Punjab Weathe Update: ਪੰਜਾਬ ਵਿੱਚ ਅੱਜ ਵੀ ਹੀਟਵੇਵ ਲਈ ਆਰੇਂਜ ਅਲਰਟ, 14 ਤਰੀਕ ਤੋਂ ਰਾਹਤ ਮਿਲੇਗੀ
ਸੂਬੇ ਦਾ ਸਭ ਤੋਂ ਵੱਧ ਤਾਪਮਾਨ ਲੁਧਿਆਣਾ ਦੇ ਸਮਰਾਲਾ ਵਿਖੇ 46.1 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਹੈ
Punjab Weathe Update: ਅੱਜ ਵੀ ਪੰਜਾਬ ਵਿੱਚ ਹੀਟਵੇਵ ਲਈ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਦਿਨ ਅਤੇ ਰਾਤ ਦੋਵਾਂ ਸਮੇਂ ਤਾਪਮਾਨ ਆਮ ਨਾਲੋਂ ਵੱਧ ਰਹਿਣ ਦੀ ਉਮੀਦ ਹੈ। ਪਿਛਲੇ 24 ਘੰਟਿਆਂ ਵਿੱਚ, ਪੰਜਾਬ ਵਿੱਚ ਵੱਧ ਤੋਂ ਵੱਧ ਤਾਪਮਾਨ ਔਸਤਨ 1.2 ਡਿਗਰੀ ਸੈਲਸੀਅਸ ਵਧਿਆ ਹੈ, ਜੋ ਕਿ ਆਮ ਨਾਲੋਂ 3.8 ਡਿਗਰੀ ਸੈਲਸੀਅਸ ਵੱਧ ਹੈ।
ਮੌਸਮ ਵਿਭਾਗ ਦੇ ਅਨੁਸਾਰ, ਸੂਬੇ ਦਾ ਸਭ ਤੋਂ ਵੱਧ ਤਾਪਮਾਨ ਲੁਧਿਆਣਾ ਦੇ ਸਮਰਾਲਾ ਵਿਖੇ 46.1 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਹੈ। ਇਸ ਤੋਂ ਇਲਾਵਾ, ਚੰਡੀਗੜ੍ਹ ਸ਼ਹਿਰ ਵਿੱਚ 43.8 ਡਿਗਰੀ ਸੈਲਸੀਅਸ, ਬਠਿੰਡਾ ਵਿੱਚ 44.6 ਡਿਗਰੀ ਸੈਲਸੀਅਸ, ਅੰਮ੍ਰਿਤਸਰ ਵਿੱਚ 44.2 ਡਿਗਰੀ ਸੈਲਸੀਅਸ ਅਤੇ ਲੁਧਿਆਣਾ ਵਿੱਚ 43.9 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਹੈ।
ਸੂਬੇ ਦੇ ਜ਼ਿਆਦਾਤਰ ਜ਼ਿਲ੍ਹਿਆਂ ਵਿੱਚ ਹੀਟਵੇਵ ਜਾਂ ਗਰਮ ਰਾਤਾਂ ਚੱਲ ਰਹੀਆਂ ਹਨ। ਮੌਸਮ ਵਿਭਾਗ ਨੇ ਅਗਲੇ ਕੁਝ ਦਿਨਾਂ ਲਈ ਆਰੇਂਜ ਅਲਰਟ ਜਾਰੀ ਕੀਤਾ ਹੈ। ਗਰਮੀ ਦੀ ਲਹਿਰ ਅਤੇ ਗਰਮ ਰਾਤਾਂ ਦਾ ਪ੍ਰਭਾਵ ਖਾਸ ਕਰ ਕੇ ਅੰਮ੍ਰਿਤਸਰ, ਤਰਨਤਾਰਨ, ਫਿਰੋਜ਼ਪੁਰ, ਫਾਜ਼ਿਲਕਾ, ਮੁਕਤਸਰ, ਫਰੀਦਕੋਟ, ਮੋਗਾ, ਬਠਿੰਡਾ, ਮਾਨਸਾ ਅਤੇ ਬਰਨਾਲਾ ਵਿੱਚ ਵਧੇਰੇ ਦੇਖਿਆ ਜਾ ਰਿਹਾ ਹੈ।
14 ਜੂਨ ਤੋਂ ਰਾਹਤ ਦੀ ਸੰਭਾਵਨਾ
ਮੌਸਮ ਵਿਭਾਗ ਅਨੁਸਾਰ, 14 ਜੂਨ ਤੋਂ ਪੰਜਾਬ ਵਿੱਚ ਗਰਜ-ਤੂਫ਼ਾਨ ਅਤੇ ਤੇਜ਼ ਹਵਾਵਾਂ (40-50 ਕਿਲੋਮੀਟਰ ਪ੍ਰਤੀ ਘੰਟਾ) ਦੀ ਸੰਭਾਵਨਾ ਹੈ। ਇਸ ਨਾਲ ਗਰਮੀ ਤੋਂ ਕੁਝ ਰਾਹਤ ਮਿਲ ਸਕਦੀ ਹੈ। ਜਦੋਂ ਕਿ ਜ਼ਿਆਦਾਤਰ ਜ਼ਿਲ੍ਹਿਆਂ ਵਿੱਚ 13 ਜੂਨ ਤੱਕ ਹੀਟਵੇਵ ਦੀ ਚੇਤਾਵਨੀ ਹੈ, 14 ਜੂਨ ਤੋਂ ਬਾਅਦ ਮੌਸਮ ਵਿੱਚ ਬਦਲਾਅ ਦੇ ਸੰਕੇਤ ਹਨ।