13 ਦੀਆਂ 13 ਸੀਟਾਂ ਜਿੱਤਾਂਗੇ: ਕੈਪਟਨ ਅਮਰਿੰਦਰ ਸਿੰਘ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਚੰਡੀਗੜ੍ਹ : ਸੂਬੇ ਦੀਆਂ ਸਾਰੀਆਂ 13 ਲੋਕ ਸਭਾ ਸੀਟਾਂ 'ਤੇ ਕਾਂਗਰਸ ਦੀ ਹੂੰਝਾ ਫੇਰ ਜਿੱਤ ਦੇ ਭਰੋਸੇ ਨਾਲ ਲਬਰੇਜ਼ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅੱਜ...

Captain Amarinder Singh

ਚੰਡੀਗੜ੍ਹ : ਸੂਬੇ ਦੀਆਂ ਸਾਰੀਆਂ 13 ਲੋਕ ਸਭਾ ਸੀਟਾਂ 'ਤੇ ਕਾਂਗਰਸ ਦੀ ਹੂੰਝਾ ਫੇਰ ਜਿੱਤ ਦੇ ਭਰੋਸੇ ਨਾਲ ਲਬਰੇਜ਼ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅੱਜ ਪਾਰਟੀ ਲਈ ਉਮੀਦਵਾਰਾਂ ਦੇ ਨਾਵਾਂ ਦੀ ਚੋਣ ਕਰਨ ਲਈ ਪੰਜਾਬ ਪ੍ਰਦੇਸ਼ ਕਾਂਗਰਸ ਸਕਰੀਨਿੰਗ ਕਮੇਟੀ ਦੇ ਮੈਂਬਰਾਂ ਨਾਲ ਸ਼ਾਮਲ ਹੋਏ। ਇਥੇ ਕਪੂਰਥਲਾ ਹਾਊਸ ਵਿਖੇ ਮੀਟਿੰਗ ਤੋਂ ਬਾਅਦ ਪੱਤਰਕਾਰਾਂ ਨਾਲ ਗ਼ੈਰ-ਰਸਮੀ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਦਸਿਆ ਕਿ ਇਹ ਮੁਢਲੀ ਮੀਟਿੰਗ ਸੀ ਜਿਸ ਵਿਚ ਸਾਰੀਆਂ 13 ਸੀਟਾਂ 'ਤੇ ਵਿਚਾਰ ਕੀਤੀ ਗਈ ਅਤੇ ਇਨ੍ਹਾਂ ਵਿਚੋਂ ਨਾਵਾਂ ਦੀ ਚੋਣ ਕੀਤੀ ਜਾ ਰਹੀ ਹੈ।

ਕੈਪਟਨ ਅਮਰਿੰਦਰ ਸਿੰਘ ਨੇ ਦਸਿਆ ਕਿ ਆਲ ਇੰਡੀਆ ਕਾਂਗਰਸ ਕਮੇਟੀ ਦੇ ਪ੍ਰਧਾਨ ਰਾਹੁਲ ਗਾਂਧੀ ਵਲੋਂ ਇਸ ਵਾਰ ਚੋਣ ਕਰਨ ਲਈ ਪ੍ਰਸਤਾਵਤ ਕਾਰਜ-ਪ੍ਰਣਾਲੀ ਮੁਤਾਬਕ ਉਮੀਦਵਾਰਾਂ ਬਾਰੇ ਅੰਤਮ ਫ਼ੈਸਲਾ ਲੈਣ ਲਈ ਸਾਰੇ ਨਾਂ ਪਾਰਟੀ ਦੀ ਕੇਂਦਰੀ ਚੋਣ ਕਮੇਟੀ ਨੂੰ ਭੇਜੇ ਜਾਣਗੇ। ਉਨ੍ਹਾਂ ਕਿਹਾ ਕਿ ਨਵੀਂ ਕਾਰਜ-ਵਿਧੀ ਨਾਲ ਪਾਰਦਰਸ਼ਤਾ ਦਾ ਨਵਾਂ ਦੌਰ ਸ਼ੁਰੂ ਹੋਵੇਗਾ। ਮੁੱਖ ਮੰਤਰੀ ਨੇ ਮੀਟਿੰਗ ਦੌਰਾਨ ਚੁਣੇ ਗਏ ਨਾਵਾਂ ਦਾ ਪ੍ਰਗਟਾਵਾ ਕਰਨ ਤੋਂ ਇਨਕਾਰ ਕਰ ਦਿਤਾ। ਇਸ ਮੀਟਿੰਗ ਵਿਚ ਆਲ ਇੰਡੀਆ ਕਾਂਗਰਸ ਕਮੇਟੀ ਦੇ ਜਨਰਲ ਸਕੱਤਰ (ਆਰਗੇਨਾਈਜੇਸ਼ਨ) ਕੇ.ਸੀ ਵੇਨੂਗੋਪਾਲ, ਪਾਰਟੀ ਦੇ ਕੌਮੀ ਸਕੱਤਰ ਤੇ ਪੰਜਾਬ ਮਾਮਲਿਆਂ ਦੇ ਇੰਚਾਰਜ ਆਸ਼ਾ ਕੁਮਾਰੀ ਅਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਸ਼ਾਮਲ ਹੋਏ।

ਕੈਪਟਨ ਨੇ ਕਿਹਾ ਕਿ ਪੰਜਾਬ ਵਿਚ ਕਾਂਗਰਸ ਲੋਕ ਸਭਾ ਚੋਣਾਂ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ ਚੋਣਾਂ ਵਿਚ ਹੂੰਝਾ ਫੇਰ ਜਿੱਤ ਹਾਸਲ ਕਰੇਗੀ। ਉਨ੍ਹਾਂ ਇਹ ਵੀ ਸਪੱਸ਼ਟ ਕੀਤਾ ਕਿ ਪੰਜਾਬ ਕਾਂਗਰਸ ਨੂੰ ਚੋਣਾਂ ਵਿਚ ਕਿਸੇ ਹੋਰ ਸਿਆਸੀ ਪਾਰਟੀ ਨਾਲ ਭਾਈਵਾਲੀ ਦੀ ਲੋੜ ਨਹੀਂ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਸੁਰੱਖਿਅਤ ਮਾਹੌਲ ਵਿਚ ਸੁਤੰਤਰ ਤੇ ਨਿਰਪੱਖ ਚੋਣਾਂ ਨੂੰ ਯਕੀਨੀ ਬਣਾਉਣ ਲਈ ਹਰ ਸੰਭਵ ਕਦਮ ਚੁੱਕੇਗੀ। ਉਨ੍ਹਾਂ ਕਿਹਾ ਕਿ ਪੁਲਿਸ ਤੇ ਸਿਵਲ ਪ੍ਰਸ਼ਾਸਨ ਸੂਬੇ ਵਿਚ ਸ਼ਾਂਤਮਈ ਚੋਣਾਂ ਕਰਵਾਉਣ ਲਈ ਆਪਸੀ ਤਾਲਮੇਲ ਨਾਲ ਕੰਮ ਕਰਨਗੇ। ਇਕ ਸਵਾਲ ਦੇ ਜਵਾਬ ਮੁੱਖ ਮੰਤਰੀ ਨੇ ਕਿਹਾ ਕਿ ਫ਼ੌਜ ਇਕ ਗ਼ੈਰ-ਸਿਆਸੀ ਸੰਸਥਾ ਹੈ ਜਿਸ ਕਰ ਕੇ ਕਿਸੇ ਵੀ ਸਿਆਸੀ ਪਾਰਟੀ ਨੂੰ ਸਿਆਸੀਕਰਨ ਦੀ ਕੋਸ਼ਿਸ਼ ਨਹੀਂ ਕਰਨੀ ਚਾਹੀਦੀ। ਉਨ੍ਹਾਂ ਕਿਹਾ ਕਿ ਅਜਿਹੀ ਕੋਈ ਵੀ ਕੋਸ਼ਿਸ਼ ਸਾਡੀਆਂ ਸੈਨਾਵਾਂ ਦੇ ਮਨੋਬਲ ਨੂੰ ਸੱਟ ਮਾਰੇਗੀ। ਇਸ ਤੋਂ ਬਾਅਦ ਮੁੱਖ ਮੰਤਰੀ ਨੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨਾਲ ਵੀ ਮੁਲਾਕਾਤ ਕੀਤੀ ਅਤੇ ਇਸ ਮੌਕੇ ਉਨ੍ਹਾਂ ਨਾਲ ਆਸ਼ਾ ਕੁਮਾਰੀ ਅਤੇ ਸੁਨੀਲ ਜਾਖੜ ਵੀ ਹਾਜ਼ਰ ਸਨ।