ਖੇਤੀਬਾੜੀ ਕਾਨੂੰਨਾਂ ਵਿਰੁਧ ਰਾਸ਼ਟਰਪਤੀ ਨੂੰ ਮਿਲਣਗੇ ਰਾਹੁਲ ਤੇ ਸ਼ਰਦ ਪਵਾਰ ਸਮੇਤ ਕਈ ਵਿਰੋਧੀ ਨੇਤਾ

ਏਜੰਸੀ

ਖ਼ਬਰਾਂ, ਪੰਜਾਬ

ਖੇਤੀਬਾੜੀ ਕਾਨੂੰਨਾਂ ਵਿਰੁਧ ਰਾਸ਼ਟਰਪਤੀ ਨੂੰ ਮਿਲਣਗੇ ਰਾਹੁਲ ਤੇ ਸ਼ਰਦ ਪਵਾਰ ਸਮੇਤ ਕਈ ਵਿਰੋਧੀ ਨੇਤਾ

image

ਨਵੀਂ ਦਿੱਲੀ, 8 ਦਸੰਬਰ : ਖੇਤੀਬਾੜੀ ਕਾਨੂੰਨਾਂ ਵਿਰੁਧ ਵਿਰੋਧ ਪ੍ਰਦਰਸ਼ਨ ਦੇ ਵਿਚਕਾਰ ਵਿਰੋਧੀ ਪਾਰਟੀਆਂ ਦਾ ਇਕ ਵਫ਼ਦ ਬੁਧਵਾਰ ਨੂੰ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨਾਲ ਮੁਲਾਕਾਤ ਕਰੇਗਾ। ਸੀਪੀਆਈ (ਐਮ) ਦੇ ਨੇਤਾ ਸੀਤਾਰਾਮ ਯੇਚੁਰੀ ਨੇ ਕਿਹਾ ਕਿ ਵਿਰੋਧੀ ਪਾਰਟੀਆਂ ਦਾ ਸਾਂਝਾ ਵਫ਼ਦ ਭਲਕੇ ਸ਼ਾਮ 5 ਵਜੇ ਰਾਸ਼ਟਰਪਤੀ ਕੋਵਿੰਦ ਨਾਲ ਮੁਲਾਕਾਤ ਕਰੇਗਾ। ਉਨ੍ਹਾਂ ਕਿਹਾ, “ਵਫ਼ਦ ਵਿਚ ਰਾਹੁਲ ਗਾਂਧੀ, ਸ਼ਰਦ ਪਵਾਰ ਅਤੇ ਹੋਰ ਕਈ ਨੇਤਾ ਸ਼ਾਮਲ ਹੋਣਗੇ। ਕੋਵਿਡ 19 ਪ੍ਰੋਟੋਕੋਲ ਦੇ ਕਾਰਨ, ਸਿਰਫ਼ 5 ਲੋਕਾਂ ਨੂੰ ਮਿਲਣ ਦੀ ਆਗਿਆ ਮਿਲੀ ਹੈ।”
ਇਸ ਦੇ ਨਾਲ ਹੀ ਐਨਸੀਪੀ ਮੁਖੀ ਸ਼ਰਦ ਪਵਾਰ ਨੇ ਕਿਹਾ ਕਿ ਵੱਖ-ਵੱਖ ਰਾਜਨੀਤਿਕ ਪਾਰਟੀਆਂ ਦੇ ਆਗੂ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨਾਲ ਮੁਲਾਕਾਤ ਕਰਨ ਤੋਂ ਪਹਿਲਾਂ ਵਿਵਾਦਪੂਰਨ ਖੇਤੀ ਕਾਨੂੰਨਾਂ ਬਾਰੇ ਵਿਚਾਰ ਵਟਾਂਦਰੇ ਕਰਨਗੇ। ਭਾਜਪਾ ਨੇ ਸੋਮਵਾਰ ਨੂੰ ਕਿਹਾ ਸੀ ਕਿ ਪਵਾਰ ਨੇ ਕੇਂਦਰ ਦੀ ਯੂਪੀਏ ਸਰਕਾਰ ਵਿਚ ਖੇਤੀਬਾੜੀ ਮੰਤਰੀ ਵਜੋਂ ਰਾਜਾਂ ਨੂੰ ਏਪੀਐਮਸੀ ਐਕਟ ਵਿਚ ਸੋਧ ਕਰਨ ਲਈ ਕਿਹਾ ਸੀ ਅਤੇ ਚੇਤਾਵਨੀ ਦਿਤੀ ਸੀ ਕਿ ਜੇ ਤਿੰਨ ਸੁਧਾਰ ਨਾ ਕੀਤੇ ਗਏ ਤਾਂ ਕੇਂਦਰ ਵਿੱਤੀ ਸਹਾਇਤਾ ਨਹੀਂ ਦੇਵੇਗਾ।
ਐਨਸੀਪੀ ਨੇ ਕਿਹਾ ਸੀ ਕਿ ਪਵਾਰ ਨੇ ਕੇਂਦਰੀ ਖੇਤੀਬਾੜੀ ਮੰਤਰੀ ਹੋਣ ਦੇ ਨਾਤੇ ਰਾਜਾਂ
ਦੇ ਖੇਤੀਬਾੜੀ ਮਾਰਕੀਟਿੰਗ ਬੋਰਡਾਂ ਨਾਲ ਵਿਆਪਕ ਸਹਿਮਤੀ ਬਣਾਉਣ ਦੀ ਕੋਸ਼ਿਸ਼ ਕੀਤੀ ਅਤੇ ਕਾਨੂੰਨ ਲਾਗੂ ਕਰਨ ਲਈ ਉਨ੍ਹਾਂ ਤੋਂ ਸੁਝਾਅ ਮੰਗੇ ਸੀ। ਦੱਸ ਦੇਈਏ ਕਿ ਕਿਸਾਨ ਕੇਂਦਰ ਦੇ ਤਿੰਨ ਨਵੇਂ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਨੂੰ ਲੈ ਕੇ ਵਿਰੋਧ ਪ੍ਰਦਰਸ਼ਨ ਕਰ ਰਹੇ ਹਨ। ਅੱਜ ਕਿਸਾਨਾਂ ਨੇ ਭਾਰਤ ਬੰਦ ਕਰ ਦਿਤਾ ਹੈ। ਇਸ ਬੰਦ ਦਾ ਸਮਰਥਨ ਕਾਂਗਰਸ, ਐਨਸੀਪੀ, ਸ਼ਿਵ ਸੈਨਾ, ਟੀਐਮਸੀ ਅਤੇ ਸਮਾਜਵਾਦੀ ਪਾਰਟੀ ਸਮੇਤ ਲੱਗਭਗ 15 ਪਾਰਟੀਆਂ ਨੇ ਕੀਤਾ ਹੈ। (ਪੀਟੀਆਈ)