ਪ੍ਰੋ: ਚੰਦੂਮਾਜਰਾ ਵਲੋਂ ਪਾਰਟੀ ਅਹੁਦੇਦਾਰਾਂ ਤੇ ਵਰਕਰਾਂ ਨਾਲ ਮੀਟਿੰਗ
ਕਾਂਗਰਸ ਨੇ ਆਪਣੇ ਡੇਢ ਸਾਲ ਦੇ ਕਾਰਜਕਾਲ ਦੌਰਾਨ ਪੰਜਾਬ ਦਾ ਕੁਝ ਨਹੀਂ ਸੰਵਾਰਿਆ, ਜਿਸ ਕਾਰਨ ਲੋਕਾਂ ਦਾ ਹੁਣ ਕਾਂਗਰਸ ਤੋਂ ਮੋਹ ਭੰਗ ਹੋ ਚੁੱਕਾ ਹੈ.............
ਐਸ.ਏ.ਐਸ. ਨਗਰ : ਕਾਂਗਰਸ ਨੇ ਆਪਣੇ ਡੇਢ ਸਾਲ ਦੇ ਕਾਰਜਕਾਲ ਦੌਰਾਨ ਪੰਜਾਬ ਦਾ ਕੁਝ ਨਹੀਂ ਸੰਵਾਰਿਆ, ਜਿਸ ਕਾਰਨ ਲੋਕਾਂ ਦਾ ਹੁਣ ਕਾਂਗਰਸ ਤੋਂ ਮੋਹ ਭੰਗ ਹੋ ਚੁੱਕਾ ਹੈ ਅਤੇ ਉਹ ਅਕਾਲੀ-ਭਾਜਪਾ ਗਠਜੋੜ ਦੀ ਸਰਕਾਰ ਨੂੰ ਮੁੜ ਸੱਤਾ ਵਿਚ ਲਿਆਉਣ ਲਈ ਉਤਾਵਲੇ ਹਨ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਲੋਕ ਸਭਾ ਮੈਂਬਰ ਪ੍ਰੋ: ਪ੍ਰੇਮ ਸਿੰਘ ਚੰਦੂਮਾਜਰਾ ਨੇ ਜ਼ਿਲ੍ਹਾ ਯੂਥ ਅਕਾਲੀ ਦਲ ਦੇ ਦਫ਼ਤਰ ਵਿਖੇ ਪਾਰਟੀ ਅਹੁਦੇਦਾਰਾਂ ਤੇ ਵਰਕਰਾਂ ਦੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਕੀਤਾ।
ਪ੍ਰੋ: ਚੰਦੂਮਾਜਰਾ ਨੇ ਕਿਹਾ ਕਿ ਕਾਂਗਰਸ ਨੇ ਹਮੇਸ਼ਾ ਹੀ ਪੰਜਾਬ ਨਾਲ ਧੋਖਾ ਕੀਤਾ ਹੈ।
ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਚੋਣਾਂ ਤੋਂ ਪਹਿਲਾਂ ਲੋਕਾਂ ਨੂੰ ਝੂਠੇ ਲਾਰੇ ਲਗਾ ਕੇ ਸੱਤਾ 'ਤੇ ਕਾਬਜ਼ ਹੋ ਗਏ ਹਨ ਅਤੇ ਹੁਣ ਲੋਕਾਂ ਨਾਲ ਕੀਤੇ ਵਾਅਦਿਆਂ ਤੋਂ ਵੀ ਪਿੱਛੇ ਹਟ ਰਹੇ ਹਨ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਹੀ ਇਕ ਅਜਿਹੀ ਪਾਰਟੀ ਹੈ, ਜਿਸ ਨੇ ਕਦੇ ਵੀ ਲੋਕਾਂ ਨਾਲ ਧੋਖਾ ਨਹੀਂ ਕੀਤਾ ਅਤੇ ਨਾ ਹੀ ਝੂਠੇ ਲਾਰੇ ਲਗਾ ਕੇ ਸੱਤਾ 'ਤੇ ਕਾਬਜ਼ ਹੋਈ ਹੈ। ਉਨ੍ਹਾਂ ਹੋਰ ਕਿਹਾ ਕਿ ਕਾਂਗਰਸੀ ਆਗੂਆਂ ਦੇ ਇਸ਼ਾਰਿਆਂ 'ਤੇ ਅਕਾਲੀ ਦਲ ਦੇ ਅਹੁਦੇਦਾਰਾਂ ਤੇ ਵਰਕਰਾਂ 'ਤੇ ਜੋ ਝੂਠੇ ਪਰਚੇ ਦਰਜ ਕੀਤੇ ਜਾ ਰਹੇ ਹਨ, ਉਨ੍ਹਾਂ ਦਾ ਹਿਸਾਬ ਸੱਤਾ ਹਾਸਲ ਹੋਣ 'ਤੇ ਲਿਆ ਜਾਵੇਗਾ।
ਇਸ ਮੌਕੇ ਉਨ੍ਹਾਂ ਪਾਰਟੀ ਅਹੁਦੇਦਾਰਾਂ ਨੂੰ ਚੋਣਾਂ ਲਈ ਕਮਰਕੱਸੇ ਕੱਸ ਲੈਣ ਲਈ ਕਿਹਾ ਕਿ ਅਕਾਲੀ ਦਲ ਨੂੰ ਹੋਰ ਮਜ਼ਬੂਤ ਕਰਨ ਲਈ ਦਿਨ ਰਾਤ ਇਕ ਕੀਤਾ ਜਾਵੇ ਤਾਂ ਜੋ ਆਉਣ ਵਾਲੀਆਂ ਚੋਣਾਂ ਵਿਚ ਕਾਂਗਰਸ ਨੂੰ ਮੂੰਹ ਤੋੜ ਜਵਾਬ ਦਿੱਤਾ ਜਾ ਸਕੇ। ਇਸ ਮੌਕੇ ਪ੍ਰੋ: ਚੰਦੂਮਾਜਰਾ ਨੇ ਅਹੁਦੇਦਾਰਾਂ ਤੇ ਵਰਕਰਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਉਨ੍ਹਾਂ ਦੇ ਜਲਦੀ ਹੱਲ ਦਾ ਭਰੋਸਾ ਦਿੱਤਾ।
ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਸ਼ਹਿਰੀ ਪ੍ਰਧਾਨ ਜਥੇਦਾਰ ਬਲਜੀਤ ਸਿੰਘ ਕੁੰਭੜਾ, ਇਸਤਰੀ ਅਕਾਲੀ ਦਲ ਦੀ ਜ਼ਿਲ੍ਹਾ ਪ੍ਰਧਾਨ ਬੀਬੀ ਕੁਲਦੀਪ ਕੌਰ ਕੰਗ ਅਤੇ ਜ਼ਿਲ੍ਹਾ ਯੂਥ ਅਕਾਲੀ ਦਲ ਦੇ ਸ਼ਹਿਰੀ ਪ੍ਰਧਾਨ ਐਡਵੋਕੇਟ ਹਰਮਨਪ੍ਰੀਤ ਸਿੰਘ ਪ੍ਰਿੰਸ ਨੇ ਪ੍ਰੋ: ਚੰਦੂਮਾਜਰਾ ਨੂੰ ਵਿਸ਼ਵਾਸ ਦਿਵਾਇਆ ਕਿ ਉਹ ਪਾਰਟੀ ਦੀ ਮਜ਼ਬੂਤੀ ਲਈ ਪਹਿਲਾਂ ਨਾਲੋਂ ਵੀ ਵਧੇਰੇ ਤਕੜੇ ਹੋ ਕੇ ਕੰਮ ਕਰਨਗੇ ਅਤੇ ਚੋਣਾਂ ਲਈ ਪਾਰਟੀ ਦੀਆਂ ਬੂਥ ਲੈਵਲ ਤੱਕ ਕਮੇਟੀਆਂ ਬਣਾਈਆਂ ਜਾਣਗੀਆਂ। ਇਸ ਤੋਂ ਇਲਾਵਾ ਕਾਂਗਰਸ ਦੇ ਕਾਰਜਕਾਲ ਦੀਆਂ ਨਾਕਾਮੀਆਂ ਨੂੰ ਘਰ-ਘਰ ਪਹੁੰਚਾਇਆ ਜਾਵੇਗਾ
ਤਾਂ ਜੋ ਲੋਕਾਂ ਨੂੰ ਝੂਠੇ ਲਾਰੇ ਲਗਾ ਕੇ ਸੱਤਾ 'ਤੇ ਕਾਬਜ਼ ਹੋਈ ਕਾਂਗਰਸ ਦਾ ਅਸਲੀ ਚਿਹਰਾ ਪਤਾ ਚੱਲ ਸਕੇ। ਇਸ ਮੌਕੇ ਅਕਾਲੀ ਦਲ, ਇਸਤਰੀ ਅਕਾਲੀ ਦਲ ਅਤੇ ਯੂਥ ਅਕਾਲੀ ਦਲ ਦੇ ਸਰਕਲ ਪ੍ਰਧਾਨਾਂ ਤੋਂ ਇਲਾਵਾ ਸਿਮਰਨਜੀਤ ਸਿੰਘ ਚੰਦੂਮਾਜਰਾ, ਗੁਰਮੀਤ ਸਿੰਘ ਸ਼ਾਮਪੁਰ, ਹਰਦੇਵ ਸਿੰਘ ਓ. ਐਸ. ਡੀ, ਬਲਜਿੰਦਰ ਸਿੰਘ ਬੇਦੀ, ਸਤਨਾਮ ਸਿੰਘ ਮਲਹੋਤਰਾ, ਗੁਰਜੀਤ ਸਿੰਘ ਥਾਂਦੀ, ਮਨਦੀਪ ਸਿੰਘ ਸੰਧੂ, ਐਨ ਐਸ ਮਿਨਹਾਸ, ਮਨਮੋਹਨ ਸਿੰਘ, ਸਰਜਨ ਸਿੰਘ ਗਿੱਲ, ਅਮਰੀਕ ਸਿੰਘ ਭਾਟੀਆ, ਦਵਿੰਦਰ ਸਿੰਘ ਭਾਟੀਆ, ਅਰਵਿੰਦ ਸ਼ਰਮਾ, ਐਸ ਐਸ ਜਸਪਾਲ, ਬਲਵਿੰਦਰ ਮੁਲਤਾਨੀ ਆਦਿ ਹਾਜ਼ਰ ਸਨ।