ਸਿਹਤ ਮੰਤਰੀ ਵਲੋਂ ਲੋਕਾਂ ਨੂੰ ਕੋਵਿਡ ਟੈਸਟ ਕਰਵਾਕੇ ਕੀਮਤੀ ਜਾਨਾਂ ਬਚਾਉਣ ਦੀ ਅਪੀਲ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਸਿਵਲ ਹਸਪਤਾਲ ਵਿਖੇ ਕੋਵਿਡ-19 ਸਬੰਧੀ ਮੌਜੂਦਾ ਸਥਿਤੀ ਦਾ ਲਿਆ ਜਾਇਜ਼ਾ

Health Minister Balbir Singh Sidhu

ਚੰਡੀਗੜ੍ਹ: ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਸੂਬਾ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਕੋਵਿਡ ਦਾ ਟੈਸਟ ਕਰਵਾਉਣ ਲਈ ਅਗੇ ਆਉਣ, ਕਿਉਂਕਿ ਕੋਵਿਡ ਤੋਂ ਪ੍ਰਭਾਵਿਤ ਮਰੀਜ਼ਾਂ ਵਲੋਂ ਟੈਸਟ ਕਰਵਾਉਣ ਵਿੱਚ ਦੇਰੀ ਕਰਨਾ ਕੋਰੋਨਾ ਵਾਇਰਸ ਖਿਲਾਫ਼ ਲੜਾਈ ਦੌਰਾਨ ਬਹੁਤ ਹੀ ਚਿੰਤਾ ਦਾ ਵਿਸ਼ਾ ਹੈ। 

ਸਿੱਧੂ ਜੋ ਕਿ ਸਿਹਤ ਵਿਭਾਗ ਵਲੋਂ ਕੋਵਿਡ-19 ਦੀ ਸਥਿਤੀ ਸਬੰਧੀ ਜਲੰਧਰ ਵਿਖੇ ਜਾਇਜ਼ਾ ਲੈ ਰਹੇ ਸਨ ਨੇ ਕਿਹਾ ਕਿ ਸੂਬਾ ਸਰਕਾਰ ਵਲੋਂ ਕੋਰੋਨਾ ਵਾਇਰਸ ਮਹਾਂਮਾਰੀ ਨੂੰ ਫੈਲਣ ਤੋਂ ਰੋਕਣ ਲਈ 24 ਘੰਟੇ ਅਣਥੱਥ ਯਤਨ ਕੀਤੇ ਜਾ ਰਹੇ ਹਨ ਅਤੇ ਸਾਨੂੰ ਸਭ ਨੂੰ ਕੋਵਿਡ-19 ਬਿਮਾਰੀ ਸਬੰਧੀ ਕੋਈ ਵੀ ਲੱਛਣ ਦਿਖਾਈ ਦੇਣ ‘ਤੇ ਤੁਰੰਤ ਸਿਹਤ ਵਿਭਾਗ ਦੀ ਟੀਮ ਨਾਲ ਸੰਪਰਕ ਕਰਨਾ ਚਾਹੀਦਾ ਹੈ।

ਉਹਨਾਂ ਕਿਹਾ ਕਿ ਜੇ ਕਿਸੇ ਨੂੰ ਬੁਖ਼ਾਰ ਜਾਂ ਬਿਮਾਰੀ ਸਬੰਧੀ ਹੋਰ ਕੋਈ ਲੱਛਣ ਦਿਖਾਈ ਦਿੰਦੇ ਹਨ ਤਾਂ ਉਹਨਾਂ ਨੂੰ ਤੁਰੰਤ ਕੋਵਿਡ ਦਾ ਟੈਸਟ ਕਰਵਾਉਣਾ ਚਾਹੀਦਾ ਹੈ ਤਾਂ ਜੋ ਕੋਵਿਡ ਅਤੇ ਹੋਰ ਦੂਸਰੀਆਂ ਬਿਮਾਰੀਆਂ ਤੋਂ ਪ੍ਰਭਾਵਿਤ ਵਿਅਕਤੀਆਂ ਦਾ ਜਲਦ ਤੋਂ ਜਲਦ ਇਲਾਜ ਸ਼ੁਰੂ ਕੀਤਾ ਜਾ ਸਕੇ। ਸਿੱਧੂ ਨੇ ਕਿਹਾ ਕਿ ਹਰ ਇਕ ਨੂੰ ਕੋਵਿਡ-19 ਮਹਾਂਮਾਰੀ ਪ੍ਰਤੀ ਪੂਰੀ ਤਰਾਂ ਚੌਕਸ ਰਹਿ ਕੇ ਮਹੱਤਵਪੂਰਨ ਭੂਮਿਕਾ ਨਿਭਾਉਣੀ ਹੋਵੇਗੀ ,ਜੋ ਕਿ ਕੋਵਿਡ-19 ਮਹਾਂਮਾਰੀ ਤੋਂ ਸੁਰੱਖਿਆ ਵਿੱਚ ਸਹਾਈ ਹੋਵੇਗੀ ਕਿਉਂਕਿ ਕੋਵਿਡ ਪ੍ਰਤੀ ਜਾਗਰੂਕਤਾ ਹੀ ਇਸ ਬਿਮਾਰੀ ਨੂੰ ਦੂਰ ਰੱਖ ਸਕਦੀ ਹੈ।

ਸਿਹਤ ਅਮਲੇ ਨੂੰ ਆਪਣਾ ਪਰਿਵਾਰ ਦਸਦਿਆਂ ਸਿੱਧੂ ਨੇ ਕੋਵਿਡ-19 ਮਹਾਂਮਾਰੀ ਦੌਰਾਨ ਉਹਨਾਂ ਵਲੋਂ ਪਾਏ ਜਾ ਰਹੇ ਯੋਗਦਾਨ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਉਹਨਾਂ ਵਲੋਂ ਕੋਰੋਨਾ ਵਾਇਰਸ ਮਹਾਂਮਾਰੀ ਦੌਰਾਨ ਸ਼ਲਾਘਾਯੋਗ ਯਤਨ ਕੀਤੇ ਜਾ ਰਹੇ ਹਨ। ਉਹਨਾਂ ਦੱਸਿਆ ਕਿ ਕੋਰੋਨਾ ਵਾਇਰਸ ਖਿਲਾਫ਼ ਡਾਕਟਰਾਂ, ਮੈਡੀਕਲ ਅਮਲੇ ਅਤੇ ਹੋਰਨਾਂ ਵਲੋਂ ਮਨੁੱਖਤਾ ਦੀ ਭਲਾਈ ਲਈ ਨਿਭਾਈਆਂ ਜਾ ਰਹੀਆਂ ਸ਼ਾਨਦਾਰ ਸੇਵਾਵਾਂ ਨੂੰ ਇਤਿਹਾਸ ਵਿੱਚ ਹਮੇਸ਼ਾ ਯਾਦ ਰੱਖਿਆ ਜਾਵੇਗਾ।

ਸਿੱਧੂ ਨੇ ਕਿਹਾ ਕਿ ਬਿਨਾਂ ਵਰਦੀ ਦੇ ਇਹਨਾਂ ਸੈਨਿਕਾਂ ਵਲੋਂ ਕੀਤੀ ਗਈ ਸਖ਼ਤ ਮਿਹਨਤ ਦੂਸਰਿਆਂ ਲਈ ਆਪਣੀ ਡਿਊਟੀ ਨੂੰ ਪੂਰੀ ਸਮਰੱਥਾ ਅਤੇ ਜਿੰਮੇਵਾਰੀ ਨਾਲ ਨਿਭਾਉਣ ਲਈ ਪ੍ਰੇਰਣਾ ਦਾਇਕ ਸਿੱਧ ਹੋਵੇਗੀ। ਉਹਨਾਂ ਕਿਹਾ ਕਿ ਸਮੁੱਚੀ ਮਾਨਵਤਾ ਇਹਨਾਂ ਬਹਾਦਰ ਕੋਰੋਨਾ ਯੋਧਿਆਂ ਅਗੇ ਨਤਮਸਤਕ ਹੈ ਜੋ ਮਨੁੱਖੀ ਹੋਂਦ ਨੂੰ ਬਚਾਉਣ ਲਈ ਦਿਨ ਰਾਤ ਅਣਥੱਕ ਯਤਨ ਕਰ ਰਹੇ ਹਨ। ਇਸ ਮੌਕੇ ਸਿੱਧੂ ਵਲੋਂ ਸਿਹਤ ਟੀਮਾਂ ਵਲੋਂ ਪੂਰੇ ਜ਼ੋਰਾਂ ਨਾਲ ਕੀਤੇ ਜਾ ਰਹੇ ਟੈਸਟਾਂ ‘ਤੇ ਤਸ਼ੱਲੀ ਦਾ ਪ੍ਰਗਟਾਵਾ ਕੀਤਾ ਗਿਆ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਜਸਬੀਰ ਸਿਘ, ਉਪ ਮੰਡਲ ਮੈਜਿਸਟਰੇਟ ਰਾਹੁਲ ਸਿੰਧੂ, ਮੈਡੀਕਲ ਸੁਪਰਡੰਟ ਮਨਦੀਪ ਕੌਰ, ਐਸ.ਐਮ.ਓ.ਕਸ਼ਮੀਰੀ ਲਾਲ, ਡਾ.ਪਰਮਜੀਤ ਸਿੰਘ ਅਤੇ ਹੋਰ ਵੀ ਹਾਜ਼ਰ ਸਨ।