ਸਕੂਟਰੀਆਂ ਤਾਂ ਕੀ ਦੇਣੀਆਂ, ਮੁਫ਼ਤ ਸਾਈਕਲ ਸਕੀਮ ਵੀ ਕੀਤੀ ਬੰਦ !

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਪੰਜਾਬ ਦੀ ਸੱਤਾ ਵਿਚ ਕੈਪਟਨ ਸਰਕਾਰ ਨੂੰ ਢਾਈ ਸਾਲ ਦਾ ਸਮਾਂ ਹੋ ਚੁੱਕਿਆ ਹੈ, ਪਰ ਹੁਣ ਤਕ ਕੋਈ ਵੀ ਸਰਕਾਰ ਦੀ ਸਕੀਮ ਸਿਰੇ ਨਹੀਂ ਚੜ੍ਹ ਸਕੀ।

Congress govt closed cycles distributed under 'Mai Bhago scheme'

ਫ਼ਿਰੋਜ਼ਪੁਰ (ਬਲਬੀਰ ਸਿੰਘ ਜੋਸਨ) : ਅਕਾਲੀ ਦਲ ਦੀ ਸਰਕਾਰ ਦੇ ਸਮੇਂ ਸ਼ੁਰੂ ਹੋਈਆਂ ਸਕੀਮਾਂ ਨੂੰ ਹੌਲੀ-ਹੌਲੀ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਵਲੋਂ ਬੰਦ ਕੀਤੀਆਂ ਜਾ ਰਹੀਆਂ ਹਨ। ਪਹਿਲਾਂ ਬਾਦਲਾਂ ਦੀ ਬੱਸ ਨੂੰ ਬਰੇਕਾਂ ਲਾਈਆਂ, ਫਿਰ ਸੇਵਾ ਕੇਂਦਰ ਬੰਦ ਕੀਤੇ, ਹੁਣ ਸਰਕਾਰੀ ਸਕੂਲਾਂ ਵਿਚ ਪੜ੍ਹਨ ਵਾਲੀਆਂ ਵਿਦਿਆਰਥਣਾਂ ਨੂੰ ਮੁਫ਼ਤ ਸਾਈਕਲ ਦੇਣ ਵਾਲੀ ਸਕੀਮ ਨੂੰ ਕਾਂਗਰਸ ਸਰਕਾਰ ਨੇ ਬੰਦ ਕਰ ਦਿੱਤਾ ਹੈ।

ਜ਼ਿਕਰਯੋਗ ਹੈ ਕਿ ਸੱਤਾ ਵਿਚ ਆਉਣ ਤੋਂ ਪਹਿਲਾਂ ਕੈਪਟਨ ਅਮਰਿੰਦਰ ਸਿੰਘ ਨੇ ਸਮੂਹ ਪੰਜਾਬ ਵਾਸੀਆਂ ਦੇ ਨਾਲ ਵਾਅਦਾ ਕੀਤਾ ਸੀ ਕਿ ਜੇ ਉਨ੍ਹਾਂ ਦੀ ਸਰਕਾਰ ਸੱਤਾ ਦੇ ਵਿਚ ਆ ਜਾਂਦੀ ਹੈ ਤਾਂ ਪਿਛਲੀ ਅਕਾਲੀ ਸਰਕਾਰ ਵਲੋਂ ਜੋ ਬੱਚੀਆਂ ਨੂੰ ਸਾਈਕਲਾਂ ਦਿੱਤੀਆਂ ਜਾ ਰਹੀਆਂ ਸਨ, ਇਨ੍ਹਾਂ ਦੇ ਬਦਲੇ ਉਹ ਬੱਚੀਆਂ ਨੂੰ ਸਕੂਟਰੀਆਂ ਲੈ ਕੇ ਦੇਣਗੇ ਤਾਂ ਜੋ ਬੱਚੀਆਂ ਟਾਈਮ ਸਿਰ ਸਕੂਲ ਪਹੁੰਚ ਸਕਣ।

ਪੰਜਾਬ ਦੀ ਸੱਤਾ ਵਿਚ ਕੈਪਟਨ ਸਰਕਾਰ ਨੂੰ ਢਾਈ ਸਾਲ ਦਾ ਸਮਾਂ ਹੋ ਚੁੱਕਿਆ ਹੈ, ਪਰ ਹੁਣ ਤਕ ਕੋਈ ਵੀ ਸਰਕਾਰ ਦੀ ਸਕੀਮ ਸਿਰੇ ਨਹੀਂ ਚੜ੍ਹ ਸਕੀ। ਇਥੋਂ ਤਕ ਕਿ ਬਾਦਲ ਸਰਕਾਰ ਸਮੇਂ ਸ਼ੁਰੂ ਹੋਈਆਂ ਸਕੀਮਾਂ ਨੂੰ ਵੀ ਕੈਪਟਨ ਨੇ ਬੰਦ ਕਰ ਦਿੱਤਾ ਗਿਆ ਹੈ। ਪੰਜਾਬ ਸਰਕਾਰ ਵਲੋਂ ਪਹਿਲਾਂ ਤੋਂ ਸ਼ੁਰੂ ਕੀਤੀ ਪਾਣੀ ਬੱਸ ਨੂੰ ਕੈਪਟਨ ਨੇ ਬੰਦ ਕੀਤਾ। ਫਿਰ ਸੇਵਾ ਕੇਂਦਰਾਂ ਨੂੰ ਤਾਲੇ ਲਗਵਾਏ ਅਤੇ ਹੁਣ ਸਰਕਾਰੀ ਸਕੂਲਾਂ ਦੀਆਂ ਬੱਚੀਆਂ ਨੂੰ ਮਿਲ ਰਹੀਆਂ ਸਾਈਕਲਾਂ ਵਾਲੀ ਸਕੀਮ ਨੂੰ ਬੰਦ ਕਰ ਕੇ ਕੈਪਟਨ ਸਰਕਾਰ ਨੇ ਸਾਬਤ ਕਰ ਦਿੱਤਾ ਹੈ ਕਿ ਕੈਪਟਨ ਸਰਕਾਰ ਲੋਕ ਵਿਰੋਧੀ ਹੈ।

ਅਕਾਲੀ ਦਲ ਦੇ ਆਗੂਆਂ ਦਾ ਕਹਿਣਾ ਹੈ ਕਿ ਉਨ੍ਹਾਂ ਨੇ ਬੀਤੇ ਦਿਨ ਇਕ ਪ੍ਰੈੱਸ ਬਿਆਨ ਜਾਰੀ ਕਰਦਿਆਂ ਦੱਸਿਆ ਗਿਆ ਕਿ ਸ਼੍ਰੋਮਣੀ ਅਕਾਲੀ ਦਲ ਵਲੋਂ ਮਾਈ ਭਾਗੋ ਵਿੱਦਿਆ ਸਕੀਮ, ਜਿਸ ਸਕੀਮ ਤਹਿਤ ਸੂਬੇ ਦੇ ਸਾਰੇ ਸੈਕੰਡਰੀ ਅਤੇ ਹਾਈ ਸੈਕੰਡਰੀ ਸਕੂਲਾਂ ਪੜ੍ਹਦੀਆਂ ਵਿਦਿਆਰਥਣਾਂ ਨੂੰ ਮੁਫ਼ਤ ਸਾਈਕਲ ਦਿੱਤੇ ਜਾਂਦੇ ਸਨ, ਉਸ ਸਕੀਮ ਨੂੰ ਬੰਦ ਕਰਨ ਲਈ ਕਾਂਗਰਸ ਸਰਕਾਰ ਦੀ ਸਖ਼ਤ ਨਿਖੇਧੀ ਕੀਤੀ ਹੈ ਅਕਾਲੀ ਆਗੂਆਂ ਨੇ ਦੋਸ਼ ਲਗਾਇਆ ਕਿ ਕਿੰਨੇ ਅਫ਼ਸੋਸ ਦੀ ਗੱਲ ਹੈ ਕਿ ਕਾਂਗਰਸ ਸਰਕਾਰ ਨੇ ਮਾਈ ਭਾਗੋ ਸਕੀਮ ਹੀ ਬੰਦ ਕਰ ਦਿੱਤੀ ਹੈ।

ਅਕਾਲੀ ਆਗੂ ਸਾਬਕਾ ਵਿਧਾਇਕ ਜੋਗਿੰਦਰ ਸਿੰਘ ਜਿੰਦੂ ਨੇ ਕਿਹਾ ਕਿ ਅਕਾਲੀ-ਭਾਜਪਾ ਸਰਕਾਰ ਵਲੋਂ 2011-12 ਵਿਚ ਬੱਚੀਆਂ ਨੂੰ ਮੁਫ਼ਤ ਸਾਈਕਲ ਦੇਣ ਦੀ ਸਕੀਮ ਸ਼ੁਰੂ ਕੀਤੀ ਗਈ ਸੀ, ਜਿਸ ਨੂੰ ਕਾਂਗਰਸ ਨੇ ਬੰਦ ਕਰ ਦਿੱਤਾ ਹੈ। ਇਸ ਸਕੀਮ ਤਹਿਤ ਪਹਿਲਾਂ 11ਵੀਂ ਅਤੇ 12ਵੀਂ ਕਲਾਸ ਦੀਆਂ ਲੜਕੀਆਂ ਨੂੰ ਪੜ੍ਹਾਈ ਜਾਰੀ ਰੱਖਣ ਵਾਸਤੇ ਉਤਸ਼ਾਹਿਤ ਕਰਨ ਅਤੇ ਵਿਚ ਵਿਚਾਲੇ ਪੜ੍ਹਾਈ ਛੱਡਣ ਦੀ ਦਰ ਘਟਾਉਣ ਲਈ ਸਾਈਕਲ ਦਿੱਤੇ ਗਏ ਸਨ ਅਤੇ ਬਾਅਦ ਵਿਚ ਸਰਕਾਰੀ ਸਕੂਲਾਂ ਵਿਚ ਪੜ੍ਹਦੀਆਂ 9ਵੀਂ ਅਤੇ 10ਵੀਂ ਜਮਾਤ ਦੀਆਂ ਵਿਦਿਆਰਥਣਾਂ ਨੂੰ ਇਸ ਸਕੀਮ ਦੇ ਘੇਰੇ ਵਿਚ ਲੈ ਲਿਆ ਗਿਆ ਸੀ।