ਚੰਡੀਗੜ੍ਹ ’ਤੇ ਪੰਜਾਬ ਦਾ ਹੀ ਹੱਕ, ਹਰਿਆਣਾ ਦੀ ਵਖਰੀ ਵਿਧਾਨ ਸਭਾ ਦਾ ਸਵਾਲ ਹੀ ਨਹੀਂ : ਰਾਜਾ ਵੜਿੰਗ

ਏਜੰਸੀ

ਖ਼ਬਰਾਂ, ਪੰਜਾਬ

ਚੰਡੀਗੜ੍ਹ ’ਤੇ ਪੰਜਾਬ ਦਾ ਹੀ ਹੱਕ, ਹਰਿਆਣਾ ਦੀ ਵਖਰੀ ਵਿਧਾਨ ਸਭਾ ਦਾ ਸਵਾਲ ਹੀ ਨਹੀਂ : ਰਾਜਾ ਵੜਿੰਗ

image

ਚੰਡੀਗੜ੍ਹ, 9 ਜੁਲਾਈ (ਭੁੱਲਰ): ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕੇਂਦਰੀ ਗ੍ਰਹਿ ਮੰਤਰੀ ਵਲੋਂ ਚੰਡੀਗੜ੍ਹ ਵਿਚ ਹਰਿਆਣਾ ਵਿਧਾਨ ਸਭਾ ਦੀ ਇਮਾਰਤ ਦੀ ਉਸਾਰੀ ਲਈ ਜ਼ਮੀਨ ਮੁਹਈਆ ਕਰਵਾਉਣ ਲਈ ਕਦਮ ਚੁੱਕੇ ਜਾਣ ਦੀਆਂ ਰਿਪੋਰਟਾਂ ਦਾ ਸਖ਼ਤ ਵਿਰੋਧ ਕੀਤਾ ਹੈ।  ਉਨ੍ਹਾਂ ਪੰਜਾਬ ਸਰਕਾਰ ਵਲੋਂ ਇਸ ਕਦਮ ਦਾ ਸਮਰਥਨ ਕਰਨ ਲਈ ਨਿੰਦਾ ਵੀ ਕੀਤੀ ਹੈ। ਇਸ ਸਬੰਧੀ ਪ੍ਰਤੀਕਿਰਿਆ ਜਾਰੀ ਕਰਦਿਆਂ ਵੜਿੰਗ ਨੇ ਕਿਹਾ ਕਿ ਚੰਡੀਗੜ੍ਹ ਪੂਰੀ ਤਰ੍ਹਾਂ ਪੰਜਾਬ ਦੀ ਮਲਕੀਅਤ ਹੈ ਅਤੇ ਇਹ ਇਸ ਦੀ ਰਾਜਧਾਨੀ ਹੈ।  
ਪੰਜਾਬ ਦੀ ਰਾਜਧਾਨੀ ਵਿਚ ਹਰਿਆਣਾ ਵਿਧਾਨ ਸਭਾ ਲਈ ਜ਼ਮੀਨ ਦੇਣ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ।  ਇਹ 1966 ਦੇ ਪੰਜਾਬ ਪੁਨਰਗਠਨ ਐਕਟ ਦੇ ਨਾਲ-ਨਾਲ ਰਾਜੀਵ-ਲੌਂਗੋਵਾਲ ਸਮਝੌਤੇ ਦੀ ਉਲੰਘਣਾ ਹੈ, ਜੋ ਇਸ ਗੱਲ ਦੀ ਪੁਸ਼ਟੀ ਕਰਦਾ ਹੈ ਕਿ ਚੰਡੀਗੜ੍ਹ ’ਤੇ ਪੰਜਾਬ ਦਾ ਪੂਰਾ ਹੱਕ ਹੈ। ਸੂਬਾ ਕਾਂਗਰਸ ਪ੍ਰਧਾਨ ਨੇ ਇਸ ਮਾਮਲੇ ’ਚ ਪੰਜਾਬ ਸਰਕਾਰ ਦੇ ਜਵਾਬ ’ਤੇ ਹੈਰਾਨੀ ਪ੍ਰਗਟਾਈ ਹੈ।  ਮੁੱਖ ਮੰਤਰੀ ਭਗਵੰਤ ਮਾਨ ਦਾ ਬਿਆਨ, ਜਿਸ ਵਿਚ ਉਨ੍ਹਾਂ ਨੇ ਭਾਰਤ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਪੰਜਾਬ ਨੂੰ ਵੀ ਚੰਡੀਗੜ੍ਹ ਵਿਚ ਵਿਧਾਨ ਸਭਾ ਦੀ ਇਮਾਰਤ ਲਈ ਜ਼ਮੀਨ ਮੁਹਈਆ ਕਰਵਾਈ ਜਾਵੇ, ਤੇ ਉਨ੍ਹਾਂ ਕਿਹਾ ਕਿ ਪੰਜਾਬ ਇਕ ਹੋਰ ਵਿਧਾਨ ਸਭਾ ਦੀ ਉਸਾਰੀ ਕਿਉਂ ਕਰੇ, ਜਦੋਂ ਕਿ ਇਥੇ ਪਹਿਲਾਂ ਹੀ ਸ਼ਾਨਦਾਰ ਇਮਾਰਤ ਮੌਜੂਦ ਹੈ ਅਤੇ ਉਹ ਪੰਜਾਬ ਤੋਂ ਹੈ। ਇਸ ਤੋਂ ਇਲਾਵਾ, ਹਰਿਆਣਾ ਨੇ ਪਹਿਲਾਂ ਹੀ ਮੰਨਿਆ ਹੈ ਕਿ ਕੈਪੀਟਲ ਕੰਪਲੈਕਸ ਵਿਚ ਮੌਜੂਦ ਵਿਧਾਨ ਸਭਾ ’ਤੇ ਉਸ ਦਾ ਕੋਈ ਅਧਿਕਾਰ ਨਹੀਂ ਹੈ।  ਹੈਰਾਨੀ ਦੀ ਗੱਲ ਹੈ ਕਿ ਵਿਧਾਨ ਸਭਾ ਦੀ ਨਵੀਂ ਇਮਾਰਤ ਦੀ ਉਸਾਰੀ ਲਈ ਜ਼ਮੀਨ ਦੀ ਮੰਗ ਕਰਨ ਵਾਲੀ ਪੰਜਾਬ ਸਰਕਾਰ ਨੇ ਜਾਣੇ-ਅਣਜਾਣੇ ਵਿਚ ਮੌਜੂਦਾ ਇਮਾਰਤ ’ਤੇ ਅਪਣਾ ਹੱਕ ਖੋਹਣ ਦੀ ਕੋਸ਼ਿਸ਼ ਕੀਤੀ ਹੈ।
ਵੜਿੰਗ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਗ੍ਰਹਿ ਮੰਤਰਾਲੇ ਵਲੋਂ ਚੰਡੀਗੜ੍ਹ ਵਿਚ ਹਰਿਆਣਾ ਨੂੰ ਜ਼ਮੀਨ ਦੇਣ ਦੇ ਕਦਮ ਦਾ ਵਿਰੋਧ ਕਰਨ ਦੀ ਬਜਾਏ ਇਸ ਦਾ ਸਮਰਥਨ ਕੀਤਾ ਹੈ ਅਤੇ ਪੰਜਾਬ ਲਈ ਜ਼ਮੀਨ ਵੀ ਮੰਗੀ ਹੈ ਜਿਸ ਦੀ ਲੋੜ ਨਹੀਂ ਸੀ।  ਇਹ ਚੰਡੀਗੜ੍ਹ ਅਤੇ ਪੰਜਾਬ ਦੇ ਇਤਿਹਾਸ ਅਤੇ ਕਾਨੂੰਨੀ ਹੱਕਾਂ ਬਾਰੇ ਉਨ੍ਹਾਂ ਦੀ ਅਗਿਆਨਤਾ ਨੂੰ ਦਰਸਾਉਂਦਾ ਹੈ। ਰਾਜਾ ਵੜਿੰਗ ਨੇ ਅੱਜ ਕਾਂਗਰਸ ਦੇ ਕੇਂਦਰੀ ਆਗੂ ਦੇਵਾਸ਼ੀਸ਼ ਨਾਲ ਭਾਜਪਾ ਦੇ ਆਗੂਆਂ ਦੇ ਅਤਿਵਾਦੀਆਂ ਨਾਲ ਸਬੰਧਾਂ ਨੂੰ ਲੈ ਕੇ ਇਕ ਪ੍ਰੈੱਸ ਕਾਨਫਰੰਸ ਕੀਤੀ।