ਸਕਾਲਰਸ਼ਿਪ ਘੁਟਾਲੇ ਦੇ ਵਿਰੋਧ 'ਚ ਅਕਾਲੀ ਦਲ ਦਾ ਧਰਨਾ, ਪੁਲਿਸ ਨੇ ਮਜੀਠੀਆ ਨੂੰ ਹਿਰਾਸਤ 'ਚ ਲਿਆ
ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਿਚ ਅਕਾਲੀ ਵਰਕਰਾਂ ਨੇ ਦਿੱਤਾ ਧਰਨਾ
ਫਗਵਾੜਾ: ਐਸਸੀ ਸਕਾਲਰਸ਼ਿਪ ਮਾਮਲੇ ਵਿਚ ਕਥਿਤ ਘੁਟਾਲੇ ਦੇ ਵਿਰੋਧ ਵਿਚ ਅੱਜ ਸ਼੍ਰੋਮਣੀ ਅਕਾਲੀ ਦਲ ਵੱਲੋਂ ਫਗਵਾੜਾ ਵਿਖੇ ਵਿਸ਼ਾਲ ਧਰਨਾ ਦਿੱਤਾ ਗਿਆ। ਇਸ ਦੌਰਾਨ ਭਾਰੀ ਗਿਣਤੀ ਵਿਚ ਅਕਾਲੀ ਵਰਕਰ ਸ਼ਾਮਲ ਹੋਏ। ਇਸ ਧਰਨੇ ਦੀ ਅਗਵਾਈ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਕੀਤੀ ਗਈ।
ਧਰਨੇ ਦੌਰਾਨ ਅਕਾਲੀ ਆਗੂਆਂ ਵੱਲੋਂ ਕਥਿਤ ਵਜੀਫ਼ਾ ਘੁਟਾਲੇ 'ਚ ਸਾਧੂ ਸਿੰਘ ਧਰਮਸੋਤ ਖਿਲਾਫ਼ ਕਾਰਵਾਈ ਦੀ ਮੰਗ ਕੀਤੀ ਗਈ। ਅਕਾਲੀ ਵਰਕਰਾਂ ਨੇ ਪੰਜਾਬ ਸਰਕਾਰ ਖਿਲਾਫ਼ ਨਾਅਰੇਬਾਜ਼ੀ ਵੀ ਕੀਤੀ। ਅਕਾਲੀ ਵਰਕਰਾਂ ਦਾ ਕਹਿਣਾ ਹੈ ਕਿ ਜਦੋਂ ਤੱਕ ਸਰਕਾਰ ਸਕਾਲਰਸ਼ਿਪ ਘੁਟਾਲੇ ਦੇ ਦੋਸ਼ੀਆਂ ਖਿਲਾਫ਼ ਕਾਰਵਾਈ ਨਹੀਂ ਕਰਦੀ, ਉਹ ਸੰਘਰਸ਼ ਕਰਦੇ ਰਹਿਣਗੇ।
ਇਸ ਦੌਰਾਨ ਸਖ਼ਤ ਸੁਰੱਖਿਆ ਪ੍ਰਬੰਧਾਂ ਦੇ ਬਾਵਜੂਦ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਅਤੇ ਸਾਥੀ ਵਿਧਾਇਕ ਬਲਵਿੰਦਰ ਸਿੰਘ ਧਾਲੀਵਾਲ ਦੇ ਘਰ ਤੱਕ ਪਹੁੰਚਣ ਵਿਚ ਕਾਮਯਾਬ ਹੋ ਗਏ। ਅਕਾਲੀ ਵਰਕਰਾਂ ਨੇ ਕਾਂਗਰਸੀ ਵਿਧਾਇਕ ਬਲਵਿੰਦਰ ਸਿੰਘ ਧਾਲੀਵਾਲ ਦੇ ਘਰ ਦਾ ਘਿਰਾਓ ਕੀਤਾ। ਜਿਸ ਉਪਰੰਤ ਫਗਵਾੜਾ ਪੁਲਿਸ ਨੇ ਬਿਕਰਮ ਸਿੰਘ ਮਜੀਠੀਆ ਅਤੇ ਸਾਥੀਆਂ ਨੂੰ ਹਿਰਾਸਤ ਵਿਚ ਲੈ ਲਿਆ।