ਵਿਧਾਇਕ ਇੰਦਰਬੀਰ ਬੁਲਾਰੀਆ ਦੇ ਪੀਏ ਦੇ ਸਿਆਸੀ ਦਬਾਅ ਤੋਂ ਪ੍ਰੇਸ਼ਾਨ ਸੁਨਿਆਰੇ ਨੇ ਕੀਤੀ ਖੁਦਕੁਸ਼ੀ
ਵਿਧਾਇਕ ਇੰਦਰਬੀਰ ਸਿੰਘ ਬੁਲਾਰੀਆ ਦੇ ਪੀਏ ਦੇ ਸਿਆਸੀ ਦਬਾਅ ਤੋਂ ਪਰੇਸ਼ਾਨ ਸੁਨਿਆਰੇ ਵਲੋਂ ਅੰਮ੍ਰਿਤਸਰ ਦੇ ਇਕ ਹੋਟਲ ਵਿਚ ਖੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ।
ਅੰਮ੍ਰਿਤਸਰ (ਸਰਵਣ ਸਿੰਘ): ਕਾਂਗਰਸੀ ਵਿਧਾਇਕ ਇੰਦਰਬੀਰ ਸਿੰਘ ਬੁਲਾਰੀਆ ਦੇ ਪੀਏ ਦੇ ਸਿਆਸੀ ਦਬਾਅ ਤੋਂ ਪਰੇਸ਼ਾਨ ਸੁਨਿਆਰੇ ਵਲੋਂ ਅੰਮ੍ਰਿਤਸਰ ਦੇ ਇਕ ਹੋਟਲ ਵਿਚ ਸਲਫਾਸ ਖਾ ਕੇ ਖੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਖੁਦਕੁਸ਼ੀ ਤੋਂ ਪਹਿਲਾਂ ਸੁਨਿਆਰੇ ਵਲੋਂ ਇਕ ਸੁਸਾਈਡ ਨੋਟ ਵੀ ਲਿਖਿਆ ਗਿਆ, ਜਿਸ ਵਿਚ ਉਸ ਨੇ ਦੱਸਿਆ ਕਿ ਉਸ ਉੱਤੇ ਸਿਆਸੀ ਦਬਾਅ ਬਣਾਇਆ ਜਾ ਰਿਹਾ ਸੀ। ਇਸੇ ਪਰੇਸ਼ਾਨੀ ਦੇ ਚਲਦਿਆਂ ਉਸ ਨੇ ਇਹ ਖੌਫਨਾਕ ਕਦਮ ਚੁੱਕਿਆ ਹੈ। ਉਸ ਨੇ ਅਪਣੀ ਮੌਤ ਲਈ ਇੰਦਰਬੀਰ ਬੁਲਾਰੀਆ ਦੇ ਪੀਏ ਅਤੇ ਇਕ ਆਈਏਐਸ ਅਫਸਰ ਨੂੰ ਜ਼ਿੰਮੇਵਾਰ ਦੱਸਿਆ ਹੈ।
ਵਪਾਰੀ ਸੁਖਵਿੰਦਰ ਸਿੰਘ ਦੀ ਮੌਤ ਤੋਂ ਬਾਅਦ ਉਸ ਦੇ ਪਰਿਵਾਰਕ ਮੈਂਬਰਾਂ ਅਤੇ ਹੋਰ ਰਿਸ਼ਤੇਦਾਰਾਂ ਵੱਲੋਂ ਥਾਣਾ ਬੀ ਡਿਵੀਜ਼ਨ ਦੇ ਬਾਹਰ ਪੁਲਿਸ ਪ੍ਰਸ਼ਾਸਨ ਖਿਲਾਫ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ। ਸੈਂਕੜੇ ਦੀ ਗਿਣਤੀ ਵਿਚ ਜਮ੍ਹਾਂ ਲੋਕਾਂ ਵਲੋਂ ਪੰਜਾਬ ਸਰਕਾਰ ਖਿਲਾਫ ਵੀ ਨਾਅਰੇਬਾਜ਼ੀ ਕੀਤੀ ਗਈ। ਉਧਰ ਸ਼੍ਰੋਮਣੀ ਅਕਾਲੀ ਦਲ ਦਾ ਕਹਿਣਾ ਹੈ ਕਿ ਹਰਭਜਨ ਸਿੰਘ ਨਾਂਅ ਦੇ ਇਕ ਵਿਅਕਤੀ ਨੇ ਸੁਖਵਿੰਦਰ ਸਿੰਘ ਦੇ ਘਰ ਕਰੀਬ 15 ਵਿਅਕਤੀ ਭੇਜ ਕੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਵਾਇਆ ਸੀ, ਇਸ ਦੌਰਾਨ ਸੁਖਵਿੰਦਰ ਸਿੰਘ ਗੰਭੀਰ ਜ਼ਖਮੀ ਹੋ ਗਿਆ, ਜਿਸ ਨੂੰ ਅੰਮ੍ਰਿਤਸਰ ਸਿਵਲ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ।
