ਲੋਕ ਮਸਲਿਆਂ ਦੇ ਹੱਲ ਸਬੰਧੀ ਪਰਮਿੰਦਰ ਢੀਂਡਸਾ ਨੇ ਭੇਜਿਆ ਮੁੱਖ ਮੰਤਰੀ ਤੇ ਪ੍ਰਧਾਨ ਮੰਤਰੀ ਵੱਲ ਪੱਤਰ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਸਰਬਸੰਮਤੀ ਨਾਲ ਪਾਸ ਕੀਤੇ ਮਤਿਆਂ ਦੀ ਕਾਪੀ ਡਿਪਟੀ ਕਮਿਸ਼ਨਰ ਨੂੰ ਸੌਂਪੀ

Meeting

ਸੰਗਰੂਰ : ਕਰੋਨਾ ਵਾਇਰਸ ਮਾਹਮਾਰੀ ਨੇ ਹਰ ਕਿਸੇ ਨੂੰ ਪ੍ਰਭਾਵਿਤ ਕੀਤਾ ਹੈ। ਇਸ ਕਾਰਨ ਵੱਡੀ ਗਿਣਤੀ ਕਾਮੇ ਬੇਰੁਜ਼ਗਾਰ ਹੋ ਗਏ ਹਨ। ਕਿਸਾਨਾਂ ਨੂੰ ਭਾਰੀ ਦਿੱਕਤਾਂ ਨਾਲ ਦੋ-ਚਾਰ ਹੋਣਾ ਪੈ ਰਿਹਾ ਹੈ। ਕਰੋਨਾ ਵਾਇਰਸ ਤੋਂ ਬਾਅਦ ਹੋਈ ਤਾਲਾਬੰਦੀ ਹਰ ਵਰਗ 'ਤੇ ਅਪਣਾ ਮਾਰੂ ਪ੍ਰਭਾਵ ਪਾਇਆ ਹੈ। ਇਸ ਔਖੀ ਘੜੀ ਪੀੜਤ ਲੋਕਾਂ  ਦੀ ਆਵਾਜ਼ ਪ੍ਰਸ਼ਾਸਨ ਤਕ ਪਹੁੰਚਾਉਣ ਲਈ ਸਾਬਕਾ ਖਜ਼ਾਨਾ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਦੀ ਰਿਹਾਇਸ਼ 'ਤੇ ਇਕ ਵਿਸ਼ੇਸ਼ ਮੀਟਿੰਗ ਕੀਤੀ ਗਈ।

ਮੀਟਿੰਗ ਵਿਚ ਸੀਨੀਅਰ ਅਕਾਲੀ ਆਗੂਆਂ ਤੋਂ ਇਲਾਵਾ ਚੋਣਵੇਂ ਕਿਸਾਨ, ਮਜ਼ਦੂਰ ਤੇ ਵਪਾਰ ਮੰਡਲ ਦੇ ਨੁਮਾਇੰਦਿਆਂ ਨੇ ਸ਼ਿਰਕਤ ਕੀਤੀ। ਇਸ ਮੌਕੇ ਸਰਬ ਸੰਮਤੀ ਨਾਲ ਕਈ ਮਤੇ ਪਾਸ ਕੀਤੇ ਗਏ ਜਿਨ੍ਹਾਂ ਦੀ ਕਾਪੀ ਪ੍ਰਧਾਨ ਮੰਤਰੀ ਅਤੇ ਮੁੱਖ ਮੰਤਰੀ ਵੱਲ ਭੇਜ ਕੇ ਲੋਕ ਮਸਲਿਆਂ ਵੱਲ ਤੁਰੰਤ ਧਿਆਨ ਦੇਣ ਦੀ ਮੰਗ ਕੀਤੀ ਗਈ।

ਮੀਟਿੰਗ ਦੌਰਾਨ ਪਾਸ ਕੀਤੇ ਗਏ ਮਤਿਆਂ 'ਚ ਕੇਂਦਰ ਸਰਕਾਰ ਵਲੋਂ ਕਿਸਾਨ ਸੁਧਾਰ ਦੇ ਨਾਂ 'ਤੇ ਪਾਸ ਕੀਤੇ ਗਏ ਆਰਡੀਨੈਂਸਾਂ 'ਤੇ ਵਿਸ਼ੇਸ਼ ਚਰਚਾ ਕੀਤੀ ਗਈ। ਪਾਸ ਕੀਤੇ ਮਤੇ ਮੁਤਾਬਕ ਇਨ੍ਹਾਂ ਆਰਡੀਨੈਂਸਾਂ ਦੇ ਅਮਲ ਨਾਲ ਜਿਥੇ ਜਿਣਸਾਂ ਦੇ ਘੱਟੋ ਘੱਟ ਸਮਰਥਨ ਮੁੱਲ ਉਪਰ ਅਸਰ ਪਵੇਗਾ, ਉਥੇ ਕਿਸਾਨਾਂ ਦੀ ਨਿਚਸਿਤ ਆਮਦਨ ਵੀ ਪ੍ਰਭਾਵਿਤ ਹੋਵੇਗੀ।

ਮਤਿਆਂ 'ਚ ਪੰਜਾਬ ਸਰਕਾਰ ਵਲੋਂ ਇਨ੍ਹਾਂ ਆਰਡੀਨੈਂਸਾਂ ਖਿਲਾਫ਼ ਕੋਈ ਠੋਸ ਰਣਨੀਤੀ ਨਾ ਬਣਾਉਣ ਦੀ ਨਿੰਦਾ ਕਰਦਿਆਂ ਸਰਕਾਰ ਤੋਂ ਖੇਤੀ ਤੇ ਮੰਡੀ ਢਾਂਚੇ ਨੂੰ ਹੋਣ ਵਾਲੇ ਨੁਕਸਾਨ ਤੋਂ ਬਚਾਉਣ ਲਈ ਢੁਕਵੇਂ ਫ਼ੈਸਲੇ ਲੈਣ ਦੀ ਮੰਗ ਕੀਤੀ ਗਈ। ਇਸ ਤਰ੍ਹਾਂ ਮਤਾ ਪਾਸ ਕਰ ਕੇ ਖੇਤੀ ਟਿਊਬਵੈਲਾਂ 'ਤੇ ਬਿੱਲ ਲਾਉਣ ਦੇ ਯਤਨਾਂ ਦੀ ਵੀ ਨਿਖੇਧੀ ਕੀਤੀ ਗਈ। ਝੋਨੇ ਦੇ ਸੀਜਨ ਦੌਰਾਨ ਕਿਸਾਨਾਂ ਲਈ ਅੱਠ ਘੰਟੇ ਨਿਰਵਿਘਨ ਬਿਜਲੀ ਸਪਲਾਈ ਯਕੀਨੀ ਬਣਾਉਣ ਦੀ ਮੰਗ ਕੀਤੀ ਗਈ।

ਇਸ ਤੋਂ ਇਲਾਵਾ ਸ਼ਰਾਬ ਘੁਟਾਲੇ ਦੀ ਉੱਚ ਪੱਧਰੀ ਜਾਂਚ ਕਰਵਾ ਕੇ ਮੁਲਜ਼ਮਾਂ ਖਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ ਗਈ। ਨਕਲੀ ਬੀਜ਼ ਮਾਮਲੇ ਦੇ ਦੋਸ਼ੀਆਂ ਖਿਲਾਫ਼ ਸਖ਼ਤ ਕਾਰਵਾਈ ਲਈ ਵੀ ਮਤਾ ਪਾਸ ਕਰਦਿਆਂ ਜਲਦ ਇਨਸਾਫ਼ ਦੀ ਮੰਗ ਕੀਤੀ ਗਈ। ਮੀਟਿੰਗ ਦੌਰਾਨ ਪਾਸ ਕੀਤੇ ਮਤਿਆਂ ਰਾਹੀਂ ਸਿਹਤ ਖੇਤਰ ਦੇ ਮੁਢਲੇ ਢਾਂਚੇ 'ਤੇ ਖਰਚ ਕਰਨ ਦੇ ਨਾਲ ਨਾਲ ਗ਼ਰੀਬ ਤੇ ਲੋੜਵੰਦਾਂ ਦੀਆਂ ਮੁਢਲੀਆਂ ਲੋੜਾਂ ਨੂੰ ਪੂਰਾ ਕਰਨ ਲਈ ਸਰਕਾਰ ਨੂੰ ਅੱਗੇ ਹੋ ਕੇ ਮੱਦਦ ਕਰਨ ਦੀ ਮੰਗ ਵੀ ਕੀਤੀ ਗਈ।
 

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook  ਤੇ ਲਾਈਕ Twitter  ਤੇ follow  ਕਰੋ