ਲੁਧਿਆਣਾ 'ਚ 12 ਬੱਚਿਆਂ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ, DC ਵੱਲੋਂ ਸਕੂਲ ਬੰਦ ਰੱਖਣ ਦੇ ਨਿਰਦੇਸ਼
ਡਿਪਟੀ ਕਮਿਸ਼ਨਰ ਵਰਿੰਦਰ ਸ਼ਰਮਾ ਨੇ ਸਕੂਲ ਨੂੰ 24 ਅਗਸਤ ਤੱਕ ਬੰਦ ਰੱਖਣ ਦੇ ਨਿਰਦੇਸ਼ ਦਿੱਤੇ ਹਨ
ਲੁਧਿਆਣਾ : ਲੁਧਿਆਣਾ ਦੇ ਬਸਤੀ ਜੋਧੇਵਾਲ ਸਥਿਤ ਸਰਕਾਰੀ ਸਕੂਲ ਦੇ 8 ਬੱਚਿਆਂ ਦੇ ਕੋਰੋਨਾ ਪੀੜਤ ਪਾਏ ਜਾਣ ਮਗਰੋਂ ਹੁਣ ਕੈਲਾਸ਼ ਨਗਰ ਸਥਿਤ ਸਰਕਾਰੀ ਪ੍ਰਾਇਮਰੀ ਸਕੂਲ ਦੇ 12 ਬੱਚਿਆਂ ਦੀ ਰਿਪੋਰਟ ਕੋਰੋਨਾ ਪਾਜ਼ੇਟਿਵ ਪਾਈ ਗਈ ਹੈ। ਇਸ ਖ਼ਬਰ ਤੋਂ ਬਾਅਦ ਸਿਹਤ ਵਿਭਾਗ 'ਚ ਹਲਚਲ ਪੈਦਾ ਹੋ ਗਈ।
12 ਬੱਚਿਆਂ ਦੇ ਕੋਰੋਨਾ ਪੀੜਤ ਪਾਏ ਜਾਣ ਤੋਂ ਬਾਅਦ ਡਿਪਟੀ ਕਮਿਸ਼ਨਰ ਵਰਿੰਦਰ ਸ਼ਰਮਾ ਨੇ ਸਕੂਲ ਨੂੰ 24 ਅਗਸਤ ਤੱਕ ਬੰਦ ਰੱਖਣ ਦੇ ਨਿਰਦੇਸ਼ ਦਿੱਤੇ ਹਨ ਅਤੇ ਨਾਲ ਹੀ ਸਕੂਲ ਦੇ ਸਾਰੇ ਸਟਾਫ਼, ਅਧਿਆਪਕਾਂ ਅਤੇ ਵਿਦਿਆਰਥੀਆਂ ਦੇ ਕੋਰੋਨਾ ਟੈਸਟ ਕਰਵਾਉਣ ਦੇ ਹੁਕਮ ਜਾਰੀ ਕੀਤੇ ਹਨ।
ਦੱਸਣਯੋਗ ਹੈ ਕਿ ਕੋਰੋਨਾ ਦੀ ਦੂਜੀ ਲਹਿਰ ਤੋਂ ਬਾਅਦ ਪੰਜਾਬ ਦੇ ਸਕੂਲਾਂ ਨੂੰ ਹਾਲ ਹੀ 'ਚ ਖੋਲ੍ਹਿਆ ਗਿਆ ਸੀ ਅਤੇ ਹੁਣ ਮੁੜ ਕੋਰੋਨਾ ਵਾਇਰਸ ਕਹਿਰ ਸ਼ੁਰੂ ਹੋ ਗਿਆ ਹੈ। ਬੱਚਿਆਂ ਦੇ ਕੋਰੋਨਾ ਪਾਜ਼ੇਟਿਵ ਪਾਏ ਜਾਣ 'ਤੇ ਮਾਪਿਆਂ, ਅਧਿਆਪਕਾਂ ਅਤੇ ਵਿਦਿਆਰਥੀਆਂ 'ਚ ਡਰ ਦਾ ਮਾਹੌਲ ਬਣਿਆ ਹੋਇਆ ਹੈ।