ਜਲੰਧਰ 'ਚ ਗੁਰਦੁਆਰਾ ਸਾਹਿਬ 'ਚ ਸ਼ਸਤਰਾਂ ਦੀ ਬੇਅਦਬੀ ਕਰਨ ਵਾਲਾ ਗ੍ਰਿਫ਼ਤਾਰ

ਏਜੰਸੀ

ਖ਼ਬਰਾਂ, ਪੰਜਾਬ

ਮੁਲਜ਼ਮ ਦੀ ਪਛਾਣ ਜਸਵਿੰਦਰ ਸਿੰਘ ਵਾਸੀ ਫਤਿਹਪੁਰ ਵਜੋਂ ਹੋਈ ਹੈ।

Arrest

 

ਜਲੰਧਰ : ਥਾਣਾ ਸਦਰ ਅਧੀਨ ਪੈਂਦੇ ਪਿੰਡ ਫਤਿਹਪੁਰ ਦੇ ਗੁਰਦੁਆਰਾ ਸਾਹਿਬ 'ਚ ਵਿਅਕਤੀ ਨੇ ਸ਼ਸਤਰਾਂ ਦੀ ਬੇਅਦਬੀ ਕੀਤੀ ਪਰ ਉੱਥੇ ਮੌਜੂਦ ਪਾਠ ਕਰ ਰਹੇ ਪਾਠੀ ਤੇ ਇਲਾਕਾ ਵਾਸੀਆਂ ਨੇ ਦੋਸ਼ੀ ਨੂੰ ਮੌਕੇ 'ਤੇ ਹੀ ਕਾਬੂ ਕਰ ਕੇ ਪੁਲਿਸ ਹਵਾਲੇ ਕਰ ਦਿੱਤਾ। ਮੁਲਜ਼ਮ ਦੀ ਪਛਾਣ ਜਸਵਿੰਦਰ ਸਿੰਘ ਵਾਸੀ ਫਤਿਹਪੁਰ ਵਜੋਂ ਹੋਈ ਹੈ। ਮੌਕੇ ’ਤੇ ਮੌਜੂਦ ਫਤਿਹਪੁਰ ਵਾਸੀ ਬਲਜਿੰਦਰ ਸਿੰਘ ਨੇ ਦੱਸਿਆ ਕਿ ਜਦੋਂ ਉਹ ਸਵੇਰੇ 6.30 ਵਜੇ ਦੇ ਕਰੀਬ ਗੁਰਦੁਆਰਾ ਸਾਹਿਬ ਮੱਥਾ ਟੇਕਣ ਆਇਆ।

ਉਦੋਂ ਹੀ ਪਿੰਡ ਦੇ ਇਕ ਵਿਅਕਤੀ ਜਸਵਿੰਦਰ ਸਿੰਘ ਨੇ ਗੁਰਦੁਆਰਾ ਸਾਹਿਬ ਅੰਦਰ ਆ ਕੇ ਮੱਥਾ ਟੇਕਦੇ ਹੋਏ ਗੁਰੂ ਗ੍ਰੰਥ ਸਾਹਿਬ ਦੇ ਕੋਲ ਪਏ ਸ਼ਸਤਰਾਂ ਨਾਲ ਗੋਲਕ ਦੀ ਭੰਨ-ਤੋੜ ਕਰਨੀ ਸ਼ੁਰੂ ਕਰ ਦਿੱਤੀ ਤੇ ਸਾਰੇ ਸ਼ਸਤਰ ਚੁੱਕ ਕੇ ਬਾਹਰ ਸੁੱਟ ਦਿੱਤੇ। ਇਸ ਤੋਂ ਬਾਅਦ ਸਮੂਹ ਸ਼ਹਿਰ ਵਾਸੀਆਂ ਨੇ ਜਸਵਿੰਦਰ ਸਿੰਘ ਨੂੰ ਫੜ ਕੇ ਪੁਲਿਸ ਹਵਾਲੇ ਕਰ ਦਿੱਤਾ। ਥਾਣਾ ਸਦਰ ਦੇ ਇੰਚਾਰਜ ਸੁਖਬੀਰ ਸਿੰਘ ਨੇ ਦੱਸਿਆ ਕਿ ਉਹਨਾਂ ਨੂੰ ਸੂਚਨਾ ਮਿਲੀ ਸੀ ਕਿ ਫਤਿਹਪੁਰ ਦੇ ਗੁਰਦੁਆਰਾ ਸਾਹਿਬ ਵਿਖੇ ਬੇਅਦਬੀ ਦੀ ਘਟਨਾ ਵਾਪਰੀ ਹੈ ਜਿਸ 'ਤੇ ਪੁਲਿਸ ਅਧਿਕਾਰੀ ਮੌਕੇ 'ਤੇ ਪਹੁੰਚੇ ਤੇ ਦੋਸ਼ੀ ਨੂੰ ਗ੍ਰਿਫਤਾਰ ਕਰ ਕੇ ਮਾਮਲਾ ਦਰਜ ਕਰ ਲਿਆ ਗਿਆ।