ਬੇਅੰਤ ਸਿੰਘ ਕਤਲ ਮਾਮਲੇ ਵਿਚ ਉਮਰ ਕੈਦ ਦੀ ਸਜ਼ਾ ਕੱਟ ਰਹੇ ਲਖਵਿੰਦਰ ਸਿੰਘ ਲੱਖਾ ਨੂੰ ਮਿਲੀ ਜ਼ਮਾਨਤ
ਸੀ.ਜੇ.ਐਮ. ਡਾਕਟਰ ਅਮਰ ਇੰਦਰ ਸਿੰਘ ਦੀ ਅਦਾਲਤ ਨੇ ਸੁਣਾਇਆ ਫ਼ੈਸਲਾ
ਚੰਡੀਗੜ੍ਹ: ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਕਤਲ ਕੇਸ ਵਿਚ ਉਮਰ ਕੈਦ ਦੀ ਸਜ਼ਾ ਕੱਟ ਰਹੇ ਲਖਵਿੰਦਰ ਸਿੰਘ ਲੱਖਾ ਨੂੰ ਸਥਾਨਕ ਅਦਾਲਤ ਨੇ ਰੈਗੂਲਰ ਜ਼ਮਾਨਤ ਦੇ ਦਿਤੀ ਹੈ। ਸੀ.ਜੇ.ਐਮ. ਡਾਕਟਰ ਅਮਰ ਇੰਦਰ ਸਿੰਘ ਦੀ ਅਦਾਲਤ ਨੇ ਉਨ੍ਹਾਂ ਨੂੰ ਦੋ-ਦੋ ਲੱਖ ਦੀਆਂ ਦੋ ਸਕਿਊਰਟੀਆਂ ਦੇ ਇਵਜ਼ ਵਿਚ ਜ਼ਮਾਨਤ ’ਤੇ ਰਿਹਾਅ ਕਰਨ ਦਾ ਹੁਕਮ ਸੁਣਾਇਆ।
ਇਹ ਵੀ ਪੜ੍ਹੋ: ਅਬੋਹਰ 'ਚ ਸਹੁਰਿਆਂ ਨੇ ਕੀਤੀ ਗਰਭਵਤੀ ਨੂੰਹ ਦੀ ਕੁੱਟਮਾਰ
ਇਸ ਦੀ ਜਾਣਕਾਰੀ ਦਿੰਦਿਆਂ ਐਡਵੋਕੇਟ ਜਸਪਾਲ ਸਿੰਘ ਨੇ ਦਸਿਆ ਕਿ ਉਨ੍ਹਾਂ ਨੇ ਲਖਵਿੰਦਰ ਸਿੰਘ ਲੱਖਾ ਦੀ ਭੈਣ ਸੁਖਵਿੰਦਰ ਕੌਰ ਵਲੋਂ ਉਨ੍ਹਾਂ ਦੀ ਰੈਗੂਲਰ ਜ਼ਮਾਨਤ ਲਈ ਅਰਜ਼ੀ ਲਗਾਈ ਸੀ। ਉਨ੍ਹਾਂ ਦਸਿਆ ਕਿ ਡਾ. ਅਮਰ ਇੰਦਰ ਸਿੰਘ ਸੰਧੂ ਸੀ.ਜੇ.ਐਮ ਚੰਡੀਗੜ੍ਹ ਦੀ ਅਦਾਲਤ ਨੇ ਇਹ ਅਰਜ਼ੀ ਪ੍ਰਵਾਨ ਕਰਦਿਆਂ ਉਨ੍ਹਾਂ ਨੂੰ ਦੋ-ਦੋ ਲੱਖ ਦੀਆਂ ਦੋ ਸਕਿਊਰਟੀਆਂ ਦੇ ਇਵਜ਼ ਵਿਚ ਜ਼ਮਾਨਤ ’ਤੇ ਰਿਹਾਅ ਕਰਨ ਦਾ ਹੁਕਮ ਸੁਣਾਇਆ ਹੈ।
ਇਹ ਵੀ ਪੜ੍ਹੋ: ਪਠਾਨਕੋਟ 'ਚ ਝਾੜੀਆਂ 'ਚੋਂ ਮਿਲੀ ਵਿਅਕਤੀ ਦੀ ਲਾਸ਼
ਉਨ੍ਹਾਂ ਦਸਿਆ ਕਿ ਇਸ ਮਾਮਲੇ ਵਿਚ ਮਾਣਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ ਦਾ ਹੁਕਮ ਸੀ ਕਿ ਜਿਨ੍ਹਾਂ ਦੀ ਉਮਰ ਕੈਦ ਦੀ ਸਜ਼ਾ ਪੂਰੀ ਹੋ ਗਈ ਹੋਵੇ ਅਤੇ ਉਨ੍ਹਾਂ ਦੀ ਪੱਕੀ ਰਿਹਾਈ ਦੇ ਫ਼ੈਸਲੇ ਦਾ ਜਦ ਤਕ ਨਿਪਟਾਰਾ ਨਹੀਂ ਹੋ ਜਾਂਦਾ, ਅਜਿਹੇ ਕੈਦੀਆਂ ਨੂੰ ਰੈਗੂਲਰ ਜ਼ਮਾਨਤ ’ਤੇ ਰਿਹਾਅ ਕੀਤਾ ਜਾਵੇ, ਜਿਸ ਦੇ ਮੱਦੇਨਜ਼ਰ ਇਹ ਫ਼ੈਸਲਾ ਆਇਆ ਹੈ। ਉਨ੍ਹਾਂ ਦਸਿਆ ਕਿ ਇਸ ਮਾਮਲੇ ਵਿਚ ਜੇਲ੍ਹ ਸੁਪਰਡੈਂਟ ਅਤੇ ਗ੍ਰਹਿ ਸਕੱਤਰ ਨੇ ਅਦਾਲਤ ਵਿਚ ਪੇਸ਼ ਹੋ ਕੇ ਅਪਣੇ ਬਿਆਨ ਦਰਜ ਕਰਵਾਏ ਜਿਸ ਤੋਂ ਬਾਅਦ ਅਦਾਲਤ ਨੇ ਇਹ ਹੁਕਮ ਜਾਰੀ ਕੀਤਾ ਹੈ।