ਬੰਦੀ ਸਿੰਘਾਂ ਦੀ ਰਿਹਾਈ ਲਈ ਦਸਤਖ਼ਤ ਅਰਜ਼ੀਆਂ ਸਬੰਧੀ ਪੰਜਾਬ ਰਾਜਪਾਲ ਨਾਲ ਮੁਲਾਕਾਤ ਕਰੇਗਾ ਵਫ਼ਦ : ਹਰਜਿੰਦਰ ਸਿੰਘ ਧਾਮੀ 

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਤਖਤਾਂ ਦੇ ਜਥੇਦਾਰਾਂ ਦੀ ਹਾਜ਼ਰੀ ਵਿਚ ਸੱਦੀ ਜਾਵੇਗੀ ਸ੍ਰੀ ਅਕਾਲ ਤਖਤ ਸਾਹਿਬ 'ਤੇ ਵਿਸ਼ਾਲ ਇਕੱਤਰਤਾ 

Harjinder Singh Dhami

ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵਲੋਂ ਅੱਜ ਇੱਕ ਪ੍ਰੈੱਸ ਕਾਨਫਰੰਸ ਕੀਤੀ ਗਈ ਜਿਸ ਵਿਚ ਹਰਜਿੰਦਰ ਸਿੰਘ ਧਾਮੀ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਿਹਾ ਹੈ ਕਿ ਬਹੁਤ ਜਲਦ ਹੀ ਸ਼੍ਰੋਮਣੀ ਕਮੇਟੀ ਵੱਲੋਂ ਜਿਹੜੀ ਬੰਦੀ ਸਿੰਘਾਂ ਨੂੰ ਰਿਹਾਅ ਕਰਵਾਉਣ ਵਾਸਤੇ ਦਸਤਖਤ ਮੁਹਿੰਮ ਚਲਾਈ ਗਈ ਸੀ, ਉਹਨਾਂ ਸਾਰੀਆਂ ਦਸਤਖ਼ਤ ਅਰਜ਼ੀਆਂ ਲੈ ਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਇਕ ਵਫ਼ਦ ਪੰਜਾਬ ਦੇ ਰਾਜਪਾਲ ਨਾਲ ਮੁਲਾਕਾਤ ਕਰੇਗਾ।

ਉਨ੍ਹਾਂ ਕਿਹਾ ਕਿ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਆਦੇਸ਼ ਜਾਰੀ ਕੀਤਾ ਗਿਆ ਸੀ, ਜਿਸ ਵਿੱਚ ਉਨ੍ਹਾਂ ਕਿਹਾ ਸੀ ਕਿ ਜਿਨ੍ਹਾਂ ਪੰਜਾਬੀ ਨੌਜਵਾਨਾਂ ਨੂੰ ਪੰਜਾਬ ਪੁਲਿਸ ਵੱਲੋਂ ਗ੍ਰਿਫਤਾਰ ਕੀਤਾ ਗਿਆ ਹੈ, ਉਹਨਾਂ ਲਈ ਮੁਫ਼ਤ ਕਾਨੂੰਨੀ ਸਹਾਇਤਾ ਸ਼੍ਰੋਮਣੀ ਕਮੇਟੀ ਵੱਲੋਂ ਉਪਲਬੱਧ ਕਰਵਾਈ ਜਾਵੇ, ਇਸ ਦੇ ਤਹਿਤ ਸ਼੍ਰੋਮਣੀ ਕਮੇਟੀ ਵੱਲੋਂ ਪਹਿਲਾਂ ਹੀ ਮੁਹਿੰਮ ਸ਼ੁਰੂ ਕਰ ਦਿੱਤੀ ਗਈ ਹੈ।

ਇਹ ਵੀ ਪੜ੍ਹੋ: ਲੰਡਨ ਜਾ ਰਹੀ ਏਅਰ ਇੰਡੀਆ ਦੀ ਫਲਾਈਟ 'ਚ ਹੰਗਾਮਾ, ਯਾਤਰੀ ਦੀ ਹੋਈ ਚਾਲਕ ਦਲ ਨਾਲ ਝੜਪ, ਦੋ ਜ਼ਖ਼ਮੀ 

ਇਸ ਮੌਕੇ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਪੰਜਾਬ ਦੇ ਰਾਜਪਾਲ ਨੂੰ ਮਿਲਣ ਤੋਂ ਪਹਿਲਾਂ ਸ੍ਰੀ ਅਕਾਲ ਤਖ਼ਤ ਸਾਹਿਬ ਉਤੇ ਸਿੱਖਾਂ ਦੀ ਇੱਕ ਵਿਸ਼ਾਲ ਇਕੱਤਰਤਾ ਬੁਲਾਈ ਜਾਵੇਗੀ, ਜਿਸ ਵਿੱਚ ਸਾਰੇ ਤਖਤਾਂ ਦੇ ਜਥੇਦਾਰ ਸਾਹਿਬ ਉੱਚੇਚੇ ਤੌਰ 'ਤੇ ਹਾਜ਼ਰ ਰਹਿਣਗੇ।

ਉਨ੍ਹਾਂ ਕਿਹਾ ਕਿ ਅਕਾਲ ਤਖਤ ਸਾਹਿਬ ਤੋਂ ਅਰਦਾਸ ਕਰਨ ਤੋਂ ਉਪਰੰਤ ਉਕਤ ਵਫ਼ਦ ਪੰਜਾਬ ਦੇ ਰਾਜਪਾਲ ਨਾਲ ਮੁਲਾਕਾਤ ਕਰਨ ਲਈ ਰਵਾਨਾ ਹੋਵੇਗਾ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਕੁਝ ਚੈਨਲਾਂ ਵੱਲੋਂ ਖਾਲਸਾ ਰਾਜ ਦੇ ਝੰਡੇ ਨੂੰ ਖਾਲਿਸਤਾਨ ਦਾ ਝੰਡਾ ਦੱਸ ਕੇ ਸਮੁੱਚੀ ਸਿੱਖ ਕੌਮ ਨੂੰ ਬਦਨਾਮ ਕਰਨ ਦੀ ਸਾਜ਼ਿਸ਼ ਰਚੀ ਗਈ ਹੈ।

ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਅਜਿਹਾ ਕਰਨ ਵਾਲੇ ਟੀਵੀ ਚੈਨਲਾਂ ਨੇ ਸਿੱਖਾਂ ਦਾ ਅਕਸ ਖਰਾਬ ਕੀਤਾ ਹੈ, ਸ਼੍ਰੋਮਣੀ ਕਮੇਟੀ ਇਨ੍ਹਾਂ ਚੈਨਲਾਂ ਨੂੰ ਲੈ ਕੇ ਵੀ ਗੰਭੀਰ ਹੈ।