ਕੁੰਵਰ ਵਿਜੈ ਪ੍ਰਤਾਪ ਬਾਰੇ 'ਆਪ' ਆਗੂਆਂ ਨੇ ਮੁੱਖ ਚੋਣ ਅਧਿਕਾਰੀ ਪੰਜਾਬ ਨਾਲ ਕੀਤੀ ਮੁਲਾਕਾਤ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਆਮ ਆਦਮੀ ਪਾਰਟੀ ਦੇ ਮੰਤਰੀ ਮੰਡਲ ਵੱਲੋਂ ਮੁੱਖ ਚੋਣ ਅਧਿਕਾਰੀ ਪੰਜਾਬ ਨਾਲ ਮੁਲਾਕਾਤ ਕਰਕੇ ਮੰਗ ਕੀਤੀ ਗਈ ਹੈ ਕਿ ਵਿਜੈ ਪ੍ਰਤਾਪ ਦੇ ਖਿਲਾਫ ਕਾਰਵਾਈ 'ਤੇ ਮੁੜ ਵਿਚਾਰ ਕਰਨ।

AAP

ਪੰਜਾਬ: ਆਮ ਆਦਮੀ ਪਾਰਟੀ ਦੇ ਮੰਤਰੀ ਮੰਡਲ ਵੱਲੋਂ ਮੁੱਖ ਚੋਣ ਅਧਿਕਾਰੀ ਪੰਜਾਬ ਨਾਲ ਮੁਲਾਕਾਤ ਕਰਕੇ ਮੰਗ ਕੀਤੀ ਗਈ ਹੈ ਕਿ ਜਿਸ ਤਰ੍ਹਾਂ ਐਸਆਈਟੀ ਦੇ ਮੈਂਬਰ ਕੁੰਵਰ ਵਿਜੈ ਪ੍ਰਤਾਪ ਦੇ ਖਿਲਾਫ ਕਾਰਵਾਈ ਕੀਤੀ ਗਈ ਹੈ, ਉਸ ਨੂੰ ਦੁਬਾਰਾ ਤੋਂ ਇਕ ਵਾਰ ਫਿਰ ਜਾਂਚ ਕਰ ਲੈਣਾ ਚਾਹੀਦਾ ਹੈ, ਕਿਉਂਕਿ ਆਮ ਆਦਮੀ ਪਾਰਟੀ ਦਾ ਮੰਨਣਾ ਹੈ ਕਿ ਇਕ ਇਮਾਨਦਾਰ ਅਧਿਕਾਰੀ ਦੇ ਖਿਲਾਫ ਇਸ ਤਰ੍ਹਾਂ ਦੀ ਕਾਰਵਾਈ ਕਰਨਾ ਗਲਤ ਹੈ।

ਦੱਸ ਦਈਏ ਕਿ ਜਿਸ ਤਰ੍ਹਾਂ ਭਾਰਤੀ ਚੋਣ ਕਮਿਸ਼ਨ ਵੱਲੋਂ ਐਸਆਈਟੀ ਮੈਂਬਰ ਕੁੰਵਰ ਵਿਜੈ ਪ੍ਰਤਾਪ ਸਿੰਘ ਦੇ ਖਿਲਾਫ ਕਾਰਵਾਈ ਕੀਤੀ ਗਈ, ਉਸ ਤੋਂ ਬਾਅਦ ਪੰਜਾਬ ਦੀ ਰਾਜਨੀਤੀ ਵਿਚ ਤੂਫਾਨ ਆਉਂਦਾ ਨਜ਼ਰ ਆ ਰਿਹਾ ਹੈ। ਜਿਸ ਵਿਚ ਇਕ ਪਾਸੇ ਅਕਾਲੀ ਦਲ ਇਸ ਫੈਸਲੇ ਦਾ ਸਵਾਗਤ ਕਰ ਰਿਹਾ ਹੈ ਤਾਂ ਦੂਜੇ ਪਾਸੇ ਕਾਂਗਰਸ ਅਤੇ ਆਮ ਆਦਮੀ ਪਾਰਟੀ ਇਸ ਨੂੰ ਗਲਤ ਦੱਸਦੇ ਹੋਏ ਦੁਬਾਰਾ ਜਾਂਚ ਦੀ ਮੰਗ ਕਰ ਰਹੇ ਹਨ।

ਇਸੇ ਮਾਮਲੇ ਨੂੰ ਲੈ ਕੇ ਆਮ ਆਦਮੀ ਪਾਰਟੀ ਦੇ ਮੰਤਰੀ ਮੰਡਲ, ਜਿਸ ਵਿਚ ਆਗੂ ਹਰਪਾਲ ਚੀਮਾ ਅਤੇ ਵਿਧਾਇਕ ਅਮਨ ਅਰੋੜਾ ਆਪਣੇ ਸਾਥੀਆਂ ਸਮੇਤ ਮੁੱਖ ਚੋਣ ਅਧਿਕਾਰੀ ਪੰਜਾਬ ਨੂੰ ਮਿਲਣ ਪਹੁੰਚੇ ਸਨ। ਜਿੱਥੇ ਉਹਨਾਂ ਨੇ ਮੰਗ ਪੱਤਰ ਦਿੰਦੇ ਹੋਏ ਕਿਹਾ ਕਿ ਇਸ ਮਾਮਲੇ ਦੀ ਇਕ ਵਾਰ ਫਿਰ ਜਾਂਚ ਕਰ ਲੈਣੀ ਚਾਹੀਦੀ ਹੈ ਕਿਉਂਕਿ ਇਸ ਤਰ੍ਹਾਂ ਦੀ ਕਾਰਵਾਈ ਇਕ ਇਮਾਨਦਾਰ ਅਧਿਕਾਰੀ ਦੇ ਖਿਲਾਫ ਗਲਤ ਹੈ।

ਆਮ ਆਦਮੀ ਪਾਰਟੀ ਨੇ ਕਈ ਸਵਾਲ ਵੀ ਖੜੇ ਕੀਤੇ ਹਨ ਕਿ ਭਾਰਤੀ ਚੋਣ ਕਮਿਸ਼ਨ ਕੋਲ ਕਈ ਅਧਿਕਾਰੀਆਂ ਨੂੰ ਲੈ ਕੇ ਸ਼ਿਕਾਇਤਾਂ ਆਉਂਦੀਆਂ ਹਨ, ਪਰ ਕਿਸੇ ‘ਤੇ ਵੀ ਇੰਨੀ ਵੱਡੀ ਕਾਰਵਾਈ ਨਹੀਂ ਕੀਤੀ ਜਾਂਦੀ ਬਲਕਿ ਇਸਦੇ ਉਲਟ ਨੋਟਿਸ ਜਾਰੀ ਕਰ ਦਿੱਤੇ ਜਾਂਦੇ ਹਨ। ਅੰਤ ਵਿਚ ਆਮ ਆਦਮੀ ਪਾਰਟੀ ਨੇ ਚਿਤਾਵਨੀ ਦਿੰਦੇ ਹੋਏ ਕਿਹਾ ਕਿ ਜੇਕਰ ਇਸ ਮਾਮਲੇ ਵਿਚ ਚੋਣ ਕਮਿਸ਼ਨ ਵੱਲੋਂ ਦੁਬਾਰਾ ਜਾਂਚ ਨਹੀਂ ਕੀਤੀ ਜਾਂਦੀ ਤਾਂ ਉਸ ਤੋਂ ਬਾਅਦ ਉਹ ਕੋਰਟ ਦਾ ਦਰਵਾਜ਼ਾ ਖੜਕਾਉਣਗੇ।