CM ਭਗਵੰਤ ਸਿੰਘ ਮਾਨ ਨੇ CJI ਗਵਈ ਨੂੰ ਜੁੱਤੀ ਮਾਰਨ ਦੀ ਕੋਸ਼ਿਸ਼ ਦੀ ਕੀਤੀ ਸਖ਼ਤ ਆਲੋਚਨਾ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਭਾਜਪਾ ਦੀ ਦਲਿਤ ਵਿਰੋਧੀ ਮਾਨਸਿਕਤਾ ਦਾ ਨਤੀਜਾ ਦੱਸਿਆ

CM Bhagwant Singh Mann strongly criticizes attempt to pelt shoes on CJI Gavai

ਚੰਡੀਗੜ੍ਹ: ਭਾਰਤ ਦੇ ਚੀਫ ਜਸਟਿਸ 'ਤੇ ਜੁੱਤੀ ਸੁੱਟਣ ਦੀ ਕੋਸ਼ਿਸ਼ ਦੀ ਸਖ਼ਤ ਨਿੰਦਾ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਇਹ ਘਟੀਆ ਹਰਕਤ ਭਾਜਪਾ ਦੀ ਦਲਿਤ ਵਿਰੋਧੀ ਮਾਨਸਿਕਤਾ ਦਾ ਨਤੀਜਾ ਹੈ।

ਰਾਜ ਸਭਾ ਲਈ ਉੱਘੇ ਉਦਯੋਗਪਤੀ ਰਜਿੰਦਰ ਗੁਪਤਾ ਵੱਲੋਂ ਨਾਮਜ਼ਦਗੀ ਪੱਤਰ ਦਾਖਲ ਕਰਨ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਇਹ ਵੀ ਕਿਹਾ ਕਿ ਭਗਵਾਂ ਪਾਰਟੀ ਆਪਣੇ ਨਫਰਤ ਭਰੇ ਪ੍ਰਚਾਰ ਰਾਹੀਂ ਕਮਜ਼ੋਰ ਅਤੇ ਪਛੜੇ ਵਰਗਾਂ ਦੇ ਲੋਕਾਂ ਦੇ ਹਿੱਤਾਂ ਨੂੰ ਲਗਾਤਾਰ ਢਾਹ ਲਾਉਣ ਦੀ ਕੋਸ਼ਿਸ਼ ਕਰ ਰਹੀ ਹੈ।ਉਨ੍ਹਾਂ ਕਿਹਾ ਕਿ ਇਹ ਘਟਨਾ ਇਸ ਦਾ ਹੀ ਨਤੀਜਾ ਹੈ।  ਉਨ੍ਹਾਂ ਕਿਹਾ ਕਿ ਇਹ ਦੇਸ਼ ਦੀ ਨਿਆਂ ਪ੍ਰਣਾਲੀ ਅਤੇ ਇੱਥੋਂ ਤੱਕ ਕਿ ਦੇਸ਼ ਦੀ ਫਿਰਕੂ ਸਦਭਾਵਨਾ ਅਤੇ ਭਾਈਚਾਰੇ ਲਈ ਵੀ ਇੱਕ ਗੰਭੀਰ ਖ਼ਤਰਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਭਾਰਤ ਦੇ ਚੀਫ਼ ਜਸਟਿਸ ਸਖ਼ਤ ਮਿਹਨਤ ਅਤੇ ਸਮਰਪਿਤ ਭਾਵਨਾ ਨਾਲ ਆਪਣਾ ਕੰਮ ਕਰਦਿਆਂ ਇਸ ਅਹੁਦੇ 'ਤੇ ਪਹੁੰਚੇ ਹਨ ਅਤੇ ਅਜਿਹਾ ਘਿਨਾਉਣਾ ਕਾਰਾ ਸੱਚਮੁੱਚ ਨਿੰਦਣਯੋਗ ਹੈ।

ਮੁੱਖ ਮੰਤਰੀ ਨੇ ਅੱਜ ਕਿਹਾ ਕਿ ਸੂਬਾ ਸਰਕਾਰ ਤਿਉਹਾਰਾਂ ਦੇ ਸੀਜ਼ਨ ਦੇ ਮੱਦੇਨਜ਼ਰ ਕਾਨੂੰਨ ਵਿਵਸਥਾ ਦੀ ਸਥਿਤੀ 'ਤੇ ਸਖ਼ਤ ਨਜ਼ਰ ਰੱਖ ਰਹੀ ਹੈ ਅਤੇ ਕਿਸੇ ਨੂੰ ਵੀ ਸੂਬੇ ਦੀ ਸ਼ਾਂਤੀ ਅਤੇ ਸਦਭਾਵਨਾ ਭੰਗ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ।

ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਸਰਹੱਦੀ ਸੂਬਾ ਹੋਣ ਕਰਕੇ ਕਈ ਵਿਰੋਧੀ ਤਾਕਤਾਂ ਸੂਬੇ ਦੀ ਸ਼ਾਂਤੀ, ਤਰੱਕੀ ਅਤੇ ਖੁਸ਼ਹਾਲੀ ਅਤੇ ਆਮਨ-ਕਾਨੂੰਨ ਦੀ ਵਿਵਸਥਾ ਨੂੰ ਭੰਗ ਕਰਨ ਦੀ ਕੋਸ਼ਿਸ਼ ਵਿੱਚ ਰਹਿੰਦੀਆਂ ਹਨ। ਉਨ੍ਹਾਂ ਕਿਹਾ ਕਿ ਹਾਲਾਂਕਿ ਅਜਿਹੀਆਂ ਤਾਕਤਾਂ ਦੇ ਨਾਪਾਕ ਮਨਸੂਬਿਆਂ ਨੂੰ ਸਫ਼ਲ ਨਹੀਂ ਹੋਣ ਦਿੱਤਾ ਜਾਵੇਗਾ ਅਤੇ ਅਜਿਹੀ ਕਿਸੇ ਵੀ ਕਾਰਵਾਈ ਦਾ ਢੁਕਵਾਂ ਜਵਾਬ ਦਿੱਤਾ ਜਾਵੇਗਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਨੇ ਤਿਉਹਾਰਾਂ ਦੇ ਸੀਜ਼ਨ ਦੇ ਮੱਦੇਨਜ਼ਰ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਕੀਤੇ ਹਨ ਅਤੇ ਕਿਸੇ ਨੂੰ ਵੀ ਕਾਨੂੰਨ ਆਪਣੇ ਹੱਥਾਂ ਵਿੱਚ ਲੈਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ।

ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਪੁਲਿਸ ਸੂਬੇ ਦੇ ਲੋਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਪੱਬਾਂ ਭਾਰ ਹੈ ਅਤੇ ਕਿਸੇ ਨੂੰ ਵੀ ਕਾਨੂੰਨ ਵਿਵਸਥਾ ਨੂੰ ਭੰਗ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਭਾਵੇਂ ਸਮਾਜ ਵਿਰੋਧੀ ਅਨਸਰ ਹਮੇਸ਼ਾ ਸੂਬੇ ਵਿੱਚ ਗੜਬੜੀ ਪੈਦਾ ਕਰਨ ਦੀ ਕੋਸ਼ਿਸ਼ ਵਿੱਚ ਰਹਿੰਦੇ ਹਨ, ਪਰ ਪੰਜਾਬ ਪੁਲਿਸ ਉਨ੍ਹਾਂ ਨੂੰ ਮੂੰਹ ਤੋੜਵਾਂ ਜਵਾਬ ਦੇਣ ਲਈ ਪੂਰੀ ਤਰ੍ਹਾਂ ਸਮਰੱਥ ਹੈ। ਭਗਵੰਤ ਸਿੰਘ ਮਾਨ ਨੇ ਸਮੁੱਚੀ ਲੋਕਾਈ ਨੂੰ ਤਿਉਹਾਰਾਂ ਲਈ ਸ਼ੁਭਕਾਮਨਾਵਾਂ ਦਿੰਦਿਆਂ ਕਿਹਾ ਕਿ ਲੋਕ ਬਿਨਾਂ ਕਿਸੇ ਡਰ-ਭੈਅ ਦੇ ਸਾਰੇ ਤਿਉਹਾਰਾਂ ਨੂੰ ਪੂਰੇ ਰੀਤੀ-ਰਿਵਾਜ਼, ਧਾਰਮਿਕ ਭਾਵਨਾ ਅਤੇ ਉਤਸ਼ਾਹ ਨਾਲ ਮਨਾਉਣ।

ਤਿਉਹਾਰਾਂ ਦੇ ਸੀਜ਼ਨ ਦੌਰਾਨ ਖਾਣ-ਪੀਣ ਦੀਆਂ ਵਸਤਾਂ ਵਿੱਚ ਮਿਲਾਵਟਖੋਰੀ 'ਤੇ ਡੂੰਘੀ ਚਿੰਤਾ ਪ੍ਰਗਟ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੇ ਸਿਹਤ ਵਿਭਾਗ ਨੂੰ ਇਸ ਦੀ ਜਾਂਚ ਲਈ ਵਿਆਪਕ ਮੁਹਿੰਮ ਸ਼ੁਰੂ ਕਰਨ ਦੇ ਨਿਰਦੇਸ਼ ਦਿੱਤੇ ਹਨ। ਉਨ੍ਹਾਂ ਵਪਾਰੀਆਂ ਨੂੰ ਵੀ ਇਹ ਯਕੀਨੀ ਬਣਾਉਣ ਦੀ ਅਪੀਲ ਕੀਤੀ ਕਿ ਤਿਉਹਾਰਾਂ ਦੇ ਸੀਜ਼ਨ ਦੌਰਾਨ ਵੇਚੀਆਂ ਜਾਣ ਵਾਲੀਆਂ ਮਠਿਆਈਆਂ ਅਤੇ ਹੋਰ ਸਾਮਾਨ ਮਿਲਾਵਟ ਰਹਿਤ ਅਤੇ ਉੱਚ ਗੁਣਵੱਤਾ ਵਾਲਾ ਹੋਵੇ। ਤੰਦਰੁਸਤ ਸਿਹਤ ਦੀ ਮਹੱਤਤਾ 'ਤੇ ਜ਼ੋਰ ਦਿੰਦਿਆਂ ਭਗਵੰਤ ਸਿੰਘ ਮਾਨ ਨੇ ਜੈਵਿਕ ਉਤਪਾਦਾਂ ਨੂੰ ਅਪਨਾਉਣ ਦੀ ਲੋੜ ‘ਤੇ ਜ਼ੋਰ ਦਿੰਦਿਆਂ ਇਨ੍ਹਾਂ ਉਤਪਾਦਾਂ ਨੂੰ ਆਪਣੀ ਰੋਜ਼ਾਨਾ ਦੀ ਜ਼ਿੰਦਗੀ ਦਾ ਹਿੱਸਾ ਬਣਾਉਣ ਲਈ ਪ੍ਰੇਰਿਤ ਕੀਤਾ।

ਸਾਬਕਾ ਮੰਤਰੀ ਨਵਜੋਤ ਸਿੱਧੂ ਦੇ ਮੁੜ ਰਾਜਨੀਤੀ ਵਿੱਚ ਸਰਗਰਮ ਹੋਣ 'ਤੇ ਚੁਟਕੀ ਲੈਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਕੋਈ ਵੀ ਜਦੋਂ ਵੀ ਚਾਹੇ ਰਾਜਨੀਤੀ ਵਿੱਚ ਸ਼ਾਮਲ ਹੋਣ ਜਾਂ ਛੱਡਣ ਲਈ ਆਜ਼ਾਦ ਹੈ। ਉਨ੍ਹਾਂ ਕਿਹਾ ਕਿ ਇਹ ਖੁਸ਼ੀ ਦੀ ਗੱਲ ਹੈ ਕਿ ਸਿੱਧੂ ਨੇ ਆਪਣੇ ਹੋਰ ਰੁਝੇਵਿਆਂ ਤੋਂ ਲਾਂਭੇ ਹੋ ਕੇ ਇੱਕ ਵਾਰ ਫਿਰ ਪੰਜਾਬ ਨੂੰ ਯਾਦ ਕੀਤਾ ਹੈ। ਉਨ੍ਹਾਂ ਕਿਹਾ  ਕਿ ਸਾਬਕਾ ਕ੍ਰਿਕਟਰ (ਨਵਜੋਤ ਸਿੱਧੂ) ਤੋਂ ਕੁਝ ਵੀ ਨਵੇਂ ਅਤੇ ਚੰਗੇ ਦੀ ਉਮੀਦ ਨਹੀਂ ਕੀਤੀ ਜਾ ਸਕਦੀ ਕਿਉਂਕਿ ਉਨ੍ਹਾਂ ਨੇ ਆਪਣਾ ਪੁਰਾਣਾ ਏਜੰਡਾ ਦੁਹਰਾਉਣ ਤੋਂ ਇਲਾਵਾ ਹੋਰ ਕੁਝ ਨਹੀਂ ਕਰਨਾ। ਭਗਵੰਤ ਸਿੰਘ ਮਾਨ ਨੇ ਕ੍ਰਿਕਟਰ ਤੋਂ ਸਿਆਸਤਦਾਨ ਬਣੇ ਨਵਜੋਤ ਸਿੱਧੂ ਨੂੰ ਆਪਣਾ ਨਵਾਂ ਰਾਜਨੀਤਿਕ ਸਫ਼ਰ ਸ਼ੁਰੂ ਕਰਨ ਲਈ ਸ਼ੁਭਕਾਮਨਾਵਾਂ ਦਿੱਤੀਆਂ।

ਪੰਜਾਬ ਦੇ ਲੋਕਾਂ ਨੂੰ ਰੌਸ਼ਨੀਆਂ ਦੇ ਤਿਉਹਾਰ-ਦੀਵਾਲੀ ਦੌਰਾਨ ਸਾਵਧਾਨੀ ਵਰਤਣ ਦੀ ਅਪੀਲ ਕਰਦਿਆਂ ਮੁੱਖ ਮੰਤਰੀ ਨੇ ਸਾਰੇ ਨਾਗਰਿਕਾਂ ਨੂੰ ਸੁਰੱਖਿਅਤ ਅਤੇ ਵਾਤਾਵਰਣ ਅਨੁਕੂਲ "ਗ੍ਰੀਨ ਦੀਵਾਲੀ" ਮਨਾਉਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਇਸ ਤਿਉਹਾਰ 'ਤੇ ਅਕਸਰ ਪਟਾਕਿਆਂ ਕਾਰਨ ਅੱਖਾਂ ‘ਤੇ ਪ੍ਰਭਾਵ ਪੈਣ ਦੇ ਮਾਮਲੇ ਸਾਹਮਣੇ ਆਉਂਦੇ ਹਨ, ਇਸ ਲਈ ਲੋਕ ਇਸ ਪਵਿੱਤਰ ਤਿਉਹਾਰ ਨੂੰ ਮਨਾਉਂਦੇ ਸਮੇਂ ਆਪਣਾ ਵੱਧ ਤੋਂ ਵੱਧ ਬਚਾਅ ਰੱਖਣ। ਭਗਵੰਤ ਸਿੰਘ ਮਾਨ ਨੇ ਉਮੀਦ ਜਤਾਈ ਕਿ ਰੌਸ਼ਨੀਆਂ ਦਾ ਇਹ ਤਿਉਹਾਰ ਸੂਬੇ ਦੇ ਹਰ ਨਾਗਰਿਕ ਲਈ ਖੁਸ਼ਹਾਲੀ ਅਤੇ ਤਰੱਕੀ ਲੈ ਕੇ ਆਵੇਗਾ।

ਹੜ੍ਹਾਂ ਨੂੰ ਲੈ ਕੇ ਵਿਰੋਧੀ ਧਿਰ ਵੱਲੋਂ ਸਰਕਾਰ ਦੀ ਕੀਤੀ ਜਾ ਰਹੀ ਆਲੋਚਨਾ 'ਤੇ ਪ੍ਰਤੀਕਿਰਿਆ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਵਿਰੋਧੀ ਧਿਰ ਨਿਰਾਸ਼ਾ ਦੇ ਆਲਮ ਵਿੱਚ ਬੇਵਜ੍ਹਾ ਪੰਜਾਬ ਸਰਕਾਰ ਨੂੰ ਦੋਸ਼ੀ ਠਹਿਰਾ ਰਹੀ ਹੈ। ਉਨ੍ਹਾਂ ਕਿਹਾ ਕਿ ਹੜ੍ਹ ਇੱਕ ਕੁਦਰਤੀ ਆਫ਼ਤ ਹੈ ਅਤੇ ਇਹ ਸੂਬੇ ਵਿੱਚ ਪਹਿਲੀ ਵਾਰ ਨਹੀਂ ਆਈ ਹੈ। ਉਨ੍ਹਾਂ ਕਿਹਾ ਕਿ ਇਸ ਕੁਦਰਤੀ ਆਫ਼ਤ ਲਈ ਕਿਸੇ ਵੀ ਵਿਅਕਤੀ ਨੂੰ ਦੋਸ਼ੀ ਨਹੀਂ ਠਹਿਰਾਇਆ ਜਾ ਸਕਦਾ ਕਿਉਂਕਿ ਹਿਮਾਚਲ ਪ੍ਰਦੇਸ਼, ਉਤਰਾਖੰਡ ਅਤੇ ਹੋਰ ਰਾਜਾਂ ਵਿੱਚ ਵੀ ਇਸ ਆਫ਼ਤ ਨੇ ਵੱਡੀ ਤਬਾਹੀ ਮਚਾਈ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਮੁਲਾਂਕਣ (ਗਿਰਦਾਵਰੀ) ਦੀ ਪ੍ਰਕਿਰਿਆ ਜਾਰੀ ਹੈ ਅਤੇ ਮੁਆਵਜ਼ੇ ਦੇ ਚੈੱਕ ਜਲਦ ਵੰਡੇ ਜਾਣਗੇ।

ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਹੜ੍ਹਾਂ ਕਾਰਨ ਹੋਏ ਭਾਰੀ ਨੁਕਸਾਨ ਬਾਰੇ ਆਪਣੀ ਰਿਪੋਰਟ ਪਹਿਲਾਂ ਹੀ ਕੇਂਦਰ ਸਰਕਾਰ ਨੂੰ ਸੌਂਪ ਦਿੱਤੀ ਹੈ। ਉਨ੍ਹਾਂ ਕਿਹਾ ਕਿ ਗੇਂਦ ਹੁਣ ਕੇਂਦਰ ਦੇ ਪਾਲੇ ਵਿੱਚ ਹੈ ਅਤੇ ਮੋਦੀ ਸਰਕਾਰ ਨੂੰ ਹੜ੍ਹਾਂ ਨਾਲ ਝੰਬੇ ਸੂਬੇ ਨੂੰ ਮੁੜ ਲੀਹ 'ਤੇ ਲਿਆਉਣ ਲਈ ਖੁੱਲ੍ਹੇ ਦਿਲ ਨਾਲ ਫੰਡ ਜਾਰੀ ਕਰਨੇ ਚਾਹੀਦੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਆਪਣੇ ਪੱਧਰ 'ਤੇ ਹੜ੍ਹ ਪ੍ਰਭਾਵਿਤ ਜ਼ਿਲ੍ਹਿਆਂ ਵਿੱਚ ਜਲਦ ਤੋਂ ਜਲਦ ਆਮ ਵਰਗੇ ਹਾਲਾਤ ਬਹਾਲ ਕਰਨ ਲਈ ਹਰ ਸੰਭਵ ਯਤਨ ਕਰ ਰਹੀ ਹੈ।

ਮੁੱਖ ਮੰਤਰੀ ਨੇ ਪ੍ਰਸਿੱਧ ਪੰਜਾਬੀ ਗਾਇਕ ਰਾਜਵੀਰ ਜਵੰਦਾ ਦੀ ਬੇਵਕਤੀ ਮੌਤ 'ਤੇ ਡੂੰਘਾ ਦੁੱਖ ਪ੍ਰਗਟ ਕਰਦਿਆਂ ਇਸਨੂੰ ਪੰਜਾਬੀ ਸੰਗੀਤ ਇੰਡਸਟਰੀ ਲਈ ਕਦੇ ਨਾ ਪੂਰਾ ਹੋਣ ਵਾਲਾ ਘਾਟਾ ਦੱਸਿਆ। ਉਨ੍ਹਾਂ ਉੱਘੇ ਖਿਡਾਰੀ ਅਤੇ ਬਾਡੀ ਬਿਲਡਰ ਵਰਿੰਦਰ ਘੁੰਮਣ ਦੀ ਮੌਤ 'ਤੇ ਵੀ ਦੁੱਖ ਪ੍ਰਗਟ ਕੀਤਾ ਜਿਨ੍ਹਾਂ ਦਾ ਬੀਤੇ ਵੀਰਵਾਰ ਨੂੰ ਦੇਹਾਂਤ ਹੋ ਗਿਆ। ਭਗਵੰਤ ਸਿੰਘ ਮਾਨ ਨੇ ਦੋਵੇਂ ਨੌਜਵਾਨਾਂ ਦੀ ਮੌਤ ਨੂੰ ਮੰਦਭਾਗੀ ਘਟਨਾ ਅਤੇ ਸੂਬੇ ਲਈ ਵੱਡਾ ਘਾਟਾ ਦੱਸਿਆ।

ਇਸ ਮੌਕੇ ਕੈਬਨਿਟ ਮੰਤਰੀ ਅਮਨ ਅਰੋੜਾ ਅਤੇ ਸੰਜੀਵ ਅਰੋੜਾ, ਲੋਕ ਸਭਾ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਅਤੇ ਹੋਰ ਮੌਜੂਦ ਸਨ।