ਇਸ ਤੋਂ ਬਾਅਦ ਪੁਲਿਸ ਵਲੋਂ ਮੁਲਜ਼ਮਾ ਖਿਲਾਫ਼ ਕਾਰਵਾਈ ਕਰਨ ਦੀ ਬਜਾਏ ਸੁਖਵਿੰਦਰ ਸਿੰਘ ਖਿਲਾਫ਼ ਮਾਮਲਾ ਦਰਜ ਕੀਤਾ ਗਿਆ। ਇਸ ਤੋਂ ਬਾਅਦ ਵਿਧਾਇਕ ਦੇ ਪੀਏ ਨੇ ਵੀ ਰਾਜ਼ੀਨਾਮੇ ਲਈ ਦਬਾਅ ਪਾਇਆ। ਇਸ ਦੌਰਾਨ ਅਕਾਲੀਆਂ ਵਲੋਂ ਵਿਧਾਇਕ ਇੰਦਰਬੀਰ ਸਿੰਘ ਖਿਲਾਫ਼ ਵੀ ਮਾਮਲਾ ਦਰਜ ਕਰਨ ਦੀ ਮੰਗ ਕੀਤੀ ਜਾ ਰਹੀ ਹੈ। ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਇੰਦਰਬੀਰ ਸਿੰਘ ਬੁਲਾਰੀਆ ਵੱਲੋਂ ਮ੍ਰਿਤਕ ਸੁਖਵਿੰਦਰ ਸਿੰਘ ਨੂੰ ਆਪਣੀ ਕੋਠੀ ਬੁਲਾਇਆ ਗਿਆ ਸੀ, ਜਿੱਥੇ ਇੰਦਰਬੀਰ ਬੁਲਾਈਆ ਦੇ ਪੀਏ ਵਲੋਂ ਇਕ ਕੁੱਟਮਾਰ ਮਾਮਲੇ 'ਚ ਰਾਜ਼ੀਨਾਮਾ ਕਰਨ ਲਈ ਸੁਖਵਿੰਦਰ ਸਿੰਘ ’ਤੇ ਲਗਾਤਾਰ ਦਬਾਅ ਪਾਇਆ ਜਾ ਰਿਹਾ ਸੀ।
ਇਸ ਤੋਂ ਬਾਅਦ ਸੁਖਵਿੰਦਰ ਸਿੰਘ ਨੇ ਅੰਮ੍ਰਿਤਸਰ ਆ ਕੇ ਇਕ ਨਿੱਜੀ ਹੋਟਲ ਵਿਚ ਕਮਰਾ ਕਿਰਾਏ ’ਤੇ ਲਿਆ ਅਤੇ ਸਲਫਾਸ ਖਾ ਕੇ ਆਤਮ ਹੱਤਿਆ ਕਰ ਲਈ। ਪਰਿਵਾਰਕ ਮੈਂਬਰਾਂ ਨੇ ਦੋਸ਼ ਲਗਾਇਆ ਕਿ ਸਿਆਸੀ ਦਬਾਅ ਦੇ ਚੱਲਦਿਆਂ ਪੁਲਿਸ ਵੱਲੋਂ ਦੋਸ਼ੀਆਂ ਖਿਲਾਫ ਕਾਰਵਾਈ ਨਹੀਂ ਕੀਤੀ ਜਾ ਰਹੀ ਹੈ। ਉਹਨਾਂ ਕਿਹਾ ਕਿ ਜੇਕਰ ਸੁਖਵਿੰਦਰ ਦੀ ਆਤਮ ਹੱਤਿਆ ਦੇ ਦੋਸ਼ੀਆਂ ਖਿਲਾਫ ਸਖ਼ਤ ਕਾਰਵਾਈ ਨਾ ਕੀਤੀ ਗਈ ਤਾਂ ਉਹ ਪੱਕੇ ਤੌਰ ’ਤੇ ਥਾਣਾ ਬੀ ਡਵੀਜ਼ਨ ਦੇ ਬਾਹਰ ਧਰਨਾ ਲਾਉਣਗੇ। ਸੁਨਿਆਰੇ ਦੀ ਮੌਤ ਤੋਂ ਬਾਅਦ ਪੁਲਿਸ ਵਲੋਂ ਮਾਮਲਾ ਦਰਜ ਕੀਤਾ ਗਿਆ ਹੈ। ਅਧਿਕਾਰੀਆਂ ਦਾ ਕਹਿਣਾ ਹੈ ਕਿ ਜੋ ਵੀ ਦੋਸ਼ੀ ਪਾਇਆ ਗਿਆ, ਉਸ ਨੂੰ ਬਖ਼ਸ਼ਿਆ ਨਹੀਂ ਜਾਵੇਗਾ, ਉਸ ਖਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।