ਬੇਅਦਬੀ ਅਤੇ ਗੋਲੀਂ ਕਾਂਡ ਦੌਰਾਨ ਅਕਾਲੀ ਫਿਰ ਤੋਂ ਸਿੱਖ ਸੰਗਤ ਦੇ ਘੇਰੇ ਵਿਚ
ਕਿਉਂ ਭੜਕੀ ਸਿੱਖ ਸੰਗਤ, ਕੀ ਹੈ ਪੂਰਾ ਮਾਮਲਾ
ਚੰਡੀਗੜ: ਲੋਕ ਸਭਾ ਦੇ ਮੌਕੇ ਤੇ ਪੰਜਾਬ ਵਿਚ ਪਿਛਲੀ ਬਾਦਲ ਸਰਕਾਰ ਵੇਲੇ ਹੋਇਆ ਬੇਅਦਬੀ ਤੇ ਗੋਲੀ ਕਾਂਡ ਮੁੱਖ ਮੁੱਦਾ ਬਣ ਗਿਆ ਹੈ। ਵੱਡੀ ਗੱਲ ਇਹ ਹੈ ਕਿ ਇਹ ਸਾਰਾ ਕੁਝ ਸ਼੍ਰੋਮਣੀ ਅਕਾਲੀ ਦਲ ਦੇ ਸਿਆਸੀ ਪੈਂਤੜੇ ਕਾਰਨ ਹੋਇਆ ਹੈ। ਅਕਾਲੀਆਂ ਨੇ ਚੋਣ ਕਮਿਸ਼ਨ ਕੋਲ ਸ਼ਿਕਾਇਤ ਦਰਜ ਕਰਵਾ ਕੇ ਬਰਗਾੜੀ ਇਨਸਾਫ ਮੋਰਚਾ ਦੀ ਪੜਤਾਲ ਕਰ ਰਹੀ ਵਿਸ਼ੇਸ਼ ਜਾਂਚ ਟੀਮ ਦੇ ਅਧਿਕਾਰੀ ਆਈਜੀ ਕੁੰਵਰ ਵਿਜੈ ਪ੍ਰਤਾਪ ਸਿੰਘ ਦਾ ਤਬਾਦਲ ਕਰਵਾ ਦਿੱਤਾ ਹੈ।
ਇਸ ਨਾਲ ਅਕਾਲੀਆਂ ਨੂੰ ਸਿੱਖ ਸੰਗਤ ਨੇ ਫਿਰ ਤੋਂ ਘੇਰ ਲਿਆ ਹੈ। ਇਸ ਨਾਲ ਜਿੱਥੇ ਵਿਰੋਧੀ ਧਿਰਾਂ ਨੇ ਮੁੜ ਇਸ ਮੁੱਦੇ ਨੂੰ ਕੇਂਦਰ ਵਿਚ ਲੈ ਆਂਦਾ ਹੈ। ਇਸ ਨਾਲ ਸਿੱਖ ਸੰਗਤ ਵੀ ਸੰਘਰਸ਼ ਦੇ ਰਾਹ ਤੇ ਪਏ ਗਈ ਹੈ। ਚੋਣ ਕਮਿਸ਼ਨ ਵੱਲੋਂ ਕੁੰਵਰ ਵਿਜੈ ਪ੍ਰਤਾਪ ਦਾ ਤਬਾਦਲਾ ਕਰਨ ਮਗਰੋਂ ਬਰਗਾੜੀ ਮੋਰਚਾ ਦੇ ਲੀਡਰਾਂ ਨੇ ਸੰਘਰਸ਼ ਦੀ ਫਿਰ ਤੋਂ ਤਿਆਰੀ ਕਰ ਲਈ ਹੈ। ਇਸ ਤਬਾਦਲੇ ਨੂੰ ਰੋਕਣ ਲਈ ਮੋਰਚਾ ਨਵਾਂ ਸੰਘਰਸ਼ ਵਿੱਢਣ ਦੇ ਰਾਹ ਤੇ ਚੱਲ ਪਿਆ ਹੈ।
ਬਰਗਾੜੀ ਮੋਰਚੇ ਦੀ ਅਗਵਾਈ ਕਰਨ ਲਈ ਮੁਤਵਾਜ਼ੀ ਜਥੇਦਾਰ ਧਿਆਨ ਸਿੰਘ ਮੰਡ ਨੇ ਕੇਂਦਰ ਸਰਕਾਰ ਤੇ ਚੋਣ ਕਮਿਸ਼ਨ ਨੂੰ ਸੱਤ ਦਿਨਾਂ ਦਾ ਅਲਟੀਮੇਟਮ ਦੇ ਦਿੱਤਾ ਹੈ। ਉਸ ਨੇ ਕਿਹਾ ਕਿ ਜੇਕਰ ਸਿੱਟ ਦੇ ਅਧਿਕਾਰੀ ਕੁੰਵਰ ਵਿਜੈ ਪ੍ਰਤਾਪ ਸਿੰਘ ਦਾ ਤਬਾਦਲਾ ਹਫਤੇ ਵਿਚ ਰੱਦ ਨਾ ਕੀਤਾ ਗਿਆ ਤਾਂ ਉਹ ਉਹਨਾਂ ਖਿਲਾਫ ਸੰਘਰਸ਼ ਕਰਨਗੇ।
ਯੂਨਾਈਟਿਡ ਅਕਾਲੀ ਦਲ ਵੱਲੋਂ ਆਈਜੀ ਦਾ ਤਬਾਦਲਾ ਰੱਦ ਕਰਵਾਉਣ ਲਈ ਚੋਣ ਕਮਿਸ਼ਨ ਭਾਰਤ ਸਰਕਾਰ ਦੇ ਦਫ਼ਤਰ ਅੱਗੇ 12 ਅਪ੍ਰੈਲ ਨੂੰ ਧਰਨਾ ਦੇਣ ਦਾ ਐਲਾਨ ਕਰ ਦਿੱਤਾ ਹੈ। ਦਲ ਦੇ ਜਰਨਲ ਸਕੱਤਰ ਗੁਰਦੀਪ ਸਿੰਘ ਬਠਿੰਡਾ ਨੇ ਦੱਸਿਆ ਕਿ ਉਹ ਗੁਰਦੁਆਰਾ ਬੰਗਲਾ ਸਾਹਿਬ ਤੋਂ ਚੋਣ ਕਮਿਸ਼ਨ ਦੇ ਦਫਤਰ ਤੱਕ ਰੋਸ ਮਾਰਚ ਕਰਨਗੇ। ਇਸ ਤੋਂ ਇਲਾਵਾ ਉਹ ਚੋਣ ਕਮਿਸ਼ਨਰ ਨੂੰ ਮੰਗ ਪੱਤਰ ਦੇਣਗੇ।
ਯੂਨਾਈਟਿਡ ਅਕਾਲੀ ਦੇ ਪ੍ਰਧਾਨ ਮੋਹਕਮ ਸਿੰਘ ਨੇ ਅਰੋਪ ਲਗਾਇਆ ਕਿ ਸ਼੍ਰੋਮਣੀ ਅਕਾਲੀ ਦਲ ਦੇ ਖਾਸ ਕਰਕੇ ਬਾਦਲ ਪਰਿਵਾਰ ਅਜੇ ਵੀ ਸਿਰਸਾ ਦੇ ਡੇਰਾ ਮੁਖੀ ਨੂੰ ਬਚਾਉਣ ਲਈ ਯਤਨਸ਼ੀਲ ਹੈ। ਉਹਨਾਂ ਐਲਾਨ ਕੀਤਾ ਕਿ ਪੰਜਾਬ ਵਿਚ ਅਕਾਲੀ ਦਲ ਦੇ ਉਮੀਦਵਾਰ ਨਾਮਜ਼ਦਗੀ ਪੱਤਰ ਭਰਨ ਲਈ ਜਾਣਗੇ ਉਹਨਾਂ ਦਾ ਕਾਲੀਆਂ ਝੰਡੀਆਂ ਨਾਲ ਵਿਰੋਧ ਕੀਤਾ ਜਾਵੇਗਾ। ਅਕਾਲੀਆਂ ਦੀ ਬੇੜੀ ਹੁਣ ਡੁਬਦੀ ਨਜ਼ਰ ਆ ਰਹੀ ਹੈ।