੇ। ਇਸ ਮੀਟਿੰਗ ’ਚ ਪੰਜਾਬ ਵਿਚ ਆਏ ਹੜ੍ਹਾਂ ਦੀ ਸਥਿਤੀ ਦਾ ਜਾਇਜ਼ਾ ਲਿਆ ਜਾਵੇਗਾ ਅਤੇ ਰਾਹਤ ਕਾਰਜਾਂ ’ਤੇ ਚਰਚਾ ਕੀਤੀ ਜਾਵੇਗੀ।
ਮਹੱਤਵਪੂਰਨ ਗੱਲ ਇਹ ਹੈ ਕਿ ਕੇਂਦਰੀ ਰੇਲ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਆਉਣ ਵਾਲੇ ਪੰਜਾਬ ਦੇ ਇਕਲੌਤੇ ਭਾਜਪਾ ਆਗੂ ਹੋਣਗੇ, ਜੋ ਕਿ ਰਵਾਇਤੀ ਤੌਰ ’ਤੇ ਰਾਜ ਪ੍ਰਧਾਨਾਂ ਜਾਂ ਉੱਚ ਪੱਧਰੀ ਨੇਤਾਵਾਂ ਲਈ ਰਾਖਵੀਂ ਭੂਮਿਕਾ ਹੈ। ਸੂਤਰਾਂ ਦਾ ਕਹਿਣਾ ਹੈ ਕਿ ਉਨ੍ਹਾਂ ਦੀ ਸ਼ਮੂਲੀਅਤ, ਪੰਜਾਬ ਵਿੱਚ ਇੱਕ ਪ੍ਰਮੁੱਖ ਸਿੱਖ ਚਿਹਰੇ ਵਜੋਂ ਭਾਜਪਾ ਦੇ ਵਿਸ਼ਵਾਸ ਨੂੰ ਉਜਾਗਰ ਕਰਦੀ ਹੈ, ਇੱਕ ਅਜਿਹਾ ਰਾਜ ਜਿੱਥੇ ਪਾਰਟੀ ਆਪਣੀ ਮੌਜੂਦਗੀ ਵਧਾਉਣ ਲਈ ਪੱਬਾਂ ਭਾਰ ਹੈ।