ਵਿਧਾਇਕ ਨਾਗਰਾ ਨੇ ਸੀਵਰੇਜ ਵਿਛਾਉਣ ਦੇ ਕੰਮ ਦੀ ਕਰਵਾਈ ਸ਼ੁਰੂਆਤ
ਕੈਪਟਨ ਸਰਕਾਰ ਵਲੋਂ ਸ਼ਹਿਰੀ ਖੇਤਰ ਦੇ ਲੋਕਾਂ ਨੂੰ ਮਿਆਰੀ ਸੀਵਰੇਜ ਸਹੂਲਤਾਂ ਮੁਹੱਈਆ ਕਰਵਾਉਣ ਲਈ ਵੱਡੀ ਪੱਧਰ 'ਤੇ ਸਕੀਮਾਂ ਉਲੀਕੀਆਂ ਜਾ ਰਹੀਆਂ ਹਨ..............
ਫ਼ਤਿਹਗੜ੍ਹ ਸਾਹਿਬ : ਕੈਪਟਨ ਸਰਕਾਰ ਵਲੋਂ ਸ਼ਹਿਰੀ ਖੇਤਰ ਦੇ ਲੋਕਾਂ ਨੂੰ ਮਿਆਰੀ ਸੀਵਰੇਜ ਸਹੂਲਤਾਂ ਮੁਹੱਈਆ ਕਰਵਾਉਣ ਲਈ ਵੱਡੀ ਪੱਧਰ 'ਤੇ ਸਕੀਮਾਂ ਉਲੀਕੀਆਂ ਜਾ ਰਹੀਆਂ ਹਨ ਤਾਂ ਜੋ ਸ਼ਹਿਰੀ ਲੋਕਾਂ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਇਹ ਪ੍ਰਗਟਾਵਾ ਵਿਧਾਇਕ ਸ. ਕੁਲਜੀਤ ਸਿੰਘ ਨਾਗਰਾ ਨੇ ਵਾਰਡ ਨੰ: 21 ਦੇ ਆਲੀਆਂ ਤੇ ਬਹਾਦਰਗੜ੍ਹ ਵਿਖੇ ਸੀਵਰੇਜ ਵਿਛਾਉਣ ਦੇ ਕੰਮ ਦੀ ਸ਼ੁਰੂਆਤ ਕਰਵਾਉਣ ਮੌਕੇ ਮੀਡੀਆ ਨਾਲ ਗੈਰ ਰਸਮੀ ਗੱਲਬਾਤ ਕਰਦਿਆਂ ਕੀਤਾ।
ਉਨ੍ਹਾਂ ਕਿਹਾ ਕਿ ਸੀਵਰੇਜ ਦਾ ਕੰਮ ਮੁਕੰਮਲ ਹੋਣ ਨਾਲ ਜਿਥੇ ਇਲਾਕੇ ਦੇ ਲੋਕਾਂ ਨੂੰ ਗੰਦੇ ਪਾਣੀ ਦੀ ਸਮੱਸਿਆ ਤੋਂ ਨਿਜ਼ਾਤ ਮਿਲੇਗੀ, ਉਥੇ ਹੀ ਇਲਾਕਾ ਨਿਵਾਸੀਆਂ ਨੂੰ ਸਾਫ ਸੁਥਰਾ ਤੇ ਸਵੱਛ ਵਾਤਾਵਰਣ ਵੀ ਮੁਹੱਈਆ ਹੋਵੇਗਾ। ਵਿਧਾਇਕ ਨਾਗਰਾ ਨੇ ਕਿਹਾ ਕਿ ਸਰਹਿੰਦ ਸ਼ਹਿਰ ਦੇ ਲੋਕਾਂ ਨੂੰ ਮਿਆਰੀ ਸੀਵਰੇਜ ਸਹੂਲਤਾਂ ਦੇਣ ਲਈ 97 ਕਰੋੜ 58 ਲੱਖ ਰੁਪਏ ਦੀ ਲਾਗਤ ਨਾਲ ਸੀਵਰੇਜ ਪ੍ਰੋਜੈਕਟ ਸ਼ੁਰੂ ਕੀਤਾ ਗਿਆ ਹੈ ਅਤੇ 104 ਕਿਲੋਮੀਟਰ ਇਲਾਕੇ ਵਿੱਚ ਸੀਵਰੇਜ ਦੀਆਂ ਪਾਈਪਾਂ ਵਿਛਾਈਆਂ ਜਾ ਰਹੀਆਂ ਹਨ।
ਉਨ੍ਹਾਂ ਹੋਰ ਦੱਸਿਆ ਕਿ ਇਸ ਤੋਂ ਇਲਾਵਾ 2 ਮੇਨ ਪੰਪਿੰਗ ਸਟੇਸ਼ਨ ਵੀ ਬਣਾਏ ਜਾਣਗੇ ਅਤੇ ਸ਼ਹਿਰ ਦੀਆਂ ਗਲੀਆਂ ਤੇ ਹੋਰ ਸਥਾਨਾਂ, ਜਿਥੇ ਕਿ ਸੀਵਰੇਜ ਪਾਉਣ ਲਈ ਪੁੱਟੀਆਂ ਗਈਆਂ ਗਲੀਆਂ ਵਿੱਚ 1 ਲੱਖ 55 ਹਜਾਰ ਸੁਕੇਅਰ ਮੀਟਰ ਇੰਟਰਲਾਕਿੰਗ ਟਾਈਲਾਂ ਵੀ ਲਗਾਈਆਂ ਜਾਣਗੀਆਂ। ਇਸ ਤੋਂ ਇਲਾਵਾ ਇਸ ਪ੍ਰੋਜੈਕਟ ਅਧੀਨ 5 ਸੀਵਰੇਜ ਟਰੀਟਮੈਂਟ ਪਲਾਂਟ ਲਗਾਏ ਜਾਣਗੇ ਅਤੇ ਸ਼ਹਿਰ ਵਿੱਚ ਐਲ.ਈ.ਡੀ. ਲਾਈਟਾਂ ਵੀ ਲਗਾਈਆਂ ਜਾਣਗੀਆਂ।
ਉਨ੍ਹਾਂ ਕਿਹਾ ਕਿ ਇਸ ਪ੍ਰੋਜੈਕਟ ਦੇ ਮੁਕੰਮਲ ਹੋਣ ਨਾਲ ਜਿਥੇ ਸ਼ਹਿਰ ਵਾਸੀਆਂ ਨੂੰ ਬਰਸਾਤੀ ਪਾਣੀ ਖੜਾ ਹੋਣ ਤੋਂ ਰਾਹਤ ਮਿਲੇਗੀ ਉਥੇ ਹੀ ਖੜੇ ਪਾਣੀ ਨਾਲ ਪੈਦਾ ਹੁੰਦੇ ਮੱਛਰਾਂ ਤੋਂ ਹੋਣ ਵਾਲੀਆਂ ਬਿਮਾਰੀਆਂ ਤੋਂ ਵੀ ਛੁਟਕਾਰਾ ਮਿਲੇਗਾ। ਇਸ ਮੌਕੇ ਲੋਕ ਨਿਰਮਾਣ ਵਿਭਾਗ ਸਹਾਇਕ ਇੰਜਨੀਅਰ ਰਘਬੀਰ ਸਿੰਘ, ਸਤਨਾਮ ਸਿੰਘ, ਮਾਸਟਰ ਜੀਤ ਸਿੰਘ, ਹਰਿਆਣਾ ਰਾਮ, ਰਤਨ ਸਿੰਘ, ਰਮੇਸ਼ਵਰ ਦਾਸ ਨੇਤਾ ਜੀ, ਮੇਜਰ ਸਿੰਘ, ਮੰਗਤ ਸਿੰਘ, ਗੁਰਨਾਮ ਸਿੰਘ, ਕੁਲਵੰਤ ਸਿੰਘ ਰਿੰਕੂ, ਬਲਜਿੰਦਰ ਸਿੰਘ, ਦਵਿੰਦਰ ਸਿੰਘ ਅਤੇ ਨਰਿੰਦਰ ਸਿੰਘ ਆਦਿ ਹਾਜ਼ਰ ਸਨ।