ਪੇਂਡੂ ਵਿਕਾਸ ਵਿਭਾਗ ਇਸ ਸਾਲ ਪਿੰਡਾਂ 'ਚ ਬਣਾਏਗਾ 1500 ਖੇਡ ਮੈਦਾਨ ਅਤੇ ਪਾਰਕ : ਤ੍ਰਿਪਤ ਬਾਜਵਾ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਪਿਛਲੇ ਦੋ ਸਾਲ ਦੌਰਾਨ ਹੁਣ ਤਕ ਪਿੰਡਾਂ ਵਿਚ 913 ਪਾਰਕ ਅਤੇ 921 ਖੇਡ ਮੈਦਾਨ ਬਣਾਏ

Tripat Bajwa

ਚੰਡੀਗੜ੍ਹ, 9 ਅਗੱਸਤ (ਸਪੋਕਸਮੈਨ ਸਮਾਚਾਰ ਸੇਵਾ) : ਪੰਜਾਬ ਦੇ ਪਿੰਡਾਂ ਵਿਚ ਸ਼ਹਿਰਾਂ ਵਾਂਗ ਵੱਧ ਤੋਂ ਵੱਧ ਸਹੂਲਤਾਂ ਦੇਣ ਦੇ ਉਪਰਾਲੇ ਤਹਿਤ ਪੰਜਾਬ ਸਰਕਾਰ ਦੇ ਪੇਂਡੂ ਵਿਕਾਸ ਵਿਭਾਗ ਵਲੋਂ ਪਿੰਡਾਂ ਵਿਚ ਪਾਰਕ ਅਤੇ ਖੇਡ ਮੈਦਾਨ ਬਣਾਏ ਜਾ ਰਹੇ ਹਨ। ਇਸ ਸਬੰਧੀ ਅੱਜ ਇਥੋਂ ਜਾਰੀ ਬਿਆਨ ਵਿਚ ਸੂਬੇ ਦੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਦਸਿਆ ਕਿ ਇਸ ਸਾਲ ਸਰਕਾਰ ਵਲੋਂ 1500 ਖੇਡ ਮੈਦਾਨ ਅਤੇ ਪਾਰਕ ਬਣਾਏ ਜਾਣਗੇ।

ਇਸ ਦੇ ਨਾਲ ਹੀ ਪੰਚਾਇਤ ਮੰਤਰੀ ਨੇ ਦਸਿਆ ਕਿ ਇਸ ਮੁਹਿੰਮ ਦੌਰਾਨ ਇਸ ਲੰਘੇ ਸਮੇਂ ਦੌਰਾਨ ਕੋਰੋਨਾ ਮਹਾਂਮਾਰੀ ਦੇ ਬਾਵਜੂਦ ਵੀ ਵਿੱਤੀ ਸਾਲ 2020-21 ਦੌਰਾਨ ਰਾਜ ਅੰਦਰ ਕੁਲ 750 ਪਾਰਕ ਬਣਾਏ ਜਾਣਗੇ, ਜਿਨ੍ਹਾਂ ਵਿਚੋਂ 578 ਪਾਰਕ ਨਿਰਮਾਣ ਅਧੀਨ ਹਨ। ਇਸ ਤੋਂ ਇਲਾਵਾ ਇਸ ਵਿੱਤੀ ਸਾਲ ਦੌਰਾਨ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਨੇ ਪਿੰਡਾਂ ਵਿਚ 750 ਖੇਡ ਮੈਦਾਨ ਬਣਾਉਣ ਦਾ ਟੀਚਾ ਮਿਥਿਆ ਹੈ, ਜਿਨ੍ਹਾਂ ਵਿਚੋਂ ਕੁਲ 165 ਖੇਡ ਦੇ ਮੈਦਾਨ ਨਿਰਮਾਣ ਅਧੀਨ ਹਨ।

ਬਾਜਵਾ ਨੇ ਦਸਿਆ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸਰਕਾਰ ਦੇ ਪਿਛਲੇ ਦੋ ਸਾਲਾਂ ਦੌਰਾਨ ਹੁਣ ਤਕ ਵਿੱਤੀ ਸਾਲ 2018-19 ਅਤੇ 2019-20 ਦੌਰਾਨ ਕੁਲ 913 ਪਾਰਕਾਂ ਦਾ ਨਿਰਮਾਣ ਕੀਤਾ ਗਿਆ ਹੈ ਅਤੇ ਅਤੇ ਇਕੱਲੇ ਵਿੱਤੀ ਸਾਲ 2019-20 ਦੌਰਾਨ ਹੀ 921 ਖੇਡ ਮੈਦਾਨ ਬਣਾਏ ਗਏ ਹਨ।
ਪੇਂਡੂ ਵਿਕਾਸ ਵਿਭਾਗ ਦੀ ਵਿੱਤੀ ਕਮਿਸ਼ਨਰ ਸੀਮਾ ਜੈਨ ਨੇ ਦੱਸਿਆ ਕਿ ਪਿੰਡਾਂ ਵਿਚ ਖੇਡ ਮੈਦਾਨ ਅਤੇ ਪਾਰਕਾਂ ਦੇ ਨਿਰਮਾਣ ਵਿਚ ਮਗਨਰੇਗਾ ਸਕੀਮ ਦੇ ਅੰਤਰਗਤ ਲੱਖਾਂ ਲੋੜਵੰਦ ਲੋਕਾਂ ਨੂੰ ਰੁਜ਼ਗਾਰ ਪ੍ਰਾਪਤ ਹੋਇਆ ਹੈ। ਇਸ ਦੇ ਨਾਲ ਹੀ ਉਨ੍ਹਾਂ ਦੱਸਿਆ ਕਿ ਪਿੰਡਾਂ ਦੀ ਦਿਖ ਬਦਲਣ ਲਈ ਨਿਰਧਾਰਤ ਟੀਚੇ ਕਰੋਨਾ ਮਹਾਂਮਾਰੀ ਦੇ ਬਵਜੂਦ ਸਮੇਂ ਸਿਰ ਪੂਰੇ ਕੀਤੇ ਜਾਣਗੇ।