ਬਲਬੀਰ ਸਿੱਧੂ ਨੇ 50 ਸਟਾਫ ਨਰਸਾਂ ਨੂੰ ਸੌਂਪੇ ਨਿਯੁਕਤੀ ਪੱਤਰ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਮੈਰਿਟ ਦੇ ਆਧਾਰ ਤੇ ਪਾਰਦਰਸ਼ੀ ਢੰਗ ਨਾਲ ਕੀਤੀਆਂ ਜਾ ਰਹੀਆਂ ਨਿਯੁਕਤੀਆਂ-ਬਲਬੀਰ ਸਿੱਧੂ

Balbir Sidhu hands over appointment letters to 50 staff nurses

ਚੰਡੀਗੜ੍ਹ:  ਸਿਹਤ ਤੇ ਪਰਿਵਾਰ ਭਲਾਈ ਮੰਤਰੀ ਪੰਜਾਬ ਬਲਬੀਰ ਸਿੰਘ ਸਿੱਧੂ ਵਲੋਂ ਅੱਜ 50 ਸਟਾਫ ਨਰਸਾਂ ਨੂੰ  ਨਿਯੁਕਤੀ ਪੱਤਰ ਸੌਂਪੇ ਗਏ। ਇਸ ਮੌਕੇ ਬਲਬੀਰ ਸਿੱਧੂ ਨੇ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੀ ਘਰ-ਘਰ ਰੋਜ਼ਗਾਰ ਯੋਜਨਾ ਤਹਿਤ ਅੱਜ ਸਟਾਫ ਨਰਸਾਂ ਦੇ 598 ਅਸਾਮੀਆਂ ਵਿਚੋਂ 50 ਸਟਾਫ ਨਰਸਾਂ ਨੂੰ ਨਿਯੁਕਤੀ ਪੱਤਰ ਦਿੱਤੇ ਗਏ ਅਤੇ ਪੜਾਅ ਵਾਰ ਬਾਕੀ ਰਹਿੰਦੀਆਂ ਅਸਾਮੀਆਂ ਨੂੰ ਵੀ ਜਲਦ ਨਿਯੁਕਤੀ ਪੱਤਰ ਜਾਰੀ ਕਰ ਦਿੱਤੇ ਜਾਣਗੇ।

ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਵਲੋਂ ਇਹ ਸਾਰੀਆਂ ਨਿਯੁਕਤੀਆਂ ਮੈਰਿਟ ਦੇ ਆਧਾਰ ਤੇ ਪਾਰਦਰਸ਼ੀ ਢੰਗ ਨਾਲ ਕੀਤੀਆਂ ਜਾ ਰਹੀਆਂ ਹਨ।  ਸਿੱਧੂ ਨੇ ਸਿਹਤ ਵਿਭਾਗ ਵਿੱਚ ਨਵ-ਨਿਯੁਕਤ ਸਟਾਫ ਨਰਸਾਂ ਨੂੰ ਵਧਾਈ ਦਿੰਦਿਆਂ ਕਿਹਾ ਉਹ ਹਸਪਤਾਲਾਂ ਵਿੱਚ ਜਾ ਕੇ ਇਮਾਨਦਾਰੀ ਅਤੇ ਤਨਦੇਹੀ ਨਾਲ ਆਪਣੀ ਜਿੰਮੇਵਾਰੀ ਨਿਭਾਉਣ।

ਉਨ੍ਹਾਂ ਦੱਸਿਆ ਕਿ ਕੋਰੋਨਾ ਵਾਇਰਸ ਦੀ ਮਹਾਂਮਾਰੀ ਦੌਰਾਨ ਸਿਹਤ ਵਿਭਾਗ ਦੇ ਸਟਾਫ ਨੇ ਪੂਰੀ ਜਿੰਮੇਵਾਰੀ ਨਾਲ ਡਿਊਟੀ ਨਿਭਾਈ ਹੈ ਅਤੇ ਪੰਜਾਬ ਸਰਕਾਰ ਵਲੋਂ ਸ਼ਾਨਦਾਰ ਕਾਰਗੁਜ਼ਾਰੀ ਵਿਖਾਉਣ ਵਾਲੇ ਕਰਮਚਾਰੀਆਂ ਨੂੰ ਸਨਮਾਨਿਤ ਵੀ ਕੀਤਾ ਗਿਆ ਹੈ।  ਸਿਹਤ ਮੰਤਰੀ ਨੇ ਦੱਸਿਆ ਕਿ ਪੰਜਾਬ ਦੇ ਘਰ-ਘਰ ਰੋਜ਼ਗਾਰ ਯੋਜਨਾ ਸਿਹਤ ਵਿਭਾਗ ਪੰਜਾਬ ਵਲੋਂ ਸਾਲ 2017 ਤੋਂ 2019 ਤੱਕ ਮੈਡੀਕਲ ਅਧਿਕਾਰੀਆਂ ਸਮੇਤ ਪੈਰਾ-ਮੈਡੀਕਲ ਅਤੇ ਹੋਰ ਸਟਾਫ ਦੀਆਂ 7000 ਅਸਾਮੀਆਂ ਭਰੀਆਂ ਜਾ ਚੁੱਕੀਆਂ ਹਨ ਜਦੋਂ ਕਿ 3954 ਅਸਾਮੀਆਂ ਦੀ ਭਰਤੀ ਪ੍ਰਕਿਰਿਆ ਅਧੀਨ ਹੈ।

ਡਾਇਰੈਕਟਰ ਸਿਹਤ ਸੇਵਾਵਾਂ (ਪਰਿਵਾਰ ਭਲਾਈ) ਪੰਜਾਬ ਡਾ. ਪ੍ਰਭਦੀਪ ਕੌਰ ਜੌਹਲ ਨੇ ਨਵ-ਨਿਯੁਕਤ ਸਟਾਫ ਨੂੰ ਸਿਹਤ ਵਿਭਾਗ ਵਿੱਚ ਨੌਕਰੀ ਪ੍ਰਾਪਤ ਕਰਨ ਲਈ ਜੀ ਆਇਆ ਕਿਹਾ। ਉਨ੍ਹਾਂ ਕਿਹਾ ਕਿ ਕੋਰੋਨਾ ਮਹਾਂਮਾਰੀ ਅਜੇ ਤੱਕ ਖਤਮ ਨਹੀਂ ਹੋਈ ਹੈ ਅਤੇ ਰੋਜਾਨਾ ਸੈਂਕੜੇ ਕੇਸ ਸਾਹਮਣੇ ਆ ਰਹੇ ਹਨ। ਇਸ ਲਈ ਕੋਰੋਨਾ ਤੋਂ ਬਚਾਅ ਲਈ ਮਾਸਕ ਪਹਿਨੋ ਅਤੇ ਹੱਥਾਂ ਨੂੰ ਸਮੇਂ ਸਮੇਂ ਤੇ ਸਾਬਣ ਪਾਣੀ ਨਾਲ ਧੋਣ ਤੇ ਸਮਾਜਿਕ ਦੂਰੀ ਬਣਾਉਣ ਦੇ ਨਿਯਮਾਂ ਦੀ ਸਖਤੀ ਨਾਲ ਪਾਲਣਾ ਕੀਤੀ ਜਾਵੇ।