ਡਾ: ਨਿੱਜਰ ਨੇ ਸੁਲਤਾਨਵਿੰਡ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਬਣਨ ਵਾਲੇ ਨਵੇਂ ਬਲਾਕ ਦਾ ਰੱਖਿਆ ਨੀਂਹ ਪੱਥਰ

ਏਜੰਸੀ

ਖ਼ਬਰਾਂ, ਪੰਜਾਬ

ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ ਨਾਲ ਖੇਡਾਂ ਨਾਲ ਜੁੜਨ ਦਾ ਦਿੱਤਾ ਸੱਦਾ

Dr Nijjar laid the foundation stone of the new block to be built at Government Senior Secondary School, Sultanwind.

 

ਚੰਡੀਗੜ੍ਹ, 10 ਜਨਵਰੀ : ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਸਰਕਾਰ ਦਾ ਮੁੱਖ ਉਦੇਸ਼ ਸੂਬੇ ਦੇ ਲੋਕਾਂ ਨੂੰ ਚੰਗੀ ਸਿਹਤ ਦੇ ਨਾਲ ਨਾਲ ਮਿਆਰੀ ਸਿੱਖਿਆ ਪ੍ਰਦਾਨ ਕਰਨਾ ਵੀ ਹੈ। ਇਸੇ ਲੜੀ ਤਹਿਤ ਸੂਬੇ ਭਰ ਦੇ ਸਰਕਾਰੀ ਸਕੂਲਾਂ ਵਿੱਚ ਮੁੱਢਲਾ ਬੁਨਿਆਦੀ ਢਾਂਚਾ ਮੁਹੱਈਆ ਕਰਵਾਇਆ ਜਾ ਰਿਹਾ ਹੈ ਅਤੇ ਇਸ ਦੇ ਨਾਲ-ਨਾਲ ਲੋਕਾਂ ਨੂੰ ਚੰਗੀਆਂ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਆਮ ਆਦਮੀ ਕਲੀਨਿਕ ਵੀ ਖੋਲੇ ਜਾ ਰਹੇ ਹਨ।

ਇਨ੍ਹਾਂ ਸ਼ਬਦਾ ਦਾ ਪ੍ਰਗਟਾਵਾ ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ: ਇੰਦਰਬੀਰ ਸਿੰਘ ਨਿੱਜਰ ਨੇ ਅੱਜ ਸ਼ਹੀਦ ਗੁਰਮੀਤ ਸਿੰਘ ਸੀਨੀਅਰ ਸੈਕੰਡਰੀ ਸਕੂਲ ਸੁਲਤਾਨਵਿੰਡ ਲੜਕੀਆਂ ਦੇ ਸਕੂਲ ਵਿੱਚ ਨਵੇਂ ਬਲਾਕ ਦਾ ਨੀਂਹ ਪੱਥਰ ਰੱਖਣ ਉਪਰੰਤ ਕੀਤਾ। ਇਸ ਮੌਕੇ ਸਕੂਲ ਵੱਲੋਂ ਸਲਾਨਾ ਇਨਾਮ ਵੰਡ ਸਮਾਰੋਹ ਵੀ ਕਰਵਾਇਆ ਗਿਆ। ਸਮਾਗਮ ਦੀ ਸ਼ੁਰੂਆਤ ਸ਼ਬਦ ਗਾਇਨ ਉਪਰੰਤ ਡਾ: ਨਿੱਜਰ ਨੇ ਬੱਚਿਆਂ ਨੂੰ ਅਕਾਦਮਿਕ ਅਤੇ ਵੱਖ ਵੱਖ ਗੈਰ ਅਕਾਦਮਿਕ ਮੁਕਾਬਲਿਆ ਵਿੱਚ ਜ਼ਿਲ੍ਹਾ ਅਤੇ ਰਾਜ ਪੱਧਰ ਤੇ ਜੇਤੂ ਰਹਿਣ ’ਤੇ ਪੁਰਸਕਾਰ ਦੇ ਕੇ ਸਨਮਾਨਤ ਵੀ ਕੀਤਾ ਗਿਆ।

ਡਾ: ਨਿੱਜਰ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਕਿਤਾਬੀ ਗਿਆਨ ਤੋਂ ਇਲਾਵਾ ਜਿੰਦਗੀ ਵਿੱਚ ਅੱਗੇ ਵਧਣ ਲਈ ਆਪਣੀ ਸਖਸ਼ੀਅਤ ਨੂੰ ਨਿਖਾਰਨਾਂ ਵੀ ਉਨ੍ਹਾਂ ਨੂੰ ਬਹੁਤ ਅੱਗੇ ਸਫਲਤਾ ਵੱਲ ਲੈ ਕੇ ਜਾਵੇਗਾ ਅਤੇ ਬੱਚਿਆਂ ਨੂੰ ਚਾਹੀਦਾ ਹੈ ਕਿ ਉਹ ਆਪਣੇ ਵਿਵਹਾਰ ਨੂੰ ਐਨਾ ਚੰਗਾ ਬਣਾਉਣ ਕਿ ਉਨ੍ਹਾਂ ਦਾ ਕਿਰਦਾਰ ਉੱਚਾ ਹੋਵੇ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਕਿਹਾ ਕਿ ਪੜ੍ਹਾਈ ਦੇ ਨਾਲ ਨਾਲ ਖੇਡਾਂ ਵੀ ਬਹੁਤ ਜਰੂਰੀ ਹਨ ਕਿਉਂਕਿ ਖੇਡਾਂ ਹੀ ਬੱਚਿਆਂ ਦਾ ਮਾਨਸਿਕ ਵਿਕਾਸ ਕਰਦੀਆਂ ਹਨ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਖੇਡਾਂ ਨਾਲ ਜੁੜਣ ਦਾ ਸੱਦਾ ਦਿੰਦਿਆਂ ਕਿਹਾ ਕਿ ਉਹ ਪੜ੍ਹਾਈ ਦੇ ਨਾਲ ਖੇਡਾਂ ਨੂੰ ਤਰਜੀਹ ਦੇਣ। ਡਾ: ਨਿੱਜਰ ਨੇ ਵਿਸ਼ੇਸ਼ ਤੌਰ ਤੇ ਸਕੂਲ ਦੇ ਪ੍ਰਿੰਸੀਪਲ ਸ੍ਰ ਅਮਰਜੀਤ ਸਿੰਘ ਅਤੇ ਸਮੂਹ ਸਟਾਫ ਦੀ ਤਾਰੀਫ ਕਰਦੇ ਹੋਏ ਵੱਖ ਵੱਖ ਉਪਲੱਬਧੀਆਂ ਲਈ ਮੁਬਾਰਕਬਾਦ ਦਿੱਤੀ।

ਇਸ ਮੌਕੇ ਜ਼ਿਲ੍ਹਾ ਸਿਖਿਆ ਅਫਸਰ ਸੈਕੰਡਰੀ ਜੁਗਰਾਜ ਸਿੰਘ ਨੇ ਆਪਣੇ ਵਿਚਾਰ ਸਾਂਝੇ ਕਰਦਿਆਂ ਬੱਚਿਆਂ ਨੂੰ ਹੋਰ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ ਅਤੇ ਪੂਰੀ ਮਿਹਨਤ ਕਰਕੇ ਜਿੰਦਗੀ ਦੇ ਇਮਤਿਹਾਨਾਂ ਵਿੱਚ ਸਫਲ ਹੋਣ ਦੀ ਪ੍ਰੇਰਨਾ ਦਿੱਤੀ। ਸਮਾਗਮ ਉਪਰੰਤ ਸਕੂਲ ਸਟਾਫ ਵੱਲੋਂ ਡਾ: ਨਿੱਜਰ ਨੂੰ ਵਿਸ਼ੇਸ਼ ਤੌਰ ਤੇ ਸਨਮਾਨਤ ਵੀ ਕੀਤਾ ਗਿਆ। ਇਸ ਮੌਕੇ ਕੁਆਰਡੀਨੇਟਰ ਮੈਡਮ ਨਰਿੰਦਰ ਕੌਰ, ਸ੍ਰ ਦਵਿੰਦਰ ਸਿੰਘ, ਸ੍ਰ ਗੁਰਇਕਬਾਲ ਸਿੰਘ, ਮੈਡਮ ਸੁਖਰਾਜ ਕੌਰ, ਮੈਡਮ ਮਨਪ੍ਰੀਤ ਕੌਰ, ਮੈਡਮ ਭਾਰਤੀ, ਸ੍ਰ ਸ਼ਰਨਜੀਤ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਬੱਚਿਆਂ ਦੇ ਮਾਪੇ ਵੀ ਹਾਜਰ ਸਨ।