ਪੰਜਾਬ ਸਰਕਾਰ ਨੂੰ ਅਣਗੌਲਿਆ ਕਰਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਲੋਕਤੰਤਰ ਨੂੰ ਮਾਰੀ ਸੱਟ : ਹਰਪਾਲ ਚੀਮਾ
ਹਰਪਾਲ ਚੀਮਾ ਨੇ 1600 ਕਰੋੜ ਰੁਪਏ ਦੇ ਰਾਹਤ ਪੈਕੇਜ ਨੂੰ ਦੱਸਿਆ ਤੁੱਛ
ਚੰਡੀਗੜ੍ਹ : ਪੰਜਾਬ ਸਰਕਾਰ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਫੇਰੀ ਨੂੰ ਲੈ ਕੇ ਕੇਂਦਰ ਸਰਕਾਰ ’ਤੇ ਸਿਆਸੀ ਨਿਸ਼ਾਨਾ ਸਾਧਿਆ ਹੈ। ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪੰਜਾਬ ਫੇਰੀ ਦੌਰਾਨ ਪੰਜਾਬ ਸਰਕਾਰ ਨੂੰ ਅਣਗੌਲਿਆ ਕਰਕੇ ਲੋਕਤੰਤਰ ਨੂੰ ਸੱਟ ਮਾਰੀ ਹੈ ਅਤੇ ਉਨ੍ਹਾਂ ਪੰਜਾਬ ਅਤੇ ਪੰਜਾਬੀਅਤ ਦਾ ਅਪਮਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਜਦੋਂ ਪੰਜਾਬ ਦੇ ਕੈਬਨਿਟ ਮੰਤਰੀ ਹਰਦੀਪ ਮੁੰਡੀਆਂ ਵੱਲੋਂ 1600 ਕਰੋੜ ਰੁਪਏ ਦੇ ਰਾਹਤ ਪੈਕੇਜ ਨੂੰ ਬਹੁਤ ਘੱਟ ਦੱਸਿਆ ਗਿਆ ਤਾਂ ਉਨ੍ਹਾਂ ਕਿਹਾ ਕਿ ਤੁਹਾਨੂੰ ਹਿੰਦੀ ਸਮਝ ਨਹੀਂ ਆਉਂਦੀ। ਇਨ੍ਹਾਂ ਸ਼ਬਦਾਂ ਨਾਲ ਪ੍ਰਧਾਨ ਮੰਤਰੀ ਨੇ ਮਾਂ ਬੋਲੀ ਪੰਜਾਬੀ ਨੂੰ ਵੀ ਅਪਮਾਨਿਤ ਕੀਤਾ ਹੈ। ਇਸ ਤੋਂ ਸਪਸ਼ਟ ਹੁੰਦਾ ਹੈ ਕਿ ਪ੍ਰਧਾਨ ਮੰਤਰੀ ਦੇ ਦਿਲ ਵਿੱਚੋਂ ਪੰਜਾਬ ਪ੍ਰਤੀ ਹਾਲੇ ਨਫਰਤ ਖਤਮ ਨਹੀਂ ਹੋਈ ਹੈ। ਉਹ ਕਿਸਾਨ ਅੰਦੋਲਨ ਦੇ ਵਿਰੋਧ ਦਾ ਬਦਲਾ ਪੰਜਾਬ ਤੋਂ ਲੈ ਰਹੇ ਹਨ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੰਜਾਬ ਪ੍ਰਤੀ ਆਪਣੇ ਦਿਲ ਵਿੱਚੋਂ ਨਫਰਤ ਕੱਢਣ ਲਈ ਚਿੰਤਨ ਕਰਨ ਦੀ ਲੋੜ ਹੈ।
ਚੀਮਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਹੜ੍ਹਾਂ ਕਰਕੇ ਹੋਏ ਨੁਕਸਾਨ ਲਈ 20 ਹਜ਼ਾਰ ਕਰੋੜ ਰੁਪਏ ਦਾ ਰਾਹਤ ਪੈਕੇਜ ਫੌਰੀ ਜਾਰੀ ਕਰਨ ਦੀ ਮੰਗ ਕੀਤੀ ਗਈ ਸੀ ਜਦੋਂ ਕਿ ਪ੍ਰਧਾਨ ਮੰਤਰੀ ਵੱਲੋਂ ਸਿਰਫ 1600 ਕਰੋੜ ਰੁਪਏ ਦਿੱਤੇ ਗਏ ਹਨ। ਇਸ ਵਿੱਚ ਉਨ੍ਹਾਂ ਨੇ ਇਹ ਵੀ ਸਪਸ਼ਟ ਨਹੀਂ ਕੀਤਾ ਕਿ ਇਹ ਪੈਸੇ ਫਸਲਾਂ ਦੇ ਖਰਾਬੇ ਉੱਤੇ ਖਰਚ ਕੀਤੇ ਜਾਣਗੇ ਜਾਂ ਲੋਕਾਂ ਦੇ ਹੋਏ ਨੁਕਸਾਨ ਉੱਤੇ ਖਰਚ ਕੀਤੇ ਜਾਣਗੇ।
ਚੀਮਾ ਨੇ ਕਿਹਾ ਕਿ ਪ੍ਰਧਾਨ ਮੰਤਰੀ ਵੱਲੋਂ ਸੂਬੇ ਕੋਲ 12 ਹਜ਼ਾਰ ਕਰੋੜ ਰੁਪਏ ਪਏ ਹੋਣ ਦਾ ਦਾਅਵਾ ਕੀਤਾ ਜਾ ਰਿਹਾ ਹੈ ਜਦੋਂ ਕਿ ਇਸ ਦੀ ਵਰਤੋਂ ਕਰਨ ’ਤੇ ਸੂਬਾ ਸਰਕਾਰ ਨੂੰ ਅਗਲੇ ਸਾਲ ਵੱਖਰੇ ਤੌਰ ’ਤੇ ਵਿਆਜ ਦਾ ਭੁਗਤਾਨ ਕਰਨਾ ਪਵੇਗਾ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਪ੍ਰਧਾਨ ਮੰਤਰੀ ਆਵਾਸ ਯੋਜਨਾ ਅਧੀਨ ਲੋਕਾਂ ਨੂੰ ਮਕਾਨ ਦੇਣ ਦੇ ਦਾਅਵੇ ਤਾਂ ਕੀਤੇ ਜਾ ਰਹੇ ਹਨ ਪਰ ਉਸ ਦੇ ਨਿਯਮ ਅਤੇ ਕਾਨੂੰਨ ਬਹੁਤ ਮੁਸ਼ਕਲ ਹਨ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਆਵਾਸ ਯੋਜਨਾ ਦਾ ਪੋਰਟਲ ਕਈ ਕਈ ਮਹੀਨੇ ਖੁੱਲ੍ਹਦਾ ਹੀ ਨਹੀਂ ਹੈ ਜਿਸ ਕਰਕੇ ਲੋਕਾਂ ਨੂੰ ਬਣਦਾ ਲਾਭ ਨਹੀਂ ਮਿਲ ਪਾਉਂਦਾ।