ਪ੍ਰਾਈਵੇਟ ਸਕੂਲਾਂ ਨੂੰ ਕਰਫ਼ੀਊ ਦੌਰਾਨ ਸਟਾਫ਼ ਨੂੰ ਪੂਰੀ ਤਨਖ਼ਾਹ ਜਾਰੀ ਕਰਨ ਦੇ ਨਿਰਦੇਸ਼
ਵਿਦਿਆਰਥੀਆਂ ਦੇ ਮਾਪਿਆਂ ਨੂੰ ਵੀ ਨਹੀਂ ਕਰ ਸਕਦੇ ਮਜਬੂਰ : ਸਿੰਗਲਾ
ਚੰਡੀਗੜ(ਸ.ਸ.ਸ) : ਸਿਖਿਆ ਮੰਤਰੀ ਪੰਜਾਬ ਸ਼੍ਰੀ ਵਿਜੈ ਇੰਦਰ ਸਿੰਗਲਾ ਨੇ ਅੱਜ ਸੂਬੇ ਦੇ ਸਾਰੇ ਪ੍ਰਾਈਵੇਟ ਸਕੂਲਾਂ ਨੂੰ ਹਦਾਇਤ ਜਾਰੀ ਕਰਦਿਆਂ ਕਿਹਾ ਕਿ ਕੋਰੋਨਾਵਾਇਰਸ ਕਾਰਨ ਪੈਦਾ ਹੋਈ ਇਸ ਕੌਮੀ ਆਫ਼ਤ ਮੌਕੇ ਅਪਣੇ ਸਕੂਲ ਦੇ ਸਟਾਫ਼ ਨਾਲ ਖੜਨਾ ਚਾਹੀਦਾ ਹੈ ਅਤੇ ਸਾਰੇ ਸਟਾਫ਼ ਨੂੰ ਕਰਫ਼ਿਊ ਦੌਰਾਨ ਵੀ ਪੂਰੀ ਤਨਖ਼ਾਹ ਦੇਣੀ ਚਾਹੀਦੀ ਹੈ। ਉਨ੍ਹਾਂ ਹੁਕਮ ਦਿਤੇ ਕਿ ਸੂਬੇ ਦੇ ਸਾਰੇ ਸਕੂਲ 'ਦ ਪੰਜਾਬ ਰੈਗੂਲੇਸ਼ਨ ਆਫ਼ ਫੀ ਆਫ਼ ਅਨਏਡਿਡ ਏਜੂਕੇਸ਼ਨਲ ਇੰਸਟੀਚਿਊਸ਼ਨਲ ਐਕਟ' ਦੇ ਸੋਧਾਂ ਸਮੇਤ ਸਾਰੇ ਦਿਸ਼ਾ-ਨਿਰਦੇਸ਼ਾਂ ਦੀ ਇੰਨ-ਬਿੰਨ ਪਾਲਣਾ ਕਰਨੀ ਯਕੀਨੀ ਬਣਾਉਣ।
ਸਿਖਿਆ ਮੰਤਰੀ ਨੇ ਇਹ ਵੀ ਹਦਾਇਤ ਕੀਤੀ ਕਿ ਕਰਫ਼ਿਊ ਦੌਰਾਨ ਪ੍ਰਾਈਵੇਟ ਸਕੂਲ ਆਨਲਾਈਨ ਕਲਾਸਾਂ ਲਈ ਕਿਸੇ ਤਰ੍ਹਾਂ ਦੀ ਕੋਈ ਫ਼ੀਸ ਵੀ ਨਹੀਂ ਮੰਗ ਸਕਣਗੇ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਸਕੂਲ ਨੇ ਪੰਜਾਬ ਸਰਕਾਰ ਦੀਆਂ ਹਦਾਇਤਾਂ ਦੀ ਉਲੰਘਣਾ ਕੀਤੀ ਤਾਂ ਉਸ ਵਿਰੁਧ ਸਖ਼ਤ ਅਨੁਸਾਸ਼ਨੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ।
ਕੈਬਨਿਟ ਮੰਤਰੀ ਨੇ ਕਿਹਾ ਕਿ ਇਸਦੇ ਨਾਲ ਹੀ ਸਾਰੇ ਸਕੂਲ ਅਪਣੀ ਵਰਦੀ ਅਤੇ ਸਿਲੇਬਸ ਨਾਲ ਸਬੰਧਤ ਕਿਤਾਬਾਂ ਦੀ ਸੂਚੀ ਵੈਬਸਾਈਟ 'ਤੇ ਅਪਲੋਡ ਕਰਨ ਦੇ ਨਾਲ-ਨਾਲ ਸਕੂਲ ਦੇ ਅਹਾਤੇ ਅੰਦਰ ਢੁੱਕਵੀਆਂ ਥਾਵਾਂ 'ਤੇ ਲਗਾਉਣੀ ਯਕੀਨੀ ਬਣਾਉਣਗੇ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਦੇ ਮਾਪੇ ਇਸ ਸੂਚੀ ਅਨੁਸਾਰ ਅਪਣੀ ਮਨਪਸੰਦ ਜਗਾ ਤੋਂ ਕਿਤਾਬਾਂ ਤੇ ਵਰਦੀਆਂ ਖ਼ਰੀਦ ਸਕਦੇ ਹਨ ਅਤੇ ਜੇਕਰ ਕੋਈ ਸਕੂਲ ਇਨਾਂ ਲਈ ਕੋਈ ਖ਼ਾਸ ਜਗਾ ਨਿਰਧਾਰਤ ਕਰਦਾ ਹੈ
ਤਾਂ ਉਸ ਵਿਰੁਧ ਸਖ਼ਤ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਦੀ ਉਲੰਘਣਾ ਕਰਨ ਵਾਲੇ 48 ਸਕੂਲਾਂ ਨੂੰ ਹੁਣ ਤਕ ਨੋਟਿਸ ਜਾਰੀ ਕੀਤੇ ਜਾ ਚੁੱਕੇ ਹਨ ਅਤੇ ਸਾਰੇ ਜ਼ਿਲ੍ਹਾ ਸਿਖਿਆ ਅਧਿਕਾਰੀਆਂ ਨੂੰ ਪ੍ਰਾਈਵੇਟ ਸਕੂਲਾਂ 'ਤੇ ਨਿਗਰਾਨੀ ਰੱਖਣ ਦੀ ਹਦਾਇਤ ਕੀਤੀ ਗਈ ਹੈ ਤਾਂ ਜੋ ਹਦਾਇਤਾਂ ਦੀ ਉਲੰਘਣਾ ਕਰਨ ਵਾਲੇ ਸਕੂਲ ਵਿਰੁੱਧ ਬਿਨਾਂ ਕਿਸੇ ਦੇਰੀ ਤੋਂ ਕਾਰਵਾਈ ਕੀਤੀ ਜਾ ਸਕੇ।