ਕਿਸਾਨ ਖ਼ੁਦਕੁਸ਼ੀਆਂ ਲਈ ਕੈਪਟਨ ਤੇ ਮੋਦੀ ਦੋਵੇਂ ਜ਼ਿੰਮੇਵਾਰ : ਕੁਲਤਾਰ ਸੰਧਵਾਂ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਚੰਡੀਗੜ੍ਹ : ਸੂਬੇ 'ਚ ਨਿੱਤ ਹੋ ਰਹੀਆਂ ਕਿਸਾਨ ਅਤੇ ਖੇਤ ਮਜ਼ਦੂਰ ਖ਼ੁਦਕੁਸ਼ੀਆਂ ਲਈ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ...

Kultar Singh Sandhwan

ਚੰਡੀਗੜ੍ਹ : ਸੂਬੇ 'ਚ ਨਿੱਤ ਹੋ ਰਹੀਆਂ ਕਿਸਾਨ ਅਤੇ ਖੇਤ ਮਜ਼ਦੂਰ ਖ਼ੁਦਕੁਸ਼ੀਆਂ ਲਈ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਜ਼ਿੰਮੇਵਾਰ ਕਰਾਰ ਦਿੰਦੇ ਹੋਏ ਆਮ ਆਦਮੀ ਪਾਰਟੀ ਨੇ ਸੂਬਾ ਤੇ ਕੇਂਦਰ ਸਰਕਾਰਾਂ ਨੂੰ ਕਿਸਾਨ ਦੀਆਂ ਮੁਸ਼ਕਲਾਂ ਦਾ ਸਥਾਈ ਹੱਲ ਲੱਭਣ ਦੀ ਮੰਗ ਕੀਤੀ ਹੈ। 'ਆਪ' ਮੁੱਖ ਦਫ਼ਤਰ ਤੋਂ ਜਾਰੀ ਬਿਆਨ ਰਾਹੀਂ ਆਮ ਆਦਮੀ ਪਾਰਟੀ ਦੇ ਕੋਟਕਪੂਰਾ ਤੋਂ ਵਿਧਾਇਕ ਅਤੇ ਕਿਸਾਨ ਵਿੰਗ ਦੇ ਪ੍ਰਧਾਨ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਕੈਪਟਨ ਅਤੇ ਮੋਦੀ ਦੇ ਝੂਠੇ ਵਾਅਦਿਆਂ ਕਾਰਨ ਕਿਸਾਨ ਖ਼ੁਦਕੁਸ਼ੀਆਂ ਲਈ ਮਜਬੂਰ ਹੋ ਰਹੇ ਹਨ। 

ਸੰਧਵਾਂ ਨੇ ਕਿਹਾ ਕਿ ਸੂਬੇ ਦੇ ਕਿਸਾਨ ਦੀ ਹਾਲਤ ਦਿਨ ਪ੍ਰਤੀ ਦਿਨ ਨਿੱਘਰਦੀ ਜਾ ਰਹੀ ਹੈ ਅਤੇ ਵੱਧ ਲਾਗਤ ਅਤੇ ਘੱਟ ਕਮਾਈ ਕਾਰਨ ਕਿਸਾਨ ਕਰਜ਼ੇ ਦੀ ਮਾਰ ਹੇਠ ਆ ਰਿਹਾ ਹੈ। ਉਨ੍ਹਾਂ ਕਿਹਾ ਕਿ ਸੂਬੇ ਦੀ ਕੈਪਟਨ ਅਮਰਿੰਦਰ ਸਿੰਘ ਸਰਕਾਰ ਨੇ ਚੋਣਾਂ ਤੋਂ ਪਹਿਲਾਂ ਕਿਸਾਨਾਂ ਦਾ ਸੰਪੂਰਨ ਕਰਜ਼ਾ ਮਾਫ਼ ਕਰਨ ਦਾ ਵਾਅਦਾ ਕੀਤਾ ਸੀ ਪਰ ਸਰਕਾਰ ਸਥਾਪਤੀ ਤੋਂ ਬਾਅਦ ਮੁੱਕਰ ਗਈ ਹੈ। ਉਨ੍ਹਾਂ ਕਿਹਾ ਕਿ ਕਿਸਾਨ ਕਰਜ਼ ਮੁਆਫ਼ੀ ਦੇ ਨਾਮ 'ਤੇ ਵੱਡੇ ਸਮਾਗਮ ਕਰ ਕੇ ਕੈਪਟਨ ਪੰਜਾਬ ਦੇ ਕਿਸਾਨਾਂ ਨਾਲ ਮਜ਼ਾਕ ਕਰ ਰਹੇ ਹਨ। 

5 ਸਾਲ ਬੀਤਣ ਮਗਰੋਂ ਵੀ ਸਵਾਮੀਨਾਥਨ ਕਮਿਸ਼ਨ ਦੀਆਂ ਸਿਫ਼ਾਰਸ਼ਾਂ ਲਾਗੂ ਨਾ ਕੀਤੀਆਂ :
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਆੜੇ ਹੱਥੀਂ ਲੈਂਦੇ ਸੰਧਵਾਂ ਨੇ ਕਿਹਾ ਕਿ ਮੋਦੀ ਦਾ ਹਰ ਵਾਅਦਾ ਜੁਮਲਾ ਹੀ ਸਾਬਤ ਹੋਇਆ ਅਤੇ ਉਹ ਚੋਣਾਂ ਤੋਂ ਪਹਿਲਾਂ ਕੀਤੇ ਹਰ ਵਾਅਦੇ ਤੋਂ ਭੱਜੇ ਹਨ। ਉਨ੍ਹਾਂ ਕਿਹਾ ਕਿ ਚੋਣਾਂ ਤੋਂ ਪਹਿਲਾਂ ਮੋਦੀ ਨੇ ਸਵਾਮੀਨਾਥਨ ਕਮਿਸ਼ਨ ਦੀਆਂ ਸਿਫ਼ਾਰਸ਼ਾਂ ਲਾਗੂ ਕਰਨ ਦੀ ਗੱਲ ਕਹੀ ਸੀ ਅਤੇ ਵਾਅਦਾ ਕੀਤਾ ਸੀ ਕਿ ਦੇਸ਼ ਦੇ ਕਿਸਾਨਾਂ ਦੀ ਆਮਦਨ ਨੂੰ ਦੁੱਗਣਾ ਕੀਤਾ ਜਾਵੇਗਾ ਪਰ 5 ਸਾਲ ਬੀਤਣ ਤੋਂ ਬਾਅਦ ਵੀ ਇਸ ਸਬੰਧੀ ਕੁੱਝ ਨਹੀਂ ਕੀਤਾ ਗਿਆ।

ਕਾਂਗਰਸ ਸਰਕਾਰ ਦੇ ਆਉਣ ਮਗਰੋਂ ਕਿਸਾਨ ਖ਼ੁਦਕੁਸ਼ੀਆਂ ਵਧੀਆਂ :
'ਆਪ' ਵਿਧਾਇਕ ਨੇ ਕਿਹਾ ਕਿ ਪਿਛਲੀ ਅਕਾਲੀ-ਭਾਜਪਾ ਸਰਕਾਰ ਸਮੇਂ ਵੀ ਹਜ਼ਾਰਾਂ ਕਿਸਾਨਾਂ ਨੇ ਖ਼ੁਦਕੁਸ਼ੀਆਂ ਕੀਤੀ ਸੀ ਅਤੇ ਕਾਂਗਰਸ ਸਰਕਾਰ ਦੇ ਆਉਣ ਤੋਂ ਬਾਅਦ ਇਨ੍ਹਾਂ ਵਿੱਚ ਤੇਜ਼ੀ ਆਈ ਹੈ। ਉਨ੍ਹਾਂ ਕੈਪਟਨ ਅਮਰਿੰਦਰ ਸਿੰਘ ਤੋਂ ਪੁੱਛਦਿਆਂ ਕਿਹਾ ਕਿ ਜੇ ਸੂਬੇ ਦੇ ਕਿਸਾਨਾਂ ਦਾ ਕਰਜ਼ਾ ਸੱਚਮੁੱਚ ਹੀ ਮਾਫ਼ ਹੋਇਆ ਹੈ ਤਾਂ ਹੁਣ ਕਿਸਾਨ ਖ਼ੁਦਕੁਸ਼ੀਆਂ ਕਿਉਂ ਕਰ ਰਹੇ ਹਨ? ਉਨ੍ਹਾਂ ਕਿਹਾ ਕਿ ਸਰਕਾਰ ਖੇਤੀਬਾੜੀ ਨੂੰ ਇੱਕ ਲਾਹੇਵੰਦ ਧੰਦਾ ਬਣਾਵੇ ਤਾਂ ਕਿ ਕਿਸਾਨਾਂ ਦੀ ਹਾਲਤ ਸੁਧਾਰੀ ਜਾ ਸਕੇ।