ਸੇਵਾਮੁਕਤ ਜਸਟਿਸ ਜ਼ੋਰਾ ਸਿੰਘ ਨੇ ਨਕੋਦਰ ਬੇਅਦਬੀ ਕਾਂਡ ਦੇ ਪੀੜਤ ਪਰਵਾਰ ਨਾਲ ਕੀਤਾ ਦੁੱਖ ਸਾਂਝਾ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਜਸਟਿਸ ਜ਼ੋਰਾ ਸਿੰਘ ਨੇ ਭਰੋਸਾ ਦਿਤਾ ਕਿ ਇਸ ਮਾਮਲੇ ਵਿਚ ਆਮ ਆਦਮੀ ਪਾਰਟੀ ਪੀੜਤ ਪਰਵਾਰਾਂ ਨੂੰ ਇਨਸਾਫ਼ ਦਿਵਾਉਣ ਲਈ ਪੂਰਾ ਜ਼ੋਰ ਲਾਵੇਗੀ

Justice Jora Singh Meet Baldev Singh Litran

ਜਲੰਧਰ: ਆਮ ਆਦਮੀ ਪਾਰਟੀ ਵਲੋਂ ਜਲੰਧਰ ਲੋਕਸਭਾ ਹਲਕੇ ਤੋਂ ਚੋਣ ਮੈਦਾਨ ਵਿਚ ਉਤਾਰੇ ਗਏ ਉਮੀਦਵਾਰ ਸੇਵਾਮੁਕਤ ਜਸਟਿਸ ਜ਼ੋਰਾ ਸਿੰਘ ਨੇ ਨਕੋਦਰ ਬੇਅਦਬੀ ਕਾਂਡ ਦੌਰਾਨ ਪੁਲਿਸ ਦੀਆਂ ਗੋਲੀਆਂ ਨਾਲ ਮਾਰੇ ਗਏ ਸਿੱਖ ਨੌਜਵਾਨ ਦੇ ਪਿਤਾ ਬਲਦੇਵ ਸਿੰਘ ਨਾਲ ਉਨ੍ਹਾਂ ਦੇ ਪਿੰਡ ਲਿੱਤਰਾਂ ਵਿਖੇ ਜਾ ਕੇ ਦੁੱਖ ਦਾ ਪ੍ਰਗਟਾਵਾ ਕੀਤਾ। ਜਸਟਿਸ ਜ਼ੋਰਾ ਸਿੰਘ ਨੇ ਫਰਵਰੀ 1986 ਵਿਚ ਵਾਪਰੀ ਇਸ ਘਟਨਾ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ 33 ਸਾਲ ਦਾ ਲੰਬਾ ਅਰਸਾ ਬੀਤ ਜਾਣ ਦੇ ਬਾਵਜੂਦ ਵੀ ਪੀੜਤਾਂ ਨੂੰ ਅਜੇ ਤੱਕ ਇਨਸਾਫ਼ ਨਹੀਂ ਮਿਲਿਆ।

ਉਨ੍ਹਾਂ ਭਰੋਸਾ ਦਿਤਾ ਕਿ ਇਸ ਮਾਮਲੇ ਵਿਚ ਆਮ ਆਦਮੀ ਪਾਰਟੀ ਪੀੜਤ ਪਰਵਾਰਾਂ ਨੂੰ ਇਨਸਾਫ਼ ਦਿਵਾਉਣ ਲਈ ਪੂਰਾ ਜ਼ੋਰ ਲਾਵੇਗੀ। ਜ਼ਿਕਰਯੋਗ ਹੈ ਕਿ ਪੰਜਾਬ ’ਚ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਸਮੇਂ 2 ਫਰਵਰੀ 1986 ਨੂੰ ਨਕੋਦਰ ’ਚ ਸ਼੍ਰੀ ਗੁਰੂ ਗ੍ਰੰਥ ਸਾਹਿਬ ਦੀਆਂ ਪੰਜ ਬੀੜ ਸਾਹਿਬ ਸਾੜ ਦਿਤੀਆਂ ਗਈਆਂ ਸਨ। ਇਸ ਘਟਨਾ ’ਤੇ ਰੋਸ ਪ੍ਰਗਟਾਉਣ ਲਈ 4 ਫਰਵਰੀ 1986 ਨੂੰ ਸਿੱਖ ਭਾਈਚਾਰੇ ਵਲੋਂ ਸ਼ਾਂਤਮਈ ਢੰਗ ਨਾਲ ਰੋਸ ਪ੍ਰਗਟਾਇਆ ਜਾ ਰਿਹਾ ਸੀ।

ਇਸੇ ਦੌਰਾਨ ਪੰਜਾਬ ਪੁਲਿਸ ਨੇ ਅੰਨ੍ਹੇਵਾਹ ਗੋਲੀਆਂ ਚਲਾ ਦਿਤੀਆਂ ਸਨ। ਇਸ ਘਟਨਾ ਵਿਚ ਚਾਰ ਸਿੱਖ ਨੌਜਵਾਨ ਸ਼ਹੀਦ ਹੋ ਗਏ ਸਨ ਜਿਨ੍ਹਾਂ ਵਿਚ ਰਵਿੰਦਰ ਸਿੰਘ ਲਿੱਤਰਾਂ, ਬਲਧੀਰ ਸਿੰਘ ਰਾਮਗੜ੍ਹ, ਝਿਲਮਣ ਸਿੰਘ ਗੌਰਸੀਆਂ ਤੇ ਹਰਮਿੰਦਰ ਸਿੰਘ ਚਲੁੱਪਰ ਸ਼ਾਮਲ ਸਨ। ਇਸ ਘਟਨਾ ਦੀ ਜਾਂਚ ਲਈ ਜਸਟਿਸ ਗੁਰਨਾਮ ਸਿੰਘ ਦੀ ਅਗਵਾਈ ਹੇਠ ਜਾਂਚ ਕਮਿਸ਼ਨ ਬਣਿਆ ਸੀ। ਉਨ੍ਹਾਂ ਵਲੋਂ ਪੰਜਾਬ ਸਰਕਾਰ ਨੂੰ ਰਿਪੋਰਟ ਪੇਸ਼ ਕਰ ਦਿਤੀ ਗਈ ਸੀ।

ਦਸ ਦਈਏ ਕਿ ਜਦੋਂ ਇਹ ਘਟਨਾ ਵਾਪਰੀ ਸੀ ਉਸ ਸਮੇਂ ਜਲੰਧਰ ਦੇ ਵਧੀਕ ਡਿਪਟੀ ਕਮਿਸ਼ਨਰ ਦਰਬਾਰਾ ਸਿੰਘ ਗੁਰੂ ਸਨ ਜਿਨ੍ਹਾਂ ਕੋਲ ਮੈਜਿਸਟ੍ਰੇਟ ਦੀਆਂ ਸਾਰੀਆਂ ਤਾਕਤਾਂ ਸਨ। ਦਰਬਾਰਾ ਸਿੰਘ ਗੁਰੂ ਨੂੰ ਹੁਣ ਪਾਰਟੀ ਨੇ ਫਤਿਹਗੜ੍ਹ ਸਾਹਿਬ ਤੋਂ ਲੋਕ ਸਭਾ ਚੋਣਾਂ ਲਈ ਉਮੀਦਵਾਰ ਬਣਾਇਆ ਹੈ।
ਇਸ ਘਟਨਾ ’ਚ ਸ਼ਹੀਦ ਹੋਏ ਰਵਿੰਦਰ ਸਿੰਘ ਦੇ ਪਿਤਾ ਬਲਦੇਵ ਸਿੰਘ ਲਿੱਤਰਾਂ ਨੇ ਕਿਹਾ ਕਿ ਜਸਟਿਸ ਜ਼ੋਰਾ ਸਿੰਘ ਲੋਕ ਸਭਾ ਦੀ ਚੋਣ ਲੜ ਰਹੇ ਪਹਿਲੇ ਉਮੀਦਵਾਰ ਹਨ ਜਿਹੜੇ ਦੁੱਖ ਵੰਡਾਉਣ ਲਈ ਉਨ੍ਹਾਂ ਦੇ ਘਰ ਆਏ ਹਨ।

ਸ਼੍ਰੀ ਲਿੱਤਰਾਂ ਨੇ ਕਿਹਾ ਕਿ ਉਨ੍ਹਾਂ ਨੂੰ ਹੁਣ ਇਨਸਾਫ਼ ਦੀ ਉਮੀਦ ਬੱਝ ਗਈ ਹੈ। ਉਨ੍ਹਾਂ ਦੱਸਿਆ ਕਿ 1986 ਵਿਚ ਜਦੋਂ ਇਹ ਘਟਨਾ ਵਾਪਰੀ ਸੀ ਉਦੋਂ ਵੀ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਸੀ, ਜਦੋਂ 2001 ਵਿਚ ਇਸ ਦੀ ਰਿਪੋਰਟ ਪੇਸ਼ ਕੀਤੀ ਸੀ ਉਦੋਂ ਵੀ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਸੀ। ਰਿਪੋਰਟ ਪੇਸ਼ ਕਰਨ ਸਮੇਂ ਪੰਜਾਬ ਵਿਧਾਨ ਸਭਾ ’ਚ ਸਪੀਕਰ ਰਹੇ ਚਰਨਜੀਤ ਸਿੰਘ ਅਟਵਾਲ ਇਹ ਦਾਅਵਾ ਕਰ ਰਹੇ ਹਨ ਕਿ ਉਨ੍ਹਾਂ ਨੂੰ 2001 ਵਿਚ ਨਕੋਦਰ ਬੇਅਦਬੀ ਕਾਂਡ ਦੀ ਜਾਂਚ ਰਿਪੋਰਟ ਵਿਧਾਨ ਸਭਾ ’ਚ ਪੇਸ਼ ਕੀਤੇ ਜਾਣ ਬਾਰੇ ਕੋਈ ਜਾਣਕਾਰੀ ਨਹੀਂ ਹੈ।

ਬਲਦੇਵ ਸਿੰਘ ਲਿੱਤਰਾਂ ਨੇ ਕਿਹਾ ਕਿ ਜਸਟਿਸ ਗੁਰਨਾਮ ਸਿੰਘ ਦੀ ਰਿਪੋਰਟ ਮੁਤਾਬਕ ਚਾਰਾਂ ਨੌਜਵਾਨਾਂ ਦੇ ਪੋਸਟ ਮਾਰਟਮ ਅੱਧੀ ਰਾਤ ਨੂੰ ਕਰਵਾਉਣ ਲਈ ਦਰਬਾਰਾ ਸਿੰਘ ਗੁਰੂ ਨੇ ਹੁਕਮ ਦਿਤੇ ਸਨ। ਹੁਣ ਗੁਰੂ ਇਹ ਦਾਅਵਾ ਕਰ ਰਹੇ ਹਨ ਕਿ ਉਹ ਘਟਨਾ ਵਾਲੀ ਥਾਂ ’ਤੇ ਮੌਜੂਦ ਨਹੀਂ ਸਨ।