ਰੱਖਿਆ ਸੇਵਾਵਾਂ ਭਲਾਈ ਵਿਭਾਗ ਵਿੱਚ ਖਾਲੀ ਅਸਾਮੀਆਂ ਜਲਦ ਭਰੀਆਂ ਜਾਣਗੀਆਂ- ਕੈਬਨਿਟ ਮੰਤਰੀ ਫੌਜਾ ਸਿੰਘ ਸਰਾਰੀ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਰੱਖਿਆ ਸੇਵਾਵਾਂ ਭਲਾਈ ਮੰਤਰੀ ਵੱਲੋਂ ਆਪਣੀ ਪਹਿਲੀ ਫੇਰੀ ਦੌਰਾਨ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ

Vacancies in Defense Services Welfare Department will be filled soon - Cabinet Minister Fauja Singh Sarari


 

ਚੰਡੀਗੜ੍ਹ : ਸਾਬਕਾ ਅਤੇ ਸ਼ਹੀਦ ਸੈਨਿਕਾਂ ਦੇ ਪਰਿਵਾਰਕ ਮੈਂਬਰਾਂ ਨੂੰ ਨਿਰਵਿਘਨ ਸੇਵਾਵਾਂ ਯਕੀਨੀ ਬਣਾਉਣ ਲਈ ਮੁੱਖ ਮੰਤਰੀ ਸ.ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਰੱਖਿਆ ਸੇਵਾਵਾਂ ਭਲਾਈ ਵਿਭਾਗ ਦੀਆਂ ਸਾਰੀਆਂ ਖਾਲੀ ਅਸਾਮੀਆਂ ਜਲਦ ਭਰੀਆਂ ਜਾਣਗੀਆਂ। ਇਹ ਗੱਲ ਅੱਜ ਇੱਥੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਫੌਜਾ ਸਿੰਘ ਸਰਾਰੀ ਨੇ ਕਹੀ।

ਰੱਖਿਆ ਸੇਵਾਵਾਂ ਭਲਾਈ ਦੇ ਡਾਇਰੈਕਟੋਰੇਟ ਦੀ ਪਹਿਲੀ ਫੇਰੀ ਦੌਰਾਨ ਮੰਤਰੀ ਨੂੰ ਦੱਸਿਆ ਗਿਆ ਕਿ ਸ਼ਹੀਦ ਸੈਨਿਕਾਂ ਦੇ ਪਰਿਵਾਰਾਂ ਲਈ ਐਕਸ-ਗ੍ਰੇਸ਼ੀਆ ਗ੍ਰਾਂਟ ਦੀ ਰਾਸ਼ੀ 50 ਲੱਖ ਰੁਪਏ ਤੋਂ ਵਧਾ ਕੇ 1 ਕਰੋੜ ਰੁਪਏ ਕਰ ਦਿੱਤੀ ਗਈ ਹੈ। ਇਸ ਤੋਂ ਇਲਾਵਾ ਸ਼ਹੀਦ ਦੇ ਇੱਕ ਪਰਿਵਾਰਕ ਮੈਂਬਰ ਨੂੰ ਸਰਕਾਰੀ ਨੌਕਰੀ ਵੀ ਦਿੱਤੀ ਜਾ ਰਹੀ ਹੈ।

ਰੱਖਿਆ ਸੇਵਾਵਾਂ ਭਲਾਈ, ਪੰਜਾਬ ਦੇ ਡਾਇਰੈਕਟਰ ਬ੍ਰਿਗੇਡੀਅਰ ਸਤਿੰਦਰ ਸਿੰਘ (ਸੇਵਾਮੁਕਤ) ਨੇ ਮੰਤਰੀ ਨੂੰ ਵਿਭਾਗ ਦੀਆਂ ਚੱਲ ਰਹੀਆਂ ਸਕੀਮਾਂ ਅਤੇ ਪ੍ਰਾਪਤੀਆਂ ਬਾਰੇ ਜਾਣਕਾਰੀ ਦਿੱਤੀ। ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸ਼ਹੀਦ ਸੈਨਿਕਾਂ ਦੇ ਪਰਿਵਾਰਾਂ ਦੀ ਹਰ ਸੰਭਵ ਸਹਾਇਤਾ ਅਤੇ ਸਾਬਕਾ ਸੈਨਿਕਾਂ ਦੀ ਭਲਾਈ ਨੂੰ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ।

ਸਟਾਫ਼ ਦੀਆਂ ਸਮੱਸਿਆਵਾਂ ਨੂੰ ਹਮਦਰਦੀ ਨਾਲ ਸੁਣਦਿਆਂ ਉਨ੍ਹਾਂ ਨੇ ਵਿਭਾਗ ਦੀ ਬਿਹਤਰੀ ਲਈ ਸਰਕਾਰੀ ਪੱਖ ਤੋਂ ਹਰ ਸੰਭਵ ਮਦਦ ਦਾ ਭਰੋਸਾ ਵੀ ਦਿੱਤਾ। ਉਨ੍ਹਾਂ ਕਿਹਾ ਕਿ ਅਧਿਕਾਰੀਆਂ/ਕਰਮਚਾਰੀਆਂ ਦੀ ਘਾਟ ਨੂੰ ਪੂਰਾ ਕਰਨ ਲਈ ਵਿਭਾਗ ਵਿੱਚ ਸਾਰੀਆਂ ਖਾਲੀ ਅਸਾਮੀਆਂ ਨੂੰ ਭਰਿਆ ਜਾਵੇਗਾ। ਉਨ੍ਹਾਂ ਅਧਿਕਾਰੀਆਂ ਨੂੰ ਇਹ ਵੀ ਹਦਾਇਤ ਕੀਤੀ ਕਿ ਸਾਬਕਾ ਸੈਨਿਕਾਂ ਦੇ ਸਾਰੇ ਮਸਲੇ ਪਹਿਲ ਦੇ ਆਧਾਰ 'ਤੇ ਹੱਲ ਕੀਤੇ ਜਾਣ ਅਤੇ ਸਕੀਮਾਂ ਨੂੰ ਬਿਨਾਂ ਕਿਸੇ ਪੱਖਪਾਤ ਦੇ ਪਾਰਦਰਸ਼ੀ ਢੰਗ ਨਾਲ ਲਾਗੂ ਕਰਨਾ ਯਕੀਨੀ ਬਣਾਇਆ ਜਾਵੇ।