ਚੰਡੀਗੜ੍ਹ 'ਤੇ ਪੰਜਾਬ ਦਾ ਇਤਿਹਾਸਕ ਹੱਕ: ਕੈਪਟਨ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਹਰਿਆਣਾ ਦੇ ਅਪਣੇ ਹਮਰੁਤਬਾ ਮਨੋਹਰ ਲਾਲ ਖੱਟੜ ਵਲੋਂ ਚੰਡੀਗੜ੍ਹ ਅਤੇ ਨਾਲ ਲਗਦੇ ਸ਼ਹਿਰਾਂ..........

Amarinder Singh Chief minister of Punjab

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਹਰਿਆਣਾ ਦੇ ਅਪਣੇ ਹਮਰੁਤਬਾ ਮਨੋਹਰ ਲਾਲ ਖੱਟੜ ਵਲੋਂ ਚੰਡੀਗੜ੍ਹ ਅਤੇ ਨਾਲ ਲਗਦੇ ਸ਼ਹਿਰਾਂ ਪੰਚਕੂਲਾ ਤੇ ਮੋਹਾਲੀ ਲਈ ਟ੍ਰਾਈਸਿਟੀ ਯੋਜਨਾਬੰਦੀ ਬੋਰਡ ਸਥਾਪਤ ਕਰਨ ਦੇ ਸੁਝਾਅ ਨੂੰ ਮੁੱਢੋਂ ਰੱਦ ਕਰਦਿਆਂ ਕਿਹਾ ਕਿ ਚੰਡੀਗੜ੍ਹ ਯਕੀਨੀ ਤੌਰ 'ਤੇ ਪੰਜਾਬ ਦਾ ਹੈ।  ਮੁੱਖ ਮੰਤਰੀ ਨੇ ਸਖ਼ਤ ਸਟੈਂਡ ਲੈਂਦਿਆਂ ਕਿਹਾ ਕਿ ਸ੍ਰੀ ਖੱਟਰ ਦੇ ਪ੍ਰਸਤਾਵ ਨਾਲ ਸਹਿਮਤ ਹੋਣ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ। ਪੰਜਾਬ ਦੇ ਰਾਜਪਾਲ ਵੀ.ਪੀ.ਐਸ. ਬਦਨੌਰ ਨੇ ਵੀ ਇਹ ਕਹਿੰਦਿਆਂ ਹਮਾਇਤ ਕੀਤੀ ਕਿ ਤਿੰਨਾਂ ਸ਼ਹਿਰਾਂ ਦੇ ਵਿਕਾਸ ਨਾਲ ਸਬੰਧਤ ਮਾਮਲਿਆਂ 'ਤੇ ਪਹਿਲਾਂ ਹੀ ਤਾਲਮੇਲ ਹੁੰਦਾ

ਰਹਿੰਦਾ ਹੈ। ਮੁੱਖ ਮੰਤਰੀ ਇਥੇ ਇਕ ਸਮਾਗਮ 'ਚ ਸਵਾਲਾਂ ਦੇ ਜਵਾਬ ਦੇ ਰਹੇ ਸਨ। ਰਾਜਪਾਲ ਨੇ ਇਹ ਨੁਕਤਾ ਉਭਾਰਿਆ ਕਿ ਇਹ ਖਿੱਤਾ ਚੁਫੇਰਿਉਂ ਜ਼ਮੀਨ ਨਾਲ ਘਿਰਿਆ ਹੋਣ ਕਰ ਕੇ ਚੰਡੀਗੜ੍ਹ ਦਾ ਵਿਸਤਾਰ ਹੋਣ ਦੀ ਕੋਈ ਗੁਜਾਇਸ਼ ਨਹੀਂ ਹੈ। ਕੈਪਟਨ ਅਮਰਿੰਦਰ ਸਿੰਘ ਨੇ ਸਪੱਸ਼ਟ ਤੌਰ 'ਤੇ ਕਿਹਾ ਕਿ ਪੰਜਾਬ, ਰਾਜਧਾਨੀ ਤੋਂ ਬਿਨਾਂ ਇਕੱਲਾ ਸੂਬਾ ਹੋਣ ਕਰਕੇ ਇਸ ਦਾ ਚੰਡੀਗੜ੍ਹ 'ਤੇ ਇਤਿਹਾਸਕ ਅਧਿਕਾਰ ਹੈ। ਉਨ੍ਹਾਂ ਕਿਹਾ ਕਿ ਪਿਛਲੇ ਸਮੇਂ 'ਚ ਵੱਖ-ਵੱਖ ਸਮੇਂ ਹੋਏ ਇਕਰਾਰਨਾਮਿਆਂ ਵਿੱਚ ਚੰਡੀਗੜ੍ਹ, ਪੰਜਾਬ ਨੂੰ ਦਿੱਤਾ ਗਿਆ ਪਰ ਬਦਕਿਸਮਤੀ ਨਾਲ ਇਸ ਨੂੰ ਅਮਲੀ ਰੂਪ ਨਹੀਂ ਮਿਲਿਆ। ਪੰਜਾਬ ਲਈ ਰਾਜਧਾਨੀ ਦੀ ਲੋੜ 'ਤੇ ਜ਼ੋਰ ਦਿੰਦਿਆਂ ਮੁੱਖ

ਮੰਤਰੀ ਨੇ ਕਿਹਾ ਕਿ ਸੰਭਵ ਤੌਰ 'ਤੇ ਵਿਸ਼ਵ ਵਿੱਚ ਪੰਜਾਬ ਹੀ ਕਿ ਅਜਿਹਾ ਸੂਬਾ ਹੈ ਜਿਸ ਦੀ ਆਪਣੀ ਰਾਜਧਾਨੀ ਨਹੀਂ ਹੈ। ਉਨ੍ਹਾਂ ਕਿਹਾ ਕਿ ਹਰਿਆਣਾ ਇਕ ਨਵਾਂ ਸੂਬਾ ਹੋਣ ਕਰਕੇ ਆਪਣੀ ਰਾਜਧਾਨੀ ਸਥਾਪਤ ਕਰਨ ਵਿੱਚ ਉਸ ਦੀ ਸਹਾਇਤਾ ਕੀਤੀ ਜਾਣੀ ਚਾਹੀਦੀ ਹੈ ਅਤੇ ਚੰਡੀਗੜ੍ਹ ਪੰਜਾਬ ਦੀ ਰਾਜਧਾਨੀ ਵਜੋਂ ਪੰਜਾਬ ਨੂੰ ਦੇ ਦੇਣਾ ਚਾਹੀਦਾ ਹੈ। ਕੈਪਟਨ ਅਮਰਿੰਦਰ ਸਿੰਘ ਅਤੇ ਸ੍ਰੀ ਬਦਨੌਰ ਨੇ ਸਮੁੱਚੀ ਟ੍ਰਾਈਸਿਟੀ ਨੂੰ ਪੰਜਾਬ ਤੇ ਹਰਿਆਣਾ ਦੀ ਰਾਜਧਾਨੀ ਵਜੋਂ ਨੈਸ਼ਨਲ ਕੈਪੀਟਲ ਰੀਜ਼ਨ (ਐਨ.ਸੀ.ਆਰ.) ਵਾਂਗ ਗਰੇਟਰ ਚੰਡੀਗੜ੍ਹ ਮੈਟਰੋਪੋਲੀਟਨ ਰੀਜ਼ਨ ਬਣਾਉਣ ਦੇ ਸੁਝਾਅ ਨੂੰ ਵੀ ਰੱਦ ਕਰ ਦਿਤਾ। ਸ੍ਰੀ ਬਦਨੌਰ ਜੋ ਚੰਡੀਗੜ੍ਹ ਦੇ ਪ੍ਰਸ਼ਾਸਕ ਵੀ ਹਨ, ਨੇ

ਕਿਹਾ ਕਿ ਦੋਵਾਂ ਸੂਬਿਆਂ ਅਤੇ ਯੂ.ਟੀ. ਦਰਮਿਆਨ ਵੱਖ-ਵੱਖ ਮੁੱਦਿਆਂ 'ਤੇ ਪਹਿਲਾਂ ਹੀ ਤਾਲਮੇਲ ਹੁੰਦਾ ਹੈ, ਪਰ ਮੋਹਾਲੀ ਅਤੇ ਪੰਚਕੂਲਾ ਤੋਂ ਹੋਰ ਲੋਕਾਂ ਦੀ ਭਾਈਵਾਲੀ ਵਧਾ ਕੇ ਸਲਾਹਕਾਰੀ ਕੌਂਸਲ ਨੂੰ ਹੋਰ ਮਜ਼ਬੂਤ ਬਣਾਇਆ ਜਾ ਸਕਦਾ ਹੈ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਹੋਰ ਮੁੱਦੇ ਚੁੱਕਣ ਤੋਂ ਪਹਿਲਾਂ ਪੰਜਾਬ ਤੇ ਹਰਿਆਣਾ ਦਰਮਿਆਨ ਖੇਤਰੀ ਅਤੇ ਪਾਣੀਆਂ ਦੇ ਮੁੱਦੇ ਹੱਲ ਹੋਣੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਲਈ ਪਾਣੀਆਂ ਦਾ ਮੁੱਦਾ ਬਹੁਤ ਗੰਭੀਰ ਹੈ ਕਿਉਂ ਜੋ ਧਰਤੀ ਹੇਠਲੇ ਪਾਣੀ ਦਾ ਪੱਧਰ ਤੇਜ਼ੀ ਨਾਲ ਡਿੱਗ ਰਿਹਾ ਹੈ।

ਉਨ੍ਹਾਂ ਕਿਹਾ ਕਿ ਹਰਿਆਣਾ ਕੋਲ ਦੋਵਾਂ ਸੂਬਿਆਂ ਦੀ ਸਿਰਫ 40 ਫੀਸਦੀ ਜ਼ਮੀਨ ਹੋਣ ਦੇ ਬਾਵਜੂਦ ਵੱਧ ਪਾਣੀ ਹੈ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਅਕਾਲੀਆਂ ਨੇ ਆਪਣੀਆਂ ਸਿਆਸੀ ਰੋਟੀਆਂ ਸੇਕਣ ਲਈ ਪੰਜਾਬ ਦੀ ਵੰਡ ਕਰ ਦਿੱਤੀ। ਉਨ੍ਹਾਂ ਕਿਹਾ ਕਿ ਇਸ ਵੰਡ ਨੇ ਪੰਜਾਬ ਦਾ ਬੇਹਿਸਾਬਾ ਨੁਕਸਾਨ ਕੀਤਾ ਹੈ ਜਿਸ ਕਰਕੇ ਅੱਜ ਸੂਬਾ ਪਾਣੀ ਅਤੇ ਨਸ਼ਿਆਂ ਸਮੇਤ ਬਹੁਤ ਸਾਰੀਆਂ ਸਮੱਸਿਆਵਾਂ ਦਾ ਸਾਹਮਣਾ ਕਰ ਰਿਹਾ ਹੈ। ਕੈਪਟਨ ਅਮਰਿੰਦਰ ਸਿੰਘ ਨੇ ਸਮਾਗਮ ਵਿੱਚ ਇਕ ਦਰਸ਼ਕ ਵੱਲੋਂ ਪੰਜਾਬ ਯੂਨੀਵਰਸਿਟੀ ਨੂੰ ਕੇਂਦਰੀ ਯੂਨੀਵਰਸਿਟੀ ਬਣਾਉਣ ਦੇ ਰੱਖੇ ਸੁਝਾਅ ਨੂੰ ਰੱਦ ਕਰ ਦਿੱਤਾ।

ਇਸ ਦੇ ਨਾਲ ਹੀ ਉਨ੍ਹਾਂ ਨੇ ਯੂਨੀਵਰਸਿਟੀ ਨੂੰ ਚਲਾਉਣ ਲਈ ਸ੍ਰੀ ਖੱਟਰ ਵੱਲੋਂ ਯੋਗਦਾਨ ਪਾਉਣ ਦੀ ਕੀਤੀ ਪੇਸ਼ਕਸ਼ ਵੀ ਠੁਕਰਾ ਦਿਤੀ। ਮੁੱਖ ਮੰਤਰੀ ਨੇ ਚੰਡੀਗੜ੍ਹ ਯੂ.ਟੀ. ਵੱਲੋਂ ਪ੍ਰਸ਼ਾਸਨ ਵਿੱਚ ਪੰਜਾਬ ਦੀ 60 ਫੀਸਦੀ ਹਿੱਸੇਦਾਰੀ ਨੂੰ ਖੋਰਾ ਲਾ ਕੇ ਆਪਣਾ ਕਾਡਰ ਕਾਇਮ ਕਰਨ ਦਾ ਮੁੱਦਾ ਵੀ ਚੁੱਕਿਆ। ਇਸ ਸੰਦਰਭ ਵਿੱਚ ਰਾਜਪਾਲ ਨੇ ਚੰਡੀਗੜ੍ਹ ਵਿੱਚ ਮੁਲਾਜ਼ਮਾਂ ਦੇ ਆਡਿਟ ਕਰਨ ਦੇ ਹੁਕਮ ਦੇਣ ਦੀ ਪੇਸ਼ਕਸ਼ ਕੀਤੀ ਤਾਂ ਕਿ ਪੰਜਾਬ ਤੇ ਹਰਿਆਣਾ ਦਰਮਿਆਨ 60:40 ਦੇ ਅਨੁਪਾਤ ਨੂੰ ਯਕੀਨੀ ਬਣਾਇਆ ਜਾ ਸਕੇ।