ਸਿੱਖਿਆ ਵਿਭਾਗ ਦੀ ਨਵੀਂ ਰਣਨੀਤੀ, ਹੁਣ ਵੱਖ-ਵੱਖ ਜ਼ੋਨਾਂ ਵਿਚ ਵੰਡੇ ਜਾਣਗੇ ਸਰਕਾਰੀ ਸਕੂਲ

ਏਜੰਸੀ

ਖ਼ਬਰਾਂ, ਪੰਜਾਬ

ਸੂਬੇ ਦੇ ਸਰਕਾਰੀ ਸਕੂਲਾਂ ਨੂੰ ਪ੍ਰਾਈਵੇਟ ਸਕੂਲਾਂ ਨਾਲੋਂ ਬਿਹਤਰ ਬਣਾਉਣ ਲਈ ਪੰਜਾਬ ਸਰਕਾਰ ਦੇ ਸਿੱਖਿਆ ਵਿਭਾਗ ਵੱਲੋਂ ਕਈ ਖ਼ਾਸ ਕਦਮ ਚੁੱਕੇ ਜਾ ਰਹੇ ਹਨ।

Government School

ਚੰਡੀਗੜ੍ਹ: ਸੂਬੇ ਦੇ ਸਰਕਾਰੀ ਸਕੂਲਾਂ ਨੂੰ ਪ੍ਰਾਈਵੇਟ ਸਕੂਲਾਂ ਨਾਲੋਂ ਬਿਹਤਰ ਬਣਾਉਣ ਲਈ ਪੰਜਾਬ ਸਰਕਾਰ ਦੇ ਸਿੱਖਿਆ ਵਿਭਾਗ ਵੱਲੋਂ ਕਈ ਖ਼ਾਸ ਕਦਮ ਚੁੱਕੇ ਜਾ ਰਹੇ ਹਨ। ਸਿੱਖਿਆ ਵਿਭਾਗ ਇਸ ਸਬੰਧੀ ਲਗਾਤਾਰ ਤਿਆਰੀ ਕਰ ਰਿਹਾ ਹੈ। ਸਰਕਾਰ ਵੱਲੋਂ ਸਰਕਾਰੀ ਸਕੂਲਾਂ ਵਿਚ ਗੁਣਵੱਤਾ ਦੇ ਨਾਲ-ਨਾਲ ਚੰਗੀਆਂ ਸਹੂਲਤਾਂ ਵੱਲ ਵੀ ਧਿਆਨ ਦਿੱਤਾ ਜਾ ਰਿਹਾ ਹੈ।

ਇਸ ਦੇ ਲਈ ਪੰਜਾਬ ਸਿੱਖਿਆ ਵਿਭਾਗ ਨੇ ਸੂਬੇ ਦੇ ਸਾਰੇ 19,166 ਸਰਕਾਰੀ ਸਕੂਲਾਂ ਨੂੰ ਵੱਖ-ਵੱਖ ਜ਼ੋਨਾਂ ਤਹਿਤ ਵੰਡਣ ਦਾ ਫੈਸਲਾ ਕੀਤਾ ਹੈ। ਇਹਨਾਂ ਸਕੂਲਾਂ ਨੂੰ ਜ਼ੋਨਾਂ ਵਿਚ ਵੰਡਣ ਤੋਂ ਬਾਅਦ ਵੱਖ-ਵੱਖ ਅਧਿਕਾਰੀਆਂ ਦੀ ਜ਼ਿੰਮੇਵਾਰੀ ਤੈਅ ਕੀਤੀ ਜਾਵੇਗੀ।

ਦੱਸ ਦਈਏ ਕਿ ਕੋਰੋਨਾ ਵਾਇਰਸ ਮਹਾਂਮਾਰੀ ਦੇ ਚਲਦਿਆਂ ਸਾਰੇ ਸਕੂਲ ਵਿਦਿਆਰਥੀਆਂ ਨੂੰ ਆਨਲਾਈਨ ਸਿੱਖਿਆ ਦੇ ਰਹੇ ਹਨ, ਇਸੇ ਸਮੇਂ  ਦਾ ਲਾਭ ਲੈਂਦਿਆਂ ਵਿਭਾਗ ਸਕੂਲਾਂ ਦੇ ਢਾਂਚੇ ਨੂੰ ਪਹਿਲਾਂ ਨਾਲੋਂ ਬਿਹਤਰ ਬਣਾਉਣ ‘ਤੇ ਵਿਚਾਰ ਕਰ ਰਿਹਾ ਹੈ। ਇਸ ਦਾ ਬੱਚਿਆਂ ਦੀ ਪੜ੍ਹਾਈ ‘ਤੇ ਕੋਈ ਅਸਰ ਨਹੀਂ ਹੋਵੇਗਾ।

ਇਸ ਯੋਜਨਾ ਨੂੰ ਲਾਗੂ ਕਰਨ ਲਈ ਸਿੱਖਿਆ ਵਿਭਾਗ ਨੇ ਰਣਨੀਤੀ ਤਿਆਰ ਕਰ ਲਈ ਹੈ। ਸਕੂਲ ਖੁੱਲ੍ਹਣ ਤੋਂ ਬਾਅਦ ਇਸ ‘ਤੇ ਕੰਮ ਸ਼ੁਰੂ ਕੀਤਾ ਜਾਵੇਗਾ। ਇਸ ਦੇ ਤਹਿਤ ਸਕੂਲ ਦੀਆਂ ਅਸੁਰੱਖਿਅਤ ਇਮਾਰਤਾਂ ਨੂੰ ਖਾਲੀ ਕਰਵਾਇਆ ਜਾਵੇਗਾ ਅਤੇ ਉਹਨਾਂ ਨੂੰ ਨਵੇਂ ਸਿਰੇ ਤੋਂ ਬਣਾਇਆ ਜਾਵੇਗਾ। ਇਸ ਦੇ ਲਈ ਸਰਕਾਰ ਵੱਲੋਂ ਫੰਡ ਜਾਰੀ ਕੀਤਾ ਜਾਵੇਗਾ।

ਜ਼ਿਕਰਯੋਗ ਹੈ ਕਿ ਪੰਜਾਬ ਵਿਚ ਸੂਬਾ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਦੀ ਸਥਿਤੀ ਵਿਚ ਸੁਧਾਰ ਲਿਆਉਣ ਲਈ ਪਹਿਲਾਂ ਤੋਂ ਹੀ ਕੰਮ ਕੀਤੇ ਜਾ ਰਹੇ ਹਨ। ਇਸ ਦੇ ਚਲਦਿਆਂ ਹੁਣ ਤੱਕ ਸੂਬੇ ਦੇ ਕਈ ਸਰਕਾਰੀ ਸਕੂਲਾਂ ਨੂੰ ਸਮਾਰਟ ਸਕੂਲ ਵਿਚ ਤਬਦੀਲ ਕੀਤਾ ਗਿਆ ਹੈ। ਇਹਨਾਂ ਸਕੂਲਾਂ ਵਿਚ ਬੱਚਿਆਂ ਨੂੰ ਨਵੀਆਂ ਤਕਨੀਕਾਂ ਦੇ ਜ਼ਰੀਏ ਸਿਖਲਾਈ ਦਿੱਤੀ ਜਾਂਦੀ ਹੈ।