ਕੈਪਟਨ ਅਮਰਿੰਦਰ ਸਿੰਘ ਵਲੋਂ ਅਧਿਆਪਕਾਂ ਅਤੇ ਹੋਰ ਮੁਲਾਜ਼ਮਾਂ ਦੀਆਂ ਮੰਗਾਂ ਦੇ ਛੇਤੀ ਹੱਲ ਦਾ ਭਰੋਸਾ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਪ੍ਰਦਰਸ਼ਨਕਾਰੀ ਅਧਿਆਪਕਾਂ ਅਤੇ ਹੋਰ ਮੁਲਾਜ਼ਮਾਂ ਨੂੰ ਅੰਦੋਲਨ ਦਾ ਰਾਹ ਤਿਆਗਣ ਅਤੇ ਥੋੜਾ...

Captain Amarinder Singh

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਪ੍ਰਦਰਸ਼ਨਕਾਰੀ ਅਧਿਆਪਕਾਂ ਅਤੇ ਹੋਰ ਮੁਲਾਜ਼ਮਾਂ ਨੂੰ ਅੰਦੋਲਨ ਦਾ ਰਾਹ ਤਿਆਗਣ ਅਤੇ ਥੋੜਾ ਸਬਰ ਰੱਖਣ ਦੀ ਅਪੀਲ ਕੀਤੀ ਹੈ ਕਿਉਂਕਿ ਸੂਬਾ ਸਰਕਾਰ ਉਨਾਂ ਦੀਆਂ ਬਕਾਇਆ ਮੰਗਾਂ ਦਾ ਸੁਖਾਵਾਂ ਹੱਲ ਲੱਭਣ ਲਈ ਪੂਰਨ ਤੌਰ ’ਤੇ ਵਚਨਬੱਧ ਹੈ। ਇੱਥੋਂ ਜਾਰੀ ਇਕ ਬਿਆਨ ਵਿੱਚ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਮੁਲਾਜ਼ਮਾਂ ਨੂੰ ਇਹ ਜ਼ਰੂਰ ਸਮਝਣਾ ਚਾਹੀਦਾ ਹੈ ਕਿ ਸੂਬੇ ਨੂੰ ਦਰਪੇਸ਼ ਘੋਰ ਵਿੱਤੀ ਸੰਕਟ ਦੇ ਬਾਵਜੂਦ ਰਾਜ ਸਰਕਾਰ ਮੁਲਾਜ਼ਮਾਂ ਦੇ ਸਾਰੇ ਬਕਾਇਆ ਮਾਮਲਿਆਂ ਨੂੰ ਸੁਲਝਾਉਣ ਲਈ ਹਰ ਸੰਭਵ ਕਦਮ ਚੁੱਕ ਰਹੀ ਹੈ।

ਉਨਾਂ ਕਿਹਾ ਕਿ ਰੋਸ ਪ੍ਰਦਰਸ਼ਨਾਂ ਨਾਲ ਕੋਈ ਉਸਾਰੂ ਹੱਲ ਨਹੀਂ ਨਿਕਲੇਗਾ ਅਤੇ ਉਨਾਂ ਦੇ ਮਸਲੇ ਦਾ ਹੱਲ ਕੱਢਣ ਲਈ ਛੇਤੀ ਹੀ ਗੱਲਬਾਤ ਹੋਵੇਗੀ। ਅਧਿਆਪਕਾਂ ਸਮੇਤ ਸਾਰੇ ਮੁਲਾਜ਼ਮ ਸਮਾਜ ਦਾ ਬਹੁਤ ਹੀ ਅਹਿਮ ਹਿੱਸਾ ਹੋਣ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਉਨਾਂ ਨੂੰ ਭਰੋਸਾ ਦਿੱਤਾ ਕਿ ਸਿਹਤ ਮੰਤਰੀ ਬ੍ਰਹਮ ਮਹਿੰਦਰਾ ਦੀ ਅਗਵਾਈ ਵਿੱਚ ਕਾਇਮ ਕੀਤੀ ਸਬ-ਕਮੇਟੀ ਮੁਲਾਜ਼ਮਾਂ ਦੀਆਂ ਮੰਗਾਂ ਦਾ ਹੱਲ ਕੱਢਣ ਲਈ ਪਹਿਲਾਂ ਹੀ ਕੰਮ ਕਰ ਰਹੀ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਮੁਲਾਜ਼ਮਾਂ ਨੂੰ ਦਰਪੇਸ਼ ਮਸਲਿਆਂ ਨੂੰ ਸੁਲਝਾਉਣ ਲਈ ਵੱਖ-ਵੱਖ ਮੁਲਾਜ਼ਮਾਂ ਜਥੇਬੰਦੀਆਂ ਦੇ ਨੁਮਾਇੰਦਿਆਂ ਨੂੰ ਉਹ ਖੁਦ ਵੀ ਛੇਤੀ ਹੀ ਮਿਲਣਗੇ। ਮੁੱਖ ਮੰਤਰੀ ਨੇ ਕਿਹਾ ਕਿ ਵਿੱਤੀ ਤੰਗੀ ਦੇ ਬਾਵਜੂਦ ਉਨਾਂ ਦੀ ਸਰਕਾਰ ਨੇ ਹਾਲ ਹੀ ਵਿੱਚ ਸਰਕਾਰੀ ਖਜ਼ਾਨੇ ’ਤੇ 720 ਕਰੋੜ ਰੁਪਏ ਦਾ ਬੋਝ ਪਾ ਕੇ 6 ਫੀਸਦੀ ਮਹਿੰਗਾਈ ਭੱਤਾ ਦੇਣ ਦੀ ਪ੍ਰਵਾਨਗੀ ਦਿੱਤੀ ਹੈ ਜਿਸ ਨਾਲ 3.25 ਲੱਖ ਮੁਲਾਜ਼ਮਾਂ ਅਤੇ 3 ਲੱਖ ਪੈਨਸ਼ਨਰਾਂ ਨੂੰ ਲਾਭ ਪਹੁੰਚੇਗਾ।