ਬਿਜਲੀ ਚੋਰੀ ਨੂੰ ਲੈ ਕੇ ਸਰਕਾਰ ਸਖ਼ਤ, 296 ਮਾਮਲੇ ਦਰਜ, 38 ਕਰਮਚਾਰੀ ਬਰਖਾਸਤ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਬਿਜਲੀ ਚੋਰੀ ਰੋਕਣ ਲਈ ਲਗਤਾਰ ਸਖ਼ਤ ਕਦਮ ਚੁੱਕੇ ਜਾ ਰਹੇ ਹਨ- ਮੰਤਰੀ ਹਰਭਜਨ ਸਿੰਘ ਈ.ਟੀ.ਓ.

The government is strict about electricity theft, 296 cases have been registered, 38 employees have been dismissed

ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਬਿਜਲੀ ਚੋਰੀ ਵਿਰੁੱਧ ਆਪਣੀ ਮੁਹਿੰਮ ਤੇਜ਼ ਕਰਦਿਆਂ ਸਿਰਫ ਅਗਸਤ ਮਹੀਨੇ ਦੌਰਾਨ ਸੂਬੇ ਭਰ ਦੇ ਐਂਟੀ ਪਾਵਰ ਥੈਫਟ ਥਾਣਿਆਂ ਵਿੱਚ 296 ਐਫ.ਆਈ.ਆਰ ਦਰਜ ਕੀਤੀਆਂ ਹਨ। ਇਸ ਤੋਂ ਇਲਾਵਾ 38 ਕਰਮਚਾਰੀਆਂ ਨੂੰ ਭ੍ਰਿਸ਼ਟ ਗਤੀਵਿਧੀਆਂ ਵਿੱਚ ਸ਼ਾਮਿਲ ਹੋਣ ਕਾਰਨ ਬਰਖਾਸਤ ਕੀਤਾ ਗਿਆ ਹੈ।

ਪੰਜਾਬ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨੇ ਅੱਜ ਇੱਥੇ ਜਾਰੀ ਪ੍ਰੈਸ ਬਿਆਨ ਵਿੱਚ ਇਹ ਖੁਲਾਸਾ ਕੀਤਾ। ਉਨ੍ਹਾਂ ਕਿਹਾ ਕਿ ਸੂਬੇ ਦੇ ਖਜਾਨੇ ਨੂੰ ਹੋ ਰਹੇ ਨੁਕਸਾਨ ਨੂੰ ਰੋਕਣ ਲਈ ਰਾਜ ਭਰ ਵਿੱਚ ਨਿਯਮਤ ਚੈਕਿੰਗਾਂ ਅਤੇ ਛਾਪੇਮਾਰੀ ਕੀਤੀ ਜਾ ਰਹੀ ਹੈ, ਜਿਸ ਤਹਿਤ ਪਟਿਆਲਾ ਜ਼ੋਨ ਵਿੱਚ 90, ਅੰਮ੍ਰਿਤਸਰ ਜ਼ੋਨ ਵਿੱਚ 79, ਬਠਿੰਡਾ ਜ਼ੋਨ ਵਿੱਚ 71, ਲੁਧਿਆਣਾ ਜ਼ੋਨ ਵਿੱਚ 29 ਅਤੇ ਜਲੰਧਰ ਜ਼ੋਨ ਵਿੱਚ 27 ਐਫ.ਆਈ.ਆਰ ਦਰਜ ਕੀਤੀਆਂ ਗਈਆਂ ਹਨ।

ਇਸ ਗੱਲ 'ਤੇ ਜ਼ੋਰ ਦਿੰਦੇ ਹੋਏ ਕਿ ਇਹ ਐਫ.ਆਈ.ਆਰ. ਪੰਜਾਬ ਸਰਕਾਰ ਦੀ ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ-ਟੌਲਰੈਂਸ ਨੀਤੀ ਤਹਿਤ ਦਰਜ ਕੀਤੀਆਂ ਗਈਆਂ ਹਨ, ਬਿਜਲੀ ਮੰਤਰੀ ਨੇ ਕਿਹਾ ਕਿ ਪਿਛਲੇ ਦੋ ਮਹੀਨਿਆਂ ਦੌਰਾਨ 37 ਆਊਟਸੋਰਸ ਮੀਟਰ ਰੀਡਰਾਂ ਅਤੇ ਇੱਕ ਸੁਪਰਵਾਈਜ਼ਰ ਨੂੰ ਭ੍ਰਿਸ਼ਟਾਚਾਰ ਦੇ ਦੋਸ਼ ਵਿੱਚ ਬਰਖਾਸਤ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਭ੍ਰਿਸ਼ਟਾਚਾਰ ਅਤੇ ਬਿਜਲੀ ਚੋਰੀ ਕਿਸੇ ਵੀ ਹਾਲਤ ਵਿੱਚ ਬਰਦਾਸ਼ਤ ਨਹੀਂ ਕੀਤੀ ਜਾਵੇਗੀ।

ਬਿਜਲੀ ਮੰਤਰੀ ਨੇ ਬਿਜਲੀ ਚੋਰੀ ਨਾਲ ਨਜਿੱਠਣ ਲਈ ਵਚਨਬੱਧਤਾ ਨੂੰ ਦੁਹਰਾਉਂਦਿਆਂ ਕਿਹਾ ਕਿ ਅਜਿਹੀਆਂ ਕਾਰਵਾਈਆਂ ਵਿਰੁੱਧ ਸਖ਼ਤ ਕਦਮ ਬੇਰੋਕ ਜਾਰੀ ਰਹਿਣਗੇ। ਉਨ੍ਹਾਂ ਬਿਜਲੀ ਚੋਰੀ ਕਰਨ ਵਾਲਿਆਂ ਨੂੰ ਸਖ਼ਤ ਚੇਤਾਵਨੀ ਦਿੱਤੀ ਕਿ ਉਹ ਆਪਣੀਆਂ ਗਤੀਵਿਧੀਆਂ ਬੰਦ ਕਰਕੇ ਆਪਣੇ ਬਿਜਲੀ ਕੁਨੈਕਸ਼ਨ ਨਿਯਮਤ ਕਰਵਾਉਣ। ਉਨ੍ਹਾਂ ਕਿਹਾ ਕਿ ਬਿਜਲੀ ਚੋਰੀ ਸੂਬੇ ਦੇ ਖਜਾਨੇ ਨੂੰ ਵੱਡਾ ਖੋਰਾ ਲਾਉਂਦੀ ਹੈ ਅਤੇ ਇਸ ਨੂੰ ਮੁਕੰਮਲ ਤੌਰ ‘ਤੇ ਖਤਮ ਕਰਨ ਲਈ ਬਿਜਲੀ ਵਿਭਾਗ ਦ੍ਰਿੜ ਸੰਕਲਪ ਹੈ।

ਇਥੇ ਜਿਕਰਯੋਗ ਹੈ ਕਿ ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨੇ ਪਹਿਲਾਂ ਹੀ ਬਿਜਲੀ ਵਿਭਾਗ ਦੇ ਅਧਿਕਾਰੀਆਂ ਨੂੰ ਸੂਬੇ ਭਰ ਵਿੱਚ ਵਿਆਪਕ ਪੱਧਰ 'ਤੇ ਵਿਸ਼ੇਸ਼ ਨਿਰੀਖਣ ਕਰਨ ਲਈ ਸਪੱਸ਼ਟ ਹਦਾਇਤਾਂ ਜਾਰੀ ਕੀਤੀਆਂ ਹੋਈਆਂ ਹਨ ਹਨ। ਇਹਨਾਂ ਨਿਰੀਖਣਾਂ ਦਾ ਉਦੇਸ਼ ਬਿਜਲੀ ਚੋਰੀ ਨੂੰ ਰੋਕਣਾ ਅਤੇ ਇਹਨਾਂ ਗੈਰ-ਕਾਨੂੰਨੀ ਗਤੀਵਿਧੀਆਂ ਕਾਰਨ ਹੋਏ ਮਾਲੀਏ ਦੇ ਨੁਕਸਾਨ ਦੀ ਭਰਪਾਈ ਕਰਨਾ।