ਮੁੱਖ ਸਕੱਤਰ ਵਲੋਂ ਸੜਕੀ ਪ੍ਰਾਜੈਕਟਾਂ 'ਚ ਤੇਜ਼ੀ ਲਿਆਉਣ ਲਈ ਤਾਲਮੇਲ ਕਮੇਟੀ ਕਾਇਮ ਕਰਨ ਦੇ ਨਿਰਦੇਸ਼
ਮੁੱਖ ਸਕੱਤਰ ਵਲੋਂ ਸੜਕੀ ਪ੍ਰਾਜੈਕਟਾਂ 'ਚ ਤੇਜ਼ੀ ਲਿਆਉਣ ਲਈ ਤਾਲਮੇਲ ਕਮੇਟੀ ਕਾਇਮ ਕਰਨ ਦੇ ਨਿਰਦੇਸ਼
ਚੰਡੀਗੜ੍ਹ, 9 ਜੂਨ (ਸਪੋਕਸਮੈਨ ਸਮਾਚਾਰ ਸੇਵਾ) : ਸੂਬੇ ਵਿਚ ਬਿਹਤਰੀਨ ਸੜਕੀ ਸੰਪਰਕ ਅਤੇ ਸਰਬਪੱਖੀ ਆਰਥਕ ਵਿਕਾਸ ਯਕੀਨੀ ਬਣਾਉਣ ਲਈ ਪੰਜਾਬ ਦੇ ਮੁੱਖ ਸਕੱਤਰ ਸ੍ਰੀ ਕਰਨ ਅਵਤਾਰ ਸਿੰਘ ਨੇ ਅੱਜ ਨੈਸ਼ਨਲ ਹਾਈਵੇਅ ਅਥਾਰਟੀ ਆਫ਼ ਇੰਡੀਆ (ਐਨ.ਐਚ.ਏ.ਆਈ) ਦੇ ਚੇਅਰਮੈਨ ਡਾ. ਸੁਖਬੀਰ ਸਿੰਘ ਸੰਧੂ ਨਾਲ ਸੂਬੇ ਵਿਚ ਸੜਕ ਪ੍ਰਾਜੈਕਟਾਂ ਦੇ ਕੰਮ ਵਿਚ ਤੇਜ਼ੀ ਲਿਆਉਣ ਲਈ ਵਿਚਾਰ-ਵਟਾਂਦਰਾ ਕੀਤਾ।
ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਸਕੱਤਰ ਨੇ ਸਬੰਧਤ ਵੱਖ-ਵੱਖ ਵਿਭਾਗਾਂ ਦੇ ਸੀਨੀਅਰ ਅਧਿਕਾਰੀਆਂ ਦੀ ਤਾਲਮੇਲ ਕਮੇਟੀ ਗਠਤ ਕਰਨ ਦੇ ਨਿਰਦੇਸ਼ ਦਿਤੇ, ਜੋ ਐਨ.ਐਚ.ਏ.ਆਈ. ਦੇ ਪ੍ਰਾਜੈਕਟਾਂ ਨਾਲ ਸਬੰਧਤ ਮਸਲਿਆਂ ਦੇ ਜਲਦੀ ਹੱਲ ਅਤੇ ਇਨ੍ਹਾਂ ਪ੍ਰਾਜੈਕਟਾਂ ਵਿਚ ਤੇਜ਼ੀ ਲਿਆਉਣ ਲਈ ਹਰ ਦੋ ਹਫ਼ਤਿਆਂ ਬਾਅਦ ਮੀਟਿੰਗ ਕਰੇਗੀ। ਦਿੱਲੀ-ਅੰਮ੍ਰਿਤਸਰ-ਕਟੜਾ ਐਕਸਪ੍ਰੈੱਸਵੇਅ ਦੀ ਅੰਮ੍ਰਿਤਸਰ ਨਾਲ ਅਲਾਈਨਮੈਂਟ ਬਾਰੇ ਚਰਚਾ ਕਰਦਿਆਂ ਉਨ੍ਹਾਂ ਨੇ ਦਿੱਲੀ-ਅੰਮ੍ਰਿਤਸਰ-ਕਟੜਾ ਐਕਸਪ੍ਰੈਸਵੇਅ ਪ੍ਰਾਜੈਕਟ ਲਈ ਜ਼ਮੀਨ ਗ੍ਰਹਿਣ ਕਰਨ ਸਬੰਧੀ ਮਸਲਿਆਂ ਬਾਰੇ ਜਾਣਕਾਰੀ ਹਾਸਲ ਕੀਤੀ।