ਆਮ ਆਦਮੀ ਪਾਰਟੀ ‘ਤੇ ਟਿਕਟਾਂ ਵੇਚਣ ਦੇ ਦੋਸ਼ਾਂ ਨੂੰ ਲੈ ਕੇ ਹੋਇਆ ਵੱਡਾ ਖੁਲਾਸਾ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਆਮ ਆਦਮੀ ਪਾਰਟੀ ‘ਤੇ ਟਿਕਟਾਂ ਵੇਚਣ ਦੇ ਦੋਸ਼ਾਂ ‘ਚ ਵੱਡਾ ਖ਼ੁਲਾਸਾ ਹੋਇਆ ਹੈ

Aam Aadmi Party

ਸ਼੍ਰੀ ਆਨੰਦਪੁਰ ਸਾਹਿਬ : ਆਮ ਆਦਮੀ ਪਾਰਟੀ ‘ਤੇ ਟਿਕਟਾਂ ਵੇਚਣ ਦੇ ਦੋਸ਼ਾਂ ‘ਚ ਵੱਡਾ ਖ਼ੁਲਾਸਾ ਹੋਇਆ ਹੈ। ਸ਼੍ਰੀ ਆਨੰਦਪੁਰ ਸਾਹਿਬ ਤੋਂ ਆਮ ਆਦਮੀ ਪਾਰਟੀ ਦੇ ਆਗੂ ਤਰਲੋਚਨ ਸਿੰਘ ਚੱਠਾ ਨੇ ਇਕ ਵੀਡੀਓ ਸਟਿੰਗ ਜਾਰੀ ਕੀਤਾ ਹੈ। ਉਨ੍ਹਾਂ ਸਟਿੰਗ ਜਾਰੀ ਕਰਦਿਆਂ 2017 ਦੀਆਂ ਵਿਧਾਨ ਸਭਾ ਚੋਣਾਂ ਵਿਚ ਰੋਪੜ ਤੋਂ ਟਿਕਟ ਲਈ 50 ਲੱਖ ਰੁਪਏ ਦਿੱਤੇ ਜਾਣ ਦਾ ਦਾਅਵਾ ਕੀਤਾ ਹੈ। ਇਸ ਦੇ ਲਈ ਮੋਹਾਲੀ ਦੇ ਗੁਰਦੁਆਰਾ ਸ਼੍ਰੀ ਅੰਬ ਸਾਹਿਬ ਕੋਲ ਪੈਸਿਆਂ ਦੇ ਲੈਣ-ਦੇਣ ਦਾ ਇਕ ਵੀਡੀਓ ਵੀ ਜਾਰੀ ਕੀਤਾ ਗਿਆ ਹੈ, ਜੋ ਕਿ ਚੱਠਾ ਦੇ ਬੇਟੇ ਵੱਲੋਂ ਬਣਾਇਆ ਗਿਆ ਹੈ।

ਵੀਡੀਓ ਵਿਚ ਜਿਸ ਗੱਡੀ ਵਿਚ ਪੈਸੇ ਰੱਖੇ ਗਏ ਹਨ ਉਹ ਆਪ ਆਗੂ ਨਰਿੰਦਰ ਸ਼ੇਰਗਿੱਲ ਦੀ ਦੱਸੀ ਜਾ ਰਹੀ ਹੈ। ਚੱਠਾ ਨੇ ਹਲਕਾ ਸ਼੍ਰੀ ਆਨੰਦਪੁਰ ਸਾਹਿਬ ਤੋਂ ਆਪ ਦੇ ਆਗੂ ਦੀਪਕ ਤੋਮਰ ‘ਤੇ ਡੀਲ ਕਰਵਾਉਣ ਦੇ ਇਲਜ਼ਾਮ ਲਗਾਏ ਨੇ ਨਾਲ ਹੀ ਉਨ੍ਹਾਂ ਦੁਰਗੇਸ਼ ਪਾਠਕ ਦਾ ਵੀ ਨਾਂ ਲਿਆ ਹੈ। ਚੱਠਾ ਮੁਤਾਬਿਕ ਟਿਕਟ ਨਾ ਮਿਲਣ ‘ਤੇ ਉਨ੍ਹਾਂ ਵੱਲੋਂ ਪੈਸਿਆਂ ਦੀ ਮੰਗ ਕੀਤੀ ਗਈ ਪਰ ਉਨ੍ਹਾਂ ਨੂੰ ਲਾਰੇ ਹੀ ਲਗਾ ਜਾਂਦੇ ਰਹੇ। ਹੁਣ ਉਨ੍ਹਾਂ ਸਟਿੰਗ ਜਾਰੀ ਕਰਦਿਆਂ ਜ਼ਿਲ੍ਹਾ ਪੁਲਿਸ ਮੁਖੀ ਨੂੰ ਲਿਖਤੀ ਸ਼ਿਕਾਇਤ ਦੇ ਕੇ ਇਨਸਾਫ਼ ਦੀ ਮੰਗ ਕੀਤੀ ਹੈ।

ਉਧਰ ਜਦੋਂ ਇਸ ਮਾਮਲੇ ‘ਤੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਨਰਿੰਦਰ ਸ਼ੇਰਗਿੱਲ ਨਾਲ ਸੰਪਰਕ ਕਰਨ ਦੀ ਕੋਸ਼ਿਸ਼ ਕੀਤੀ ਗਈ ਤਾਂ ਉਨ੍ਹਾਂ ਨਾਲ ਸੰਪਰਕ ਨਹੀਂ ਹੋ ਸਕਿਆ ਜਦਕਿ ਅਮਰਜੀਤ ਸੰਦੋਆ ਨੇ ਇਸ ਸਾਰੇ ਮਾਮਲੇ ਤੋਂ ਆਪਣੇ ਆਪ ਨੂੰ ਪੂਰੀ ਤਰ੍ਹਾਂ ਅਣਜਾਣ ਦੱਸਿਆ। ਇਸ ਮਾਮਲੇ ਦੀ ਜਾਂਚ ਕਰ ਰਹੇ ਐਸਪੀ ਹੈਡਕੁਆਟਰ ਜਸਪਾਲ ਸਿੰਘ ਜੱਲਾ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਜਾਂਚ ਤੋਂ ਬਾਅਦ ਹੀ ਅਗਲੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ।