ਬਠਿੰਡਾ ਜ਼ਿਲ੍ਹੇ ਦੇ ਪਿੰਡ ਫੂਲੇਵਾਲਾ 'ਚ ਭਗਤ ਰਵਿਦਾਸ ਜੀ ਦੀ ਬਾਣੀ ਦੀ ਹੋਈ ਬੇਅਦਬੀ
ਪੁਲਿਸ ਨੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਮਾਮਲਾ ਕੀਤਾ ਦਰਜ
ਰਾਮਪੁਰਾ : ਪੰਜਾਬ ਦੇ ਰਾਮਪੁਰਾ ਫੂਲ ਅਧੀਨ ਆਉਂਦੇ ਪਿੰਡ ਫੂਲੇਵਾਲਾ ਵਿੱਚ ਧਾਰਮਿਕ ਗ੍ਰੰਥਾਂ ਦੀ ਬੇਅਦਬੀ ਦਾ ਮਾਮਲੇ ਸਾਹਮਣੇ ਆਇਆ ਹੈ। ਜਿੱਥੇ ਸ਼ਰਾਰਤੀ ਅਨਸਰਾਂ ਨੇ ਭਗਤ ਰਵਿਦਾਸ ਜੀ ਦੀ ਬਾਣੀ ਵਾਲੇ ਪੰਨੇ ਪਾੜ ਕੇ ਬੱਸ ਅੱਡੇ ਦੇ ਨੇੜੇ ਸੁੱਟ ਦਿੱਤੇ, ਜਿਸ ਨਾਲ ਪਿੰਡ ਵਾਸੀਆਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚੀ ਅਤੇ ਮਾਹੌਲ ਤਣਾਅਪੂਰਨ ਬਣ ਗਿਆ।
ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਭਾਈ ਟੇਕ ਸਿੰਘ ਧਨੌਲਾ ਆਪਣੀ ਟੀਮ ਸਮੇਤ ਫੂਲੇਵਾਲਾ ਪਿੰਡ ਪਹੁੰਚੇ ਅਤੇ ਘਟਨਾ ਸਥਾਨ ਦਾ ਮੁਆਇਨਾ ਕੀਤਾ। ਜਥੇਦਾਰ ਨੇ ਕਿਹਾ ਕਿ ਸੁੱਟੇ ਗਏ ਪੰਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜਾਂ ਗੁਟਕਾ ਸਾਹਿਬ ਦੇ ਨਹੀਂ ਸਨ, ਸਗੋਂ ਭਗਤ ਰਵਿਦਾਸ ਜੀ ਦੀਆਂ ਬਾਣੀਆਂ ਵਾਲੇ ਸਨ। ਉਨ੍ਹਾਂ ਮੁਲਜ਼ਮਾਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ। ਮੌਕੇ ’ਤੇ ਪਹੁੰਚੀ ਪੁਲਿਸ ਨੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ ਅਤੇ ਘਟਨਾ ਲਈ ਜ਼ਿੰਮੇਵਾਰ ਵਿਅਕਤੀਆਂ ਖ਼ਿਲਾਫ਼ ਸਖਤ ਕਾਰਵਾਈ ਦਾ ਭਰੋਸਾ ਦਿੱਤਾ।