ਸੁਖਬੀਰ ਬਾਦਲ ਨੇ ਕਿਹਾ, ਸੁੱਖੀ ਰੰਧਾਵਾ ਹੈ 'ਗੈਂਗਸਟਰਾਂ ਦਾ ਸਭ ਤੋਂ ਵੱਡਾ ਪਿਉ'!

ਏਜੰਸੀ

ਖ਼ਬਰਾਂ, ਪੰਜਾਬ

ਬਾਬਾ ਗੁਰਦੀਪ ਸਿੰਘ ਉਮਰਪੁਰਾ ਦੇ ਸ਼ਰਧਾਂਜਲੀ ਸਮਾਗਮ 'ਚ ਹੋਏ ਸ਼ਾਮਲ

file photo

ਮਜੀਠਾ: ਸਾਬਕਾ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਤੇ ਜੇਲ੍ਹ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਵਿਚਾਲੇ ਸ਼ਬਦੀ ਜੰਗ ਚਰਮ-ਸੀਮਾਂ 'ਤੇ ਪਹੁੰਚਦੀ ਦਿਖਾਈ ਦੇ ਰਹੀ ਹੈ। ਸੁਖਬੀਰ ਬਾਦਲ ਨੇ ਹੁਣ ਸੁਖਜਿੰਦਰ ਸਿੰਘ ਨੂੰ 'ਗੈਂਗਸਟਰਾਂ ਦਾ ਸਭ ਤੋਂ ਵੱਡੇ ਪਿਉ' ਦਾ ਲਕਬ ਦਿੰਦਿਆਂ ਗੈਂਗਸਟਰਾਂ ਦੀ ਹੋਂਦ ਤੇ ਵਾਧੇ ਲਈ ਕਾਂਗਰਸ ਨੂੰ ਜ਼ਿੰਮੇਵਾਰ ਦਸਿਆ ਹੈ।

ਸੁਖਬੀਰ ਸਿੰਘ ਬਾਦਲ ਅੱਜ ਸਾਬਕਾ ਅਕਾਲੀ ਸਰਪੰਚ ਬਾਬਾ ਗੁਰਦੀਪ ਸਿੰਘ ਉਮਰਾਪੁਰਾ ਦੀ ਅੰਤਿਮ ਅਰਦਾਸ 'ਚ ਸ਼ਾਮਲ ਹੋਣ ਲਈ ਮਜੀਠਾ ਵਿਖੇ ਆਏ ਸਨ। ਇਸ ਮੌਕੇ ਜੁੜੇ ਵੱਡੇ ਇਕੱਠ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਾਂਗਰਸ 'ਤੇ ਤਿੱਖੇ ਹਮਲੇ ਵੀ ਕੀਤੇ। ਉਨ੍ਹਾਂ ਬਾਬਾ ਗੁਰਦੀਪ ਸਿੰਘ ਉਮਰਪੁਰਾ ਦੀ ਹਤਿਆ ਨੂੰ ਸਿਆਸੀ ਕਤਲ ਕਰਾਰ ਦਿੰਦਿਆਂ ਕਿਹਾ ਕਿ ਜੇਕਰ ਕਾਤਲਾਂ ਨੂੰ 10 ਦਿਨਾਂ ਦੇ ਅੰਦਰ ਅੰਦਰ ਫੜਿਆ ਨਾ ਗਿਆ ਤਾਂ ਮਜੀਠਾ ਜ਼ਿਲ੍ਹਾ ਪੁਲਿਸ ਮੁਖੀ ਦੇ ਦਫ਼ਤਰ ਦਾ ਘਿਰਾਓ ਕੀਤਾ ਜਾਵੇ।

ਉਨ੍ਹਾਂ ਕਿਹਾ ਕਿ ਕਾਂਗਰਸ ਵਲੋਂ ਕਿਸੇ ਨਾ ਕਿਸੇ ਬਹਾਨੇ ਅਕਾਲੀ ਵਰਕਰਾਂ ਨੂੰ ਖ਼ਤਮ ਕਰਨ ਦੀ ਮੁਹਿੰਮ ਚਲਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ  ਕਾਂਗਰਸ ਗੈਂਗਸਟਰਾਂ ਨੂੰ ਵਰਤ ਕੇ ਰਾਜ ਕਰਨ ਦਾ ਸੁਪਨਾ ਸਜਾਈ ਬੈਠੀ ਹੈ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਹੀ ਗੈਂਗਸਟਰਾਂ ਦੀ ਆਗੂ ਬਣ ਜਾਵੇ ਤਾਂ ਹਲਾਤ ਦਾ ਅੰਦਾਜ਼ਾ ਲਾਉਣਾ ਔਖਾ ਨਹੀਂ ਹੈ।

ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਕਿਸੇ ਵੀ ਗੈਂਗਸਟਰ ਦੀ ਕੀ ਹਿੰਮਤ ਕਿ ਉਹ ਕਿਸੇ ਨੂੰ ਕੋਈ ਧਮਕੀ ਦੇ ਦੇਵੇ। ਉਹ ਉਸ ਵਕਤ ਕਿਸੇ ਨੂੰ ਧਮਕੀ ਦੇਵੇਗਾ ਜਦ ਉਸ ਨੂੰ ਪਤਾ ਤੇ ਯਕੀਨ ਹੋਵੇ ਕਿ ਉਸ ਨੂੰ ਸਰਕਾਰ ਅਤੇ ਪੁਲਿਸ ਵਲੋਂ ਸਰਪ੍ਰਸਤੀ ਮਿਲੀ ਹੋਈ ਹੈ। ਉਨ੍ਹਾਂ ਕਿਹਾ ਕਿ ਸਰਕਾਰ ਅਤੇ ਮੰਤਰੀ ਗੈਂਗਸਟਰਾਂ ਦੀ ਪੁਸ਼ਤ ਪਨਾਹੀ ਕਰ ਰਹੇ ਹਨ।

ਇਸ ਮੌਕੇ ਬਿਕਰਮਜੀਤ ਸਿੰਘ ਮਜੀਠੀਆ ਨੇ ਕਿਹਾ ਕਿ ਬਾਬਾ ਗੁਰਦੀਪ ਸਿੰਘ ਨੂੰ ਕਾਂਗਰਸੀ ਕਾਰਕੁਨਾਂ ਅਤੇ ਗੈਂਗਸਟਰਾਂ ਵਲੋਂ ਧਮਕੀਆਂ ਮਿਲ ਰਹੀਆਂ ਸਨ। ਇਸ ਸਬੰਧੀ ਉਨ੍ਹਾਂ ਡੀਜੀਪੀ ਨੂੰ ਲਿਖਤੀ ਸ਼ਿਕਾਇਤ ਵੀ ਦਿਤੀ ਸੀ। ਪਰ ਕੋਈ ਅਸਰ ਨਹੀਂ ਹੋਇਆ ਅਤੇ ਗਿਣੀ ਮਿਥੀ ਸਾਜ਼ਿਸ਼ ਅਧੀਨ ਉਸ ਦਾ ਕਤਲ ਕਰ ਦਿਤਾ ਗਿਆ।

ਉਨ੍ਹਾਂ ਕਿਹਾ ਕਿ ਬੇਸ਼ੱਕ ਉਸ ਨੂੰ ਮਾਰ ਦਿਤਾ ਜਾਵੇ ਪਰ ਉਹ ਪੀੜਤ ਪਰਵਾਰ ਦੇ ਇਨਸਾਫ਼ ਲਈ ਅਪਣੇ ਖੂਨ ਦੇ ਆਖ਼ਰੀ ਕਤਰੇ ਤਕ ਲੜਦਾ ਰਹੇਗਾ। ਉਨ੍ਹਾਂ ਕਿਹਾ ਕਿ ਜੇਲ੍ਹ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦਾ ਚਹੇਤਾ ਗੈਂਗਸਟਰ ਜਗੂ ਭਗਵਾਨਪੂਰੀਆ ਜੇਲ੍ਹ ਵਿਚ ਬੈਠਾ ਫਿਰੌਤੀ ਲੈ ਰਿਹਾ ਹੈ ਪਰ ਕੋਈ ਪੁਛਣ ਵਾਲਾ ਨਹੀਂ। ਉਨ੍ਹਾਂ ਕਿਹਾ ਕਿ ਸਮਾਂ ਆਉਣ 'ਤੇ ਸਭ ਮਾੜੇ ਅਨਸਰਾਂ ਨੂੰ ਜੇਲ੍ਹ 'ਚ ਸੁੱਟਿਆ ਜਾਵੇਗਾ। ਇਸ ਸ਼ਰਧਾਂਜਲੀ ਸਮਾਗਮ 'ਚ ਵੱਡੀ ਗਿਣਤੀ 'ਚ ਲੋਕ ਪਹੁੰਚੇ ਹੋਏ ਸਨ।