ਕੈਬਨਿਟ ਮੰਤਰੀ ਸਿੰਗਲਾ ਨੇ ਵਰਚੂਅਲ ਉਦਘਾਟਨ ਸਮਾਰੋਹ ਦੌਰਾਨ ਚੰਨੋ ’ਚ ਲਾਭਪਾਤਰੀਆਂ ਨੂੰ ਲੋੜੀਂਦੀਆਂ

ਏਜੰਸੀ

ਖ਼ਬਰਾਂ, ਪੰਜਾਬ

ਕੈਬਨਿਟ ਮੰਤਰੀ ਸਿੰਗਲਾ ਨੇ ਵਰਚੂਅਲ ਉਦਘਾਟਨ ਸਮਾਰੋਹ ਦੌਰਾਨ ਚੰਨੋ ’ਚ ਲਾਭਪਾਤਰੀਆਂ ਨੂੰ ਲੋੜੀਂਦੀਆਂ ਸੇਵਾਵਾਂ ਦੇ ਸਰਟੀਫ਼ਿਕੇਟ ਵੰਡੇ

image

ਭਵਾਨੀਗੜ੍ਹ, 9 ਫ਼ਰਵਰੀ (ਗੁਰਪ੍ਰੀਤ ਸਿੰਘ ਸਕਰੌਦੀ) -ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬਾ ਵਾਸੀਆਂ ਨੂੰ ਮਿਆਰੀ ਤੇ ਪਾਰਦਰਸ਼ੀ ਪ੍ਰਸ਼ਾਸਨਿਕ ਸੇਵਾਵਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ ਅਤੇ ਇਸੇ ਤਹਿਤ ਅੱਜ ਮੁੱਖ ਮੰਤਰੀ ਵੱਲੋਂ ਸੇਵਾ ਕੇਂਦਰਾਂ ਤਹਿਤ 56 ਹੋਰ ਨਾਗਰਿਕ ਸੇਵਾਵਾਂ ਦੀ ਸ਼ੁਰੂਆਤ ਕੀਤੀ ਗਈ ਹੈ। ਇਨਾਂ ਸ਼ਬਦਾਂ ਦਾ ਪ੍ਰਗਟਾਵਾ ਸਕੂਲ ਸਿੱਖਿਆ ਅਤੇ ਲੋਕ ਨਿਰਮਾਣ ਮੰਤਰੀ ਪੰਜਾਬ ਸ਼੍ਰੀ ਵਿਜੈ ਇੰਦਰ ਸਿੰਗਲਾ ਨੇ ਕੈਪਟਨ ਅਮਰਿੰਦਰ ਸਿੰਘ ਵੱਲੋਂ ਅੱਜ ਇਨਾਂ ਸੇਵਾਵਾਂ ਦੀ ਵਿਰਚੂਅਲ ਸ਼ੁਰੂਆਤ ਕਰਨ ਮੌਕੇ  ਨੇੜਲੇ ਪਿੰਡ ਚੰਨੋ ਵਿਖੇ ਰੱਖੇ ਗਏ ਜ਼ਿਲਾ ਪੱਧਰੀ ਸਮਾਗਮ ਵਿਚ ਸ਼ਿਰਕਤ ਕਰਨ ਮੌਕੇ ਕੀਤਾ। ਇਸ ਮੌਕੇ ਸ਼੍ਰੀ ਸਿੰਗਲਾ ਨੇ ਲਾਭਪਾਤਰੀਆਂ ਨੂੰ ਸੇਵਾ ਕੇਂਦਰਾਂ ਰਾਹੀਂ ਮਿਲਣ ਵਾਲੀਆਂ ਸੇਵਾਵਾਂ ਤਹਿਤ ਸਰਟੀਫਿਕੇਟਾਂ ਦੀ ਵੀ ਵੰਡ ਕੀਤੀ।ਕੈਬਨਿਟ ਮੰਤਰੀ ਨੇ ਦੱਸਿਆ ਕਿ ਅੱਜ ਸੇਵਾ ਕੇਂਦਰਾਂ ਰਾਹੀਂ ਸਾਰੀਆਂ ਨਾਗਰਿਕ ਕੇਂਦਰਤ ਸੇਵਾਵਾਂ ਨੂੰ ਇੱਕ ਛੱਤ ਹੇਠ ਲਿਆਉਣ ਦਾ ਉਪਰਾਲਾ ਕੀਤਾ ਗਿਆ ਹੈ ਜਿਸ ਤਹਿਤ ਪਹਿਲਾਂ ਤੋਂ ਮਿਲ ਰਹੀਆਂ ਸੇਵਾਵਾਂ ਵਿੱਚ 56 ਹੋਰ ਸੇਵਾਵਾਂ ਜੋੜੀਆਂ ਗਈਆਂ ਹਨ। ਉਨਾਂ ਦੱਸਿਆ ਕਿ ਅੱਜ ਸੇਵਾ ਕੇਂਦਰਾਂ ਰਾਹੀਂ ਸ਼ੁਰੂ ਕੀਤੀਆਂ ਗਈਆਂ ਸੇਵਾਵਾਂ ਵਿਚ ਫਰਦ ਦੀ ਨਕਲ, ਪੁਲੀਸ ਵੱਲੋਂ ਦਿੱਤੀਆਂ ਜਾਂਦੀਆਂ 20 ਨਾਗਰਿਕ ਸੇਵਾਵਾਂ ਅਤੇ ਟਰਾਂਸਪੋਰਟ ਵਿਭਾਗ ਨਾਲ ਸਬੰਧਤ 35 ਸੇਵਾਵਾਂ ਸ਼ਾਮਲ ਹਨ। ਉਨਾਂ ਕਿਹਾ ਕਿ ਇਨਾਂ ਨੂੰ ਸੇਵਾ ਕੇਂਦਰਾਂ ਰਾਹੀਂ ਦੇਣ ਦਾ ਮੁੱਖ ਮਕਸਦ ਨਾਗਰਿਕਾਂ ਨੂੰ ਸਮਾਂਬੱਧ ਤਰੀਕੇ ਨਾਲ ਸੇਵਾਵਾਂ ਪ੍ਰਦਾਨ ਕਰਨਾ ਹੈ ਤਾਂ ਜੋ ਉਨਾਂ ਨੂੰ ਖੱਜਲ-ਖੁਆਰੀ ਤੋਂ ਬਚਾਇਆ ਜਾ ਸਕੇ।ਸ਼੍ਰੀ ਵਿਜੈ ਇੰਦਰ ਸਿੰਗਲਾ ਨੇ ਦੱਸਿਆ ਕਿ ਕੈਪਟਨ ਅਮਰਿੰਦਰ ਸਿੰਘ ਦੀ ਦੂਰ-ਅੰਦੇਸ਼ੀ ਸੋਚ ਸਦਕਾ ਪੰਜਾਬ ਵਿਚ ਬੁਨਿਆਦੀ ਸਹੂਲਤਾਂ ’ਚ ਮਿਆਰੀ ਸੁਧਾਰ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ ਜਿਨਾਂ ਦੇ ਸਾਰਥਕ ਨਤੀਜੇ ਵੀ ਨਿਕਲ ਕੇ ਸਾਹਮਣੇ ਆ ਰਹੇ ਹਨ। ਇਸ ਮੌਕੇ ਹੋਰਨਾਂ ਤੋਂ ਇਲਾਵਾ ਡਿਪਟੀ ਕਮਿਸ਼ਨਰ ਰਾਮਵੀਰ, ਵਧੀਕ ਡਿਪਟੀ ਕਮਿਸ਼ਨਰ (ਜਨਰਲ) ਅਨਮੋਲ ਸਿੰਘ ਧਾਲੀਵਾਲ, ਚੇਅਰਮੈਨ ਡੀਪੀਸੀ ਸੰਗਰੂਰ ਰਾਜਿੰਦਰ ਸਿੰਘ ਰਾਜਾ ਬੀਰਕਲਾਂ, ਐਸਡੀਐਮ ਭਵਾਨੀਗੜ ਡਾ. ਕਰਮਜੀਤ ਸਿੰਘ, ਪ੍ਰਿੰਸੀਪਲ ਪੁਸ਼ਪਿੰਦਰ ਘਈ, ਪਿੰਡ ਦੀ ਪੰਚਾਇਤ ਅਤੇ ਸਰਕਾਰੀ ਸਕੂਲ ਦਾ ਹੋਰ ਸਟਾਫ਼ ਤੇ ਪਤਵੰਤੇ ਵੀ ਹਾਜ਼ਰ ਸਨ